ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਕੋਈ ਸਮਝੌਤਾ ਨਹੀਂ : ਬਾਪੂ ਤਰਸੇਮ ਸਿੰਘ
ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਅਰਸੇ ਬਾਅਦ ਮੁੜ ਕੱਢੀ ਗਈ ਖਾਲਸਾ ਵਹੀਰ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ 26 ਜਨਵਰੀ 2026
*ਕਪੂਰਥਲਾ: ਬੰਦੀ ਸਿੰਘਾਂ ਦੀ ਰਿਹਾਈ ਅਤੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਨਜ਼ਰਬੰਦ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਖਾਲਸਾ ਵਹੀਰ ਕੱਢੀ ਗਈ। ਇਸ ਵਹੀਰ ਵਿੱਚ ਵੱਡੀ ਗਿਣਤੀ ਵਿੱਚ ਸੰਤ-ਮਹਾਂਪੁਰਸ਼ਾਂ, ਪੰਥਕ ਜਥੇਬੰਦੀਆਂ ਅਤੇ ਸੰਗਤਾਂ ਨੇ ਭਰਪੂਰ ਸ਼ਮੂਲੀਅਤ ਕੀਤੀ।
ਵਹੀਰ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖੀ ਬਾਪੂ ਤਰਸੇਮ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਬਾਰੇ ਫਿਲਹਾਲ ਕੋਈ ਗੱਲਬਾਤ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਥਕ ਮਸਲਿਆਂ ’ਤੇ ਕੋਈ ਵੀ ਫੈਸਲਾ ਸੰਗਤ ਦੀ ਸਹਿਮਤੀ ਤੋਂ ਬਿਨਾਂ ਨਹੀਂ ਲਿਆ ਜਾਵੇਗਾ।
ਬਾਪੂ ਤਰਸੇਮ ਸਿੰਘ ਨੇ ਕੇਂਦਰ ਅਤੇ ਰਾਜ ਸਰਕਾਰਾਂ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਨੂੰ ਐਨਐਸਏ ਵਰਗੇ ਕਾਨੂੰਨ ਤਹਿਤ ਜੇਲ੍ਹ ਵਿੱਚ ਰੱਖਣਾ ਲੋਕਤੰਤਰਕ ਮੁੱਲਾਂ ਦੇ ਖਿਲਾਫ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਾਰਵਾਈ ਸਿੱਧੀ ਤੌਰ ’ਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ।
ਇਸ ਮੌਕੇ ਜੱਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਪੰਥ ਦੀ ਪੁਰਾਣੀ ਅਤੇ ਜਾਇਜ਼ ਮੰਗ ਹੈ, ਜਿਸਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦ ਤੱਕ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਤਦ ਤੱਕ ਖਾਲਸਾ ਵਹੀਰਾਂ ਅਤੇ ਹੋਰ ਸ਼ਾਂਤਮਈ ਅੰਦੋਲਨ ਜਾਰੀ ਰਹਿਣਗੇ।
ਉੱਥੇ ਹੀ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਇਹ ਖਾਲਸਾ ਵਹੀਰ ਪੰਥਕ ਚੇਤਨਾ ਦਾ ਪ੍ਰਤੀਕ ਹੈ ਅਤੇ ਇਸ ਰਾਹੀਂ ਸਰਕਾਰਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਸਿੱਖ ਕੌਮ ਆਪਣੇ ਹੱਕਾਂ ਲਈ ਇਕਜੁੱਟ ਹੈ।