ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼: ਅਦਿੱਤਿਆ ਡਚਲਵਾਲ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ
ਮਨਪ੍ਰੀਤ ਸਿੰਘ
ਰੂਪਨਗਰ, 28 ਜਨਵਰੀ:
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ, ਸਾਂਝ ਕੇਂਦਰ, ਆਮ ਆਦਮੀ ਕਲੀਨਿਕ ਸਮੇਤ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਪੱਧਰ ਉਤੇ ਦਫ਼ਤਰੀ ਕਾਰਜ ਲੰਬਿਤ ਨਾ ਰੱਖਿਆ ਜਾਵੇ ਅਤੇ ਦਫ਼ਤਰ ਵਿਖੇ ਰੋਜ਼ਾਨਾ ਸਮੇ ਉੱਤੇ ਪਹੁੰਚਿਆ ਜਾਵੇ।
ਉਨ੍ਹਾਂ ਕਿਹਾ ਕਿ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ 'ਚ ਆਉਣ ਵਾਲੇ ਲੋਕਾਂ ਨੂੰ ਪਹਿਲ ਦੇ ਆਧਾਰ ਉੱਤੇ ਸੁਣਿਆ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਤੌਰ 'ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਭਾਗ ਦੀ ਅਚਨਚੇਤ ਚੈਕਿੰਗ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ, ਇਸ ਲਈ ਹਰ ਪ੍ਰਕਾਰ ਦੇ ਦਸਤਾਵੇਜ਼, ਫਾਈਲਾਂ ਅਤੇ ਹੋਰ ਕੰਮਾਂ ਨੂੰ ਅੱਪਡੇਟ ਰੱਖਿਆ ਜਾਵੇ।
ਸ਼੍ਰੀ ਅਦਿੱਤਿਆ ਡਚਲਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੌਲਰੈਂਸ ਪਾਲਿਸੀ ਅਪਣਾਈ ਗਈ ਹੈ ਅਤੇ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪ੍ਰਕਾਰ ਦੇ ਭ੍ਰਿਸ਼ਟ ਤੌਰ ਤਰੀਕੇ ਅਪਣਾਉਂਦਾ ਹੈ ਤਾਂ ਉਸ ਉਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਕਰਨ ਲਈ ਵਚਨਬੱਧ ਹੈ ਇਸ ਲਈ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉੱਤੇ ਪਹੁੰਚਾਉਣਾ ਯਕੀਨੀ ਕੀਤਾ ਜਾਵੇ।