ਤਰਨਤਾਰਨ: ਨੌਜਵਾਨ ਨੂੰ ਦਿਨ-ਦਿਹਾੜੇ ਮਾਰੀ ਗੋਲੀ
ਬਲਜੀਤ ਸਿੰਘ
ਨਾਗੋਕੇ/ਪੱਟੀ , 3 ਫਰਵਰੀ 2026- ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨਾਗੋਕੇ ਵਿੱਚ ਅੱਜ ਦਿਨ-ਦਿਹਾੜੇ ਗੋਲੀ ਚੱਲਣ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ।
ਨੌਜਵਾਨ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ 'ਤੇ ਜਾਣ ਲਈ ਤਿਆਰ ਹੋ ਕੇ ਗਲੀ ਵਿੱਚ ਖੜ੍ਹਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ, ਪਿੰਡ ਦੇ ਹੀ ਇੱਕ ਨੌਜਵਾਨ ਨੇ ਆ ਕੇ ਸਿਮਰਨਜੀਤ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪਰਿਵਾਰ ਦਾ ਪੱਖ ਅਤੇ ਪੁਲਿਸ ਕਾਰਵਾਈ
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਪੁਰਾਣੀ ਦੁਸ਼ਮਣੀ ਜਾਂ ਵੈਰ-ਵਿਰੋਧ ਨਹੀਂ ਸੀ। ਇਸ ਅਚਾਨਕ ਹੋਏ ਹਮਲੇ ਕਾਰਨ ਪਰਿਵਾਰ ਸਦਮੇ ਵਿੱਚ ਹੈ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਵੈਰੋਵਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰ ਦੀ ਭਾਲ ਵਿੱਚ ਛਾਪੇਮਾਰੀ ਜਾਰੀ ਹੈ।