ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ; ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ
ਚੰਡੀਗੜ੍ਹ, 18 ਮਾਰਚ 2026: ਸਿਟੀ ਬਿਊਟੀਫੁਲ ਦੇ ਮਸ਼ਹੂਰ ਵਪਾਰਕ ਕੇਂਦਰ ਸੈਕਟਰ 22 ਦੀ ਮੋਬਾਈਲ ਮਾਰਕੀਟ ਵਿੱਚ ਅੱਜ ਦੁਪਹਿਰੇ ਭਿਆਨਕ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪੂਰੀ ਮਾਰਕੀਟ ਵਿੱਚ ਹਫੜਾ-ਦਫੜੀ ਮਚ ਗਈ ਅਤੇ ਦੁਕਾਨਦਾਰਾਂ ਤੇ ਗਾਹਕਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਲਿਹਾਜ਼ ਨਾਲ ਇਲਾਕੇ ਨੂੰ ਘੇਰ ਲਿਆ ਹੈ ਤਾਂ ਜੋ ਫਾਇਰ ਬ੍ਰਿਗੇਡ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੁੱਢਲੇ ਤੌਰ 'ਤੇ ਇਸ ਨੂੰ ਸ਼ਾਰਟ ਸਰਕਟ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਪਰ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਮਾਰਕੀਟ ਵਿੱਚ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਸਮਾਨ ਦੀ ਭਾਰੀ ਮਾਤਰਾ ਹੋਣ ਕਾਰਨ ਵੱਡੇ ਮਾਲੀ ਨੁਕਸਾਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਸੈਕਟਰ 22 ਦੀ ਮਾਰਕੀਟ ਵਿੱਚ ਦੁਕਾਨਾਂ ਇੱਕ-ਦੂਜੇ ਦੇ ਬਹੁਤ ਨੇੜੇ ਹੋਣ ਕਰਕੇ ਅੱਗ ਦੇ ਹੋਰ ਦੁਕਾਨਾਂ ਤੱਕ ਫੈਲਣ ਦਾ ਡਰ ਬਣਿਆ ਹੋਇਆ ਹੈ। ਫਿਲਹਾਲ ਜਾਨੀ ਨੁਕਸਾਨ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Click to Follow Babushahi Facebook page →