ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ
ਅਸ਼ੋਕ ਵਰਮਾ
ਬਰਨਾਲਾ, 26 ਜਨਵਰੀ 2026 :ਭਾਰਤ ਦਾ 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਇੱਥੇ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਐੱਸ.ਐੱਸ.ਪੀ. ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ ਵੀ ਮੌਜੂਦ ਸਨ।
ਬਰਨਾਲਾ ਵਾਸੀਆਂ ਦੇ ਨਾਂ ਆਪਣੇ ਸੰਦੇਸ਼ ਵਿੱਚ ਡਿਪਟੀ ਸਪੀਕਰ ਸ੍ਰੀ ਰੌੜੀ ਨੇ ਸਮੂਹ ਪੰਜਾਬੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਤੇ ਆਜ਼ਾਦੀ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫ਼ੌਜੀ ਵੀਰਾਂ ਅਤੇ ਸ਼ਹੀਦਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ, ਜਿਸ ਵਿੱਚ ਅਗਨੀਵੀਰ ਵੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਦੇ ਖੇਤਰ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ ਜਿਸ ਤਹਿਤ ਸਾਰੇ ਪੰਜਾਬ ਵਾਸੀ ਆਪਣਾ ਇਲਾਜ ਕਰਵਾ ਸਕਣਗੇ । ਸਿੱਖਿਆ ਦੇ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਆਈ.ਟੀ.ਆਈਜ਼ ਵਿੱਚ ਸੀਟਾਂ ਵਧਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਸਦਕਾ 90 ਫੀਸਦੀ ਘਰਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੜਕਾਂ ਨੂੰ ਚੌੜਾ ਕਰਨ ਅਤੇ ਪੱਕਾ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਸਿਹਤ ਸਹੂਲਤਾਂ ਲਈ 14 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।
ਇਸ ਮੌਕੇ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਜਿਸ ਦੀ ਅਗਵਾਈ ਪਰੇਡ ਕਮਾਂਡਰ ਡੀ.ਐੱਸ.ਪੀ. ਸ੍ਰੀ ਸਤਵੀਰ ਸਿੰਘ ਬੈਂਸ ਨੇ ਕੀਤੀ। ਪਰੇਡ ਵਿੱਚ ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. (ਐੱਸ.ਡੀ. ਕਾਲਜ, ਐੱਲ.ਬੀ.ਐੱਸ. ਕਾਲਜ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ), ਸੇਕਰਡ ਹਾਰਟ ਸਕੂਲ ਅਤੇ ਪੁਲਿਸ ਬੈਂਡ ਦੀਆਂ ਟੁਕੜੀਆਂ ਸ਼ਾਮਲ ਹੋਈਆਂ। ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।
ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਬਾਬਾ ਗਾਂਧਾ ਸਿੰਘ ਸਕੂਲ, ਮਦਰ ਟੀਚਰ ਸਕੂਲ, ਟੰਡਨ ਇੰਟਰਨੈਸ਼ਨਲ ਸਕੂਲ ਅਤੇ ਪਵਨ ਸੇਵਾ ਸਮਿਤੀ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਿੱਤੀਆਂ। ਅਖੀਰ ਵਿੱਚ ਭੰਗੜਾ ਅਤੇ ਗਿੱਧੇ ਨੇ ਮਾਹੌਲ ਨੂੰ ਰੰਗਲਾ ਬਣਾ ਦਿੱਤਾ।
ਮੁੱਖ ਮਹਿਮਾਨ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਪਰੇਡ ਕਮਾਂਡਰਾਂ, ਸਕੂਲੀ ਬੱਚਿਆਂ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਰਾਸ਼ਟਰੀ ਗਾਣ ਨਾਲ ਸਮਾਗਮ ਦੀ ਸਮਾਪਤੀ ਹੋਈ।