ਕਲਾਨੌਰ ਵਿਖੇ ਟ੍ਰੇਡਰਸ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ
ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾਉਣਾ
ਰੋਹਿਤ ਗੁਪਤਾ
ਕਲਾਨੌਰ/ਗੁਰਦਾਸਪੁਰ, 19 ਮਾਰਚ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕਰਨ ਦੀ ਯੋਜਨਾ ਤਹਿਤ ਕਲਾਨੌਰ ਵਿਖੇ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਸ੍ਰੀ ਆਦਿੱਤਿਆ ਸ਼ਰਮਾ ਐੱਸ.ਡੀ.ਐਮ ਡੇਰਾ ਬਾਬਾ ਨਾਨਕ, ਪੰਜਾਬ ਟਰੇਡ ਕਮਿਸ਼ਨ ਮੈਂਬਰ ਪੰਜਾਬ ਜੋਨ ਇੰਚਾਰਜ ਧਰਮਿੰਦਰ ਸ਼ੇਰੂ, ਵਿਪਨ ਸੋਨੀ ਚੇਅਰਮੈਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ, ਤਹਿਸੀਲਦਾਰ ਰਜਿੰਦਰ ਸਿੰਘ, ਐਸ.ਐਚ ਓ ਅਸ਼ੋਕ ਕੁਮਾਰ ਡੇਰਾ ਬਾਬਾ ਨਾਨਕ, ਪੰਚਾਇਤ ਅਫਸਰ ਮਨਜਿੰਦਰ ਸਿੰਘ, ਮਹਿੰਦਰ ਪਾਲ ਐਸ.ਡੀ.ਓ ਪਾਵਰਕਾਮ, ਵਾਟਰ ਸਪਲਾਈ ਐਂਡ ਸੈਂਟਰੀ ਵਿਭਾਗ, ਚੇਤਨਜੀਤ ਸਿੰਘ,ਯਗੇਸ਼ ਕੁਮਾਰ ਈਟੀਓ ਵਰਿੰਦਰ ਕੁਮਾਰ ਫੂਡ ਸਪਲਾਈ ਕਲਾਨੌਰ ਸਮੇਤ ਦੁਕਾਨਦਾਰ ਅਤੇ ਵਪਾਰ ਮੰਡਲ ਦੀਆਂ ਵੱਖ-ਵੱਖ ਸਖਸੀਅਤਾਂ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਐੱਸ.ਡੀ ਐਮ ਆਦਿੱਤਿਆ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਪੰਜਾਬ ਟਰੇਡ ਕਮਿਸ਼ਨ ਮੈਂਬਰ ਪੰਜਾਬ ਜੋਨ ਇੰਚਾਰਜ ਧਰਮਿੰਦਰ ਸ਼ੇਰੂ ਨੇ ਕਿਹਾ ਕਿ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਗਮ ਅਤੇ ਪਾਰਦਰਸ਼ੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਮਜ਼ਬੂਤ ਹੋ ਰਿਹਾ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲ ਰਿਹਾ ਹੈ।
ਮੀਟਿੰਗ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਈਆਂ ਜਾਣਗੀਆਂ।
Click to Follow Babushahi Facebook page →