ਪੰਜਾਬ 'ਚ ਬਾਗਬਾਨੀ ਨਾਲ ਬਦਲੇਗੀ ਕਿਸਾਨਾਂ ਦੀ ਤਕਦੀਰ; ਮੰਤਰੀ ਮੋਹਿੰਦਰ ਭਗਤ ਨੇ ਦਿੱਤਾ ਭਰੋਸਾ
ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ
ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਹਨਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 20 ਫ਼ਰਵਰੀ:
ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗ਼ਬਾਨੀ ਨੂੰ ਲਾਭਕਾਰੀ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਪੱਧਰ ‘ਤੇ ਸੰਪੂਰਨ ਸਹਿਯੋਗ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਬੀਜ ਸਮੱਗਰੀ, ਤਕਨੀਕੀ ਸਲਾਹ, ਆਧੁਨਿਕ ਖੇਤੀ ਦੇ ਤਰੀਕੇ ਅਤੇ ਮਜ਼ਬੂਤ ਮਾਰਕੀਟ ਲਿੰਕੇਜ ਉਪਲਬਧ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਬਾਗ਼ਬਾਨੀ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਹਰ ਪੱਧਰ ਤੇ ਸੰਪੂਰਨ ਸਹਿਯੋਗ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਤੋਂ ਬਾਹਰ ਵੱਧ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫਸਲਾਂ ਕਿਸਾਨਾਂ ਲਈ ਵੱਧ ਲਾਭਦਾਇਕ ਸਾਬਤ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪੋਸਟ-ਹਾਰਵੇਸਟ ਮੈਨੇਜਮੈਂਟ, ਕੋਲਡ ਚੇਨ, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਵਧੀਆ ਮੁੱਲ ਮਿਲ ਸਕੇ।
ਮੰਤਰੀ ਨੇ ਕਿਹਾ ਕਿ ਫਸਲਾਂ ਦੀ ਵਿਭਿੰਨਤਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ, ਸਗੋਂ ਮਿੱਟੀ ਦੀ ਸਿਹਤ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾ ਕਿਹਾ ਕਿ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਕੇ ਸੂਬੇ ਨੂੰ ਖੇਤੀਬਾੜੀ ਵਿੱਚ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਯਤਨ ਜਾਰੀ ਰਹਿਣਗੇ।