ਸਿਵਲ ਸਰਜਨ ਬਠਿੰਡਾ ਵੱਲੋਂ ਅਨੀਮੀਆ ਸਬੰਧੀ ਜਾਗਰੂਕ ਕਰਨ ਦੀਆਂ ਹਦਾਇਤਾਂ
ਅਸ਼ੋਕ ਵਰਮਾ
ਬਠਿੰਡਾ, 27 ਫਰਵਰੀ 2026 : ਬਠਿੰਡਾ ਜਿਲ੍ਹੇ ਵਿੱਚ ਕਿਸੇ ਵੀ ਗਰਭਵਤੀ ਔਰਤ ਨੂੰ ਖੂਨ ਦੀ ਕਮੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ ਨੂੰ ਲੈ ਕੇ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਵੱਲੋਂ ਸੀ.ਐਚ.ਓਜ ਨਾਲ ਮੀਟਿੰਗ ਕੀਤੀ ਗਈ ਅਤੇ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ । ਅਨੀਮੀਆ ਬਾਰੇ ਜਾਣਕਾਰੀ ਦਿੰਦਿਆ ਡਾ ਤਪਿੰਦਰਜੋਤ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਪਿੰਡ ਪੱਧਰ ਤੇ ਲੋਕਾਂ ਨੂੰ ਅਨੀਮੀਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਅਨੀਮੀਆ, ਜਿਸਨੂੰ ਆਮ ਤੌਰ ’ਤੇ ਖੂਨ ਦੀ ਕਮੀ ਕਿਹਾ ਜਾਂਦਾ ਹੈ, ਇੱਕ ਗੰਭੀਰ ਸਿਹਤ ਸਮੱਸਿਆ ਹੈ ਜੋ ਪੰਜਾਬ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ।
ਵਿਸ਼ਵ ਸਿਹਤ ਸੰਸਥਾ ਦੇ ਅਨੁਸਾਰ, ਭਾਰਤ ਵਿੱਚ ਗਰਭਵਤੀ ਮਹਿਲਾਵਾਂ ਅਤੇ ਕਿਸ਼ੋਰੀਆਂ ਵਿੱਚ ਅਨੀਮੀਆ ਦੇ ਮਾਮਲੇ ਸਭ ਤੋਂ ਵੱਧ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਅਨੀਮਿਕ ਗਰਭਵਤੀਆਂ ਦੀ ਵਿਸ਼ੇਸ਼ ਜਾਂਚ ਲਈ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਜੱਚਾ ਬੱਚਾ ਹਸਪਤਾਲ, ਕਮਿਊਨਟੀ ਹੈਲਥ ਸੈਂਟਰ ਅਤੇ ਅਰਬਨ ਹੈਲਥ ਸੈਂਟਰਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮੁਹਿੰਮ ਤਹਿਤ ਵਿਸ਼ੇਸ਼ ਕੈਂਪਾ ਦਾ ਆਯੋਜਨ ਕੀਤਾ ਜਾਂਦਾ ਹੈ । ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਇਸ ਬਿਮਾਰੀ ਕਾਰਨ ਸਰੀਰ ਵਿੱਚ ਆਕਸੀਜਨ ਦੀ ਪਹੁੰਚ ਘੱਟ ਹੋ ਜਾਂਦੀ ਹੈ, ਜਿਸ ਨਾਲ ਥਕਾਵਟ, ਕਮਜ਼ੋਰੀ, ਪੜ੍ਹਾਈ ਜਾਂ ਕੰਮ ਵਿੱਚ ਰੁਚੀ ਦੀ ਘਾਟ ਅਤੇ ਗੰਭੀਰ ਮਾਮਲਿਆਂ ਵਿੱਚ ਮਾਤਾ ਤੇ ਬੱਚੇ ਦੀ ਜਾਨ ਨੂੰ ਵੀ ਖਤਰਾ ਪੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਅਨੀਮੀਆ ਤੋਂ ਬਚਾਅ ਲਈ ਖੁਰਾਕ ਵਿੱਚ ਹਰੇ ਪੱਤੇਦਾਰ ਸਬਜ਼ੀਆਂ, ਦਾਲਾਂ, ਫਲ, ਸੁੱਕੇ ਮੇਵੇ ਅਤੇ ਲੋਹੇ ਨਾਲ ਭਰਪੂਰ ਖੁਰਾਕ ਸ਼ਾਮਲ ਕਰਨੀ ਚਾਹੀਦੀ ਹੈ। ਨਾਲ ਹੀ ਗਰਭਵਤੀ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਸਿਹਤ ਕੇਂਦਰਾਂ ਵੱਲੋਂ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸਿਹਤ ਕੇਂਦਰਾਂ ਤੋਂ ਨਿਯਮਿਤ ਸਿਹਤ ਜਾਂਚ ਕਰਵਾਉਣ, ਅਤੇ ਬੱਚਿਆਂ, ਮਹਿਲਾਵਾਂ ਤੇ ਕਿਸ਼ੋਰਿਆਂ ਨੂੰ ਸਮੇਂ-ਸਮੇਂ ਤੇ ਆਇਰਨ ਦੀਆਂ ਗੋਲੀਆਂ ਜ਼ਰੂਰ ਦਿਵਾਉਣ । ਇਸ ਮੌਕੇ ਜਿਲ੍ਹਾ ਟੀ.ਬੀ ਅਫ਼ਸਰ ਡਾ ਰੋਜੀ ਅਗਰਵਾਲ, ਡੀ.ਡੀ.ਐਚ.ਓ ਡਾ ਕਰਨ ਅਬਰੋਲ, ਡਾ ਵੰਦਨ ਮਿੱਡਾ,ਡਾ ਮੋਹਿਤ ਮਧੂਕਰ ਹਾਜਰ ਸਨ ।
Click to Follow Babushahi Facebook page →