ਅੰਮ੍ਰਿਤਪਾਲ ਸਿੰਘ 'ਤੇ ਤੀਜੀ ਵਾਰ ਐਨਐੱਸਏ ਲਗਾਉਣ ਦੀ ਮੰਗ ਲੋਕਤੰਤਰੀ ਪ੍ਰਕਿਰਿਆ ਦਾ ਘਾਣ: ਪ੍ਰੋ. ਚੰਦੂਮਾਜਰਾ
ਚੰਡੀਗੜ੍ਹ, 23 ਜਨਵਰੀ 2026
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਉੱਤੇ ਪੰਜਾਬ ਸਰਕਾਰ ਵੱਲੋਂ ਤੀਜੀ ਵਾਰ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐੱਸਏ) ਲਗਾਉਣ ਦੀ ਮੰਗ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਖੁੱਲ੍ਹਾ ਘਾਣ ਕਰਾਰ ਦਿੱਤਾ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਐਨਐੱਸਏ ਦੇ ਬਹਾਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਬੰਦ ਰੱਖਣਾ ਸਿਰਫ਼ ਇੱਕ ਵਿਅਕਤੀ ਦੀ ਆਜ਼ਾਦੀ ’ਤੇ ਹੀ ਨਹੀਂ, ਸਗੋਂ ਖਡੂਰ ਸਾਹਿਬ ਹਲਕੇ ਦੇ ਲੱਖਾਂ ਲੋਕਾਂ ਦੀ ਲੋਕਤੰਤਰੀ ਆਵਾਜ਼ ਨੂੰ ਦਬਾਉਣ ਦੇ ਬਰਾਬਰ ਹੈ।
ਉਨ੍ਹਾਂ ਆਖਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਸੰਵਿਧਾਨਕ ਢੰਗ ਨਾਲ ਲੋਕਤੰਤਰਿਕ ਪ੍ਰਕਿਰਿਆ ਅਧੀਨ ਚੋਣ ਲੜੀ ਅਤੇ ਲੋਕਾਂ ਵੱਲੋਂ ਚੁਣੇ ਜਾਣ ਦੇ ਬਾਵਜੂਦ ਅਜੇ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਿਆ ਜਾਣਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੋਹਾਂ ਦੀ ਰੂਹ ਦੇ ਖ਼ਿਲਾਫ਼ ਹੈ।
ਪ੍ਰੋ. ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਤਾਨਾਸ਼ਾਹੀ ਸੋਚ ਤੋਂ ਬਾਹਰ ਆਵੇ ਅਤੇ ਲੋਕਤੰਤਰੀ ਮਰਿਆਦਾਵਾਂ ਦੀ ਪਾਲਣਾ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਉੱਤੇ ਲਗਾਇਆ ਗਿਆ ਐਨਐੱਸਏ ਰੱਦ ਕਰਵਾਏ।