ਨਸ਼ਿਆਂ ਵਿਰੁੱਧ ਜੰਗ: ਗਵਰਨਰ ਕਟਾਰੀਆ ਕਰਨਗੇ ਸਰਹੱਦੀ ਜ਼ਿਲ੍ਹਿਆਂ 'ਚ ਪੈਦਲ ਯਾਤਰਾ
Ravi Jakhu
ਚੰਡੀਗੜ੍ਹ, 4 ਫਰਵਰੀ 2026- ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਖ਼ਤਰੇ ਨੂੰ ਨੱਥ ਪਾਉਣ ਲਈ ਗਵਰਨਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇੱਕ ਵੱਡੀ ਪਹਿਲ ਕੀਤੀ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਤਰੇ ਨੂੰ ਦੂਰ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਭਾਰਤੀ ਰੈੱਡ ਕਰਾਸ ਸੋਸਾਇਟੀ (ਪੰਜਾਬ ਰਾਜ ਸ਼ਾਖਾ) ਵੱਲੋਂ ਪੰਜਾਬ ਦੇ ਤਿੰਨ ਪ੍ਰਮੁੱਖ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ ਦਿਨਾਂ ਦੀ ਜਾਗਰੂਕਤਾ ਪੈਦਲ ਯਾਤਰਾ ਕੱਢੀ ਜਾਵੇਗੀ। ਇਹ ਯਾਤਰਾ ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਕੱਢੀ ਜਾਵੇਗੀ। ਇਹ ਜਾਗਰੂਕਤਾ ਯਾਤਰਾ 9 ਫਰਵਰੀ ਤੋਂ 12 ਫਰਵਰੀ 2026 ਤੱਕ ਚੱਲੇਗੀ।
ਗਵਰਨਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਖ਼ੁਦ ਨਿੱਜੀ ਰੂਪ ਵਿੱਚ ਇਸ ਪੈਦਲ ਯਾਤਰਾ ਦੀ ਅਗਵਾਈ ਕਰਨ ਦਾ ਫੈਸਲਾ ਕੀਤਾ ਹੈ। ਗਵਰਨਰ ਨੇ ਆਪਣੇ ਪੱਤਰ ਵਿੱਚ ਜ਼ਿਕਰ ਕੀਤਾ ਹੈ ਕਿ ਉਨ੍ਹਾਂ ਨੇ ਇਸ ਮੁੱਦੇ 'ਤੇ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਯੂਨੀਵਰਸਿਟੀਆਂ ਦੇ ਵੀ.ਸੀਜ਼ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਹੈ।
ਉਨ੍ਹਾਂ ਦਾ ਮੰਨਣਾ ਹੈ ਕਿ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਨੇ ਸਪੀਕਰ ਸੰਧਵਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਇੱਕ ਦਿਨ ਇਸ ਯਾਤਰਾ ਦਾ ਹਿੱਸਾ ਜ਼ਰੂਰ ਬਣਨ।