ਮੁੱਖ ਮੰਤਰੀ ਸਿਹਤ ਯੋਜਨਾ ਅਤੇ ਐਚਪੀਵੀ ਵੈਕਸੀਨ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜਰੂਰੀ : ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਾਰਚ:
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਮੋਹਾਲੀ ਡਾ. ਸੰਗੀਤਾ ਜੈਨ ਦੀ ਰਹਿਨੁਮਾਈ ਹੇਠ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਸਬਸਿਡੀਅਰੀ ਹੈਲਥ ਸੈਂਟਰ ਸਨੇਟਾ ਵਿਖੇ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਕਰਵਾਈ ਗਈ ਜਿਸ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਐਚ.ਪੀ.ਵੀ ਵੈਕਸੀਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਸੈਕਟਰ ਸਨੇਟਾ ਦੇ ਆਸ਼ਾ ਫੈਸਿਲੀਟੇਟਰਾਂ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ। ਇਸ ਦੌਰਾਨ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਗਰੂਕ ਕਰਨ ਅਤੇ ਯੋਗ ਪਰਿਵਾਰਾਂ ਦੇ ਵੱਧ ਤੋਂ ਵੱਧ ਕਾਰਡ ਬਣਵਾਉਣ ਵਿੱਚ ਸਹਿਯੋਗ ਦੇਣ ਤਾਂ ਜੋ ਲੋੜਵੰਦ ਲੋਕ ਮਨਜ਼ੂਰਸ਼ੁਦਾ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਣ।
ਐਚ.ਪੀ.ਵੀ ਵੈਕਸੀਨ ਬਾਰੇ ਵੀ ਸਿਹਤ ਕਰਮਚਾਰੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਗਿਆ ਕਿ ਸਕੂਲਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਕੇ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਇਹ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਦੀ ਵੱਡੀ ਸਹੂਲਤ ਮਿਲ ਰਹੀ ਹੈ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਚਾਹੀਦਾ ਹੈ ਕਿ ਇਸ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਐਚ.ਪੀ.ਵੀ ਵੈਕਸੀਨ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਬਹੁਤ ਹੀ ਮਹੱਤਵਪੂਰਨ ਕਦਮ ਹੈ ਅਤੇ ਸਿਹਤ ਕਰਮਚਾਰੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਲਗਨ ਨਾਲ ਕੰਮ ਕਰਨ।
ਇਸ ਮੀਟਿੰਗ ਵਿੱਚ ਡਾ. ਰਮਨਪ੍ਰੀਤ ਸਿੰਘ ਮੈਡੀਕਲ ਅਫਸਰ, ਵਰਿੰਦਰ ਕੁਮਾਰ ਫਾਰਮੇਸੀ ਅਫਸਰ, ਰਾਜਵਿੰਦਰ ਕੌਰ ਹੈਲਥ ਸੁਪਰਵਾਈਜ਼ਰ ਅਤੇ ਰਿਟਾ ਰਾਣੀ ਏ.ਐਨ.ਐਮ ਵੀ ਮੌਜੂਦ ਰਹੇ।
Click to Follow Babushahi Facebook page →