ਹੋਲਾ ਮਹੱਲਾ: ਸਤਲੁਜ ਦਰਿਆ ਅਤੇ ਨਹਿਰਾਂ 'ਚ ਨਹਾਉਣ 'ਤੇ ਪੂਰਨ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਸਖ਼ਤ ਹੁਕਮ; ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕਿਆ ਕਦਮ
ਰੂਪਨਗਰ: 10 ਫਰਵਰੀ 2026: ਹੋਲਾ ਮਹੱਲਾ ਦੇ ਇਤਿਹਾਸਕ ਤਿਉਹਾਰ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦੇ ਸਤਲੁਜ ਦਰਿਆ, ਨਦੀਆਂ ਅਤੇ ਨਹਿਰਾਂ ਵਿੱਚ ਨਹਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਇਹ ਹੁਕਮ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ। ਇਹ ਪਾਬੰਦੀ 27 ਫਰਵਰੀ 2026 ਤੋਂ 04 ਮਾਰਚ 2026 ਤੱਕ ਲਾਗੂ ਰਹੇਗੀ।
ਹੋਲਾ ਮਹੱਲਾ ਦੌਰਾਨ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ। ਅਕਸਰ ਸ਼ਰਧਾਲੂ ਦਰਿਆਵਾਂ ਜਾਂ ਨਹਿਰਾਂ ਵਿੱਚ ਨਹਾਉਣਾ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਡੁੱਬਣ ਵਰਗੀ ਮੰਦਭਾਗੀ ਘਟਨਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਸਮਝੀ ਗਈ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦੇ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਤਾਂ ਜੋ ਤਿਉਹਾਰ ਨੂੰ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।