ਤਰਨ ਤਾਰਨ 'ਚ ਇਨਸਾਫ਼ ਲਈ ਉਬਲਿਆ ਪੱਤਰਕਾਰ ਭਾਈਚਾਰਾ: ਪਤਨੀ ਦੀ ਮੌਤ ਦੇ ਮਾਮਲੇ 'ਚ ਪੁਲਿਸ ਦੀ ਕਥਿਤ ਮਿਲੀਭੁਗਤ ਖਿਲਾਫ ਥਾਣੇ ਦਾ ਘਿਰਾਓ
Baljit Singh
ਤਰਨ ਤਾਰਨ: 12 ਮਾਰਚ, 2026
ਤਰਨ ਤਾਰਨ ਦੇ ਹਲਕਾ ਖੇਮਕਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਵਿਖੇ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਪੱਤਰਕਾਰ ਰਾਜਵਿੰਦਰ ਸਿੰਘ ਦੀ ਪਤਨੀ ਦੀ ਸੜਕ ਹਾਦਸੇ ਵਿੱਚ ਹੋਈ ਦਰਦਨਾਕ ਮੌਤ ਦੇ 24 ਦਿਨ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਮਿਲਣ 'ਤੇ ਪੱਤਰਕਾਰ ਭਾਈਚਾਰੇ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਥਾਣੇ ਦਾ ਘਿਰਾਓ ਕਰ ਦਿੱਤਾ। ਪੀੜਤ ਪਰਿਵਾਰ ਅਤੇ ਪੱਤਰਕਾਰਾਂ ਦਾ ਦੋਸ਼ ਹੈ ਕਿ ਪਲਵਿੰਦਰ ਕੌਰ ਦੀ ਮੌਤ ਲਈ ਜ਼ਿੰਮੇਵਾਰ ਐਨਆਰਆਈ ਮੁਲਜ਼ਮ ਨੂੰ ਬਚਾਉਣ ਲਈ ਪੁਲਿਸ ਨੇ ਅਸਲੀ ਦੋਸ਼ੀ ਦੀ ਬਜਾਏ ਕਿਸੇ ਹੋਰ ਵਿਅਕਤੀ 'ਤੇ ਕਾਰਵਾਈ ਕਰ ਦਿੱਤੀ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਹ ਡਿਊਟੀ ਤੋਂ ਵਾਪਸ ਆ ਰਹੀ ਸੀ ਤਾਂ ਬਰਿਜਾ ਕਾਰ ਅਤੇ ਇਨੋਵਾ ਗੱਡੀ ਨੇ ਉਸਨੂੰ ਕੁਚਲ ਦਿੱਤਾ ਸੀ, ਪਰ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ। ਪੱਤਰਕਾਰਾਂ ਨੇ ਖੁਦ ਜਾਂਚ ਕਰਕੇ ਗੱਡੀਆਂ ਦਾ ਪਤਾ ਲਗਾਇਆ ਅਤੇ ਪੁਲਿਸ ਨੂੰ ਸੌਂਪਿਆ, ਪਰ ਪੁਲਿਸ ਪ੍ਰਸ਼ਾਸਨ ਨੇ ਇਨਸਾਫ਼ ਦੇਣ ਦੀ ਬਜਾਏ ਦੋਸ਼ੀਆਂ ਨਾਲ ਮਿਲੀਭੁਗਤ ਕਰਕੇ ਕੇਸ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕੀਤੀ।
ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਅਤੇ ਪੱਤਰਕਾਰਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਲੋਕਾਂ ਨੂੰ ਇਨਸਾਫ਼ ਦੇਣ ਵਾਲੇ ਥਾਣੇ ਹੀ ਦੋਸ਼ੀਆਂ ਦੀ ਪਨਾਹਗਾਹ ਬਣ ਜਾਣ, ਤਾਂ ਆਮ ਜਨਤਾ ਦਾ ਕੀ ਬਣੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਅਸਲੀ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾਂਦਾ। ਪ੍ਰਦਰਸ਼ਨਕਾਰੀਆਂ ਨੇ ਤਰਨ ਤਾਰਨ ਦੇ ਐਸਐਸਪੀ ਅਤੇ ਡੀਜੀਪੀ ਪੰਜਾਬ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਾਮਲੇ ਵਿੱਚ ਲਾਪ੍ਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਵੀ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸਥਿਤੀ ਨੂੰ ਵਿਗੜਦਾ ਦੇਖ ਮੌਕੇ 'ਤੇ ਪਹੁੰਚੇ ਡੀਐਸਪੀ ਤਰਨ ਤਾਰਨ ਜਸਜੋਤ ਸਿੰਘ ਨੇ ਪੱਤਰਕਾਰ ਭਾਈਚਾਰੇ ਅਤੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਕੇਸ ਵਿੱਚ ਮਿਲੀਭੁਗਤ ਕੀਤੀ ਹੈ, ਉਨ੍ਹਾਂ ਖਿਲਾਫ ਵੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਦੇ ਭਰੋਸੇ ਤੋਂ ਬਾਅਦ ਧਰਨਾ ਤਾਂ ਸਮਾਪਤ ਕਰ ਦਿੱਤਾ ਗਿਆ, ਪਰ ਪੱਤਰਕਾਰਾਂ ਨੇ ਪ੍ਰਸ਼ਾਸਨ ਨੂੰ ਪੰਜ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਕਾਰਵਾਈ ਨਾ ਹੋਈ ਤਾਂ ਇਹ ਅੰਦੋਲਨ ਹੋਰ ਵੀ ਵੱਡੇ ਪੱਧਰ 'ਤੇ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਏਕਤਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਸਮੇਤ ਐਂਟੀ ਡਰੱਗ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਪੱਤਰਕਾਰ ਹਾਜ਼ਰ ਸਨ।
Click to Follow Babushahi Facebook page →