ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਹਰਸਿਮਰਤ ਵੱਲੋਂ ਵੱਖ-ਵੱਖ ਵਾਰਡਾਂ ਦਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 26 ਫਰਵਰੀ 2026 : ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਬਠਿੰਡਾ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੰਗਠਨ ਨੂੰ ਜਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਸ਼ਹਿਰ ਦੇ ਲਗਭਗ 15 ਵਾਰਡਾਂ ਵਿੱਚ ਨੁੱਕੜ ਸਭਾਵਾਂ ਨੂੰ ਸੰਬੋਧਨ ਕੀਤਾ। ਹਰਸਿਮਰਤ ਕੌਰ ਬਾਦਲ ਨੇ ਸ਼ਹਿਰ ਦੇ ਵੱਖ-ਵੱਖ ਸੀਨੀਅਰ ਆਗੂਆਂ ਦੇ ਘਰਾਂ ‘ਤੇ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਸਿਆਸੀ ਹਾਲਾਤਾਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਹੁਣ ਤੋਂ ਹੀ ਜੁੱਟ ਜਾਣ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਈਆਂ ਜਾਣ।
ਨੁੱਕੜ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਗੰਭੀਰ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਬੋਲਬਾਲਾ ਹੈ। ਆਮ ਨਾਗਰਿਕ ਤੋਂ ਲੈ ਕੇ ਵਪਾਰੀ ਵਰਗ ਤੱਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਰਾਜ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਕਮਜ਼ੋਰ ਕਰ ਦਿੱਤਾ ਹੈ, ਜਿਸ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਨਸ਼ਾ ਤਸਕਰ ਆਪਸ ਵਿੱਚ ਇਲਾਕਾਬੰਦੀ ਨੂੰ ਲੈ ਕੇ ਲੜ ਰਹੇ ਹਨ, ਜਿਸ ਨਾਲ ਆਮ ਨਾਗਰਿਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਵੀ ਹਾਜ਼ਰ ਸਨ। ਸ੍ਰੀ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਆਉਂਦੇ ਦਿਨੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਸ਼ਹਿਰ ਵਿੱਚ ਹੋਰ ਵੀ ਵੱਖ-ਵੱਖ ਮੀਟਿੰਗਾਂ ਕੀਤੀਆਂ ਜਾਣਗੀਆਂ।
Click to Follow Babushahi Facebook page →