ਚੰਡੀਗੜ੍ਹ: ਪ੍ਰਾਪਰਟੀ ਡੀਲਰ ਕਤਲ ਕੇਸ 'ਚ ਵੱਡੀ ਕਾਰਵਾਈ: ਕੈਥਲ ਤੋਂ 2 ਸ਼ੂਟਰ ਗ੍ਰਿਫ਼ਤਾਰ
ਪੁਲਿਸ ਐਨਕਾਊਂਟਰ ਦੌਰਾਨ ਹੋਏ ਜ਼ਖ਼ਮੀ
ਚੰਡੀਗੜ੍ਹ/ਕੈਥਲ, 19 ਮਾਰਚ 2026: ਚੰਡੀਗੜ੍ਹ ਦੇ ਸੈਕਟਰ 9 ਵਿੱਚ ਦਿਨ-ਦਿਹਾੜੇ ਹੋਏ ਪ੍ਰਸਿੱਧ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਨਾਗਰਾ (ਚੀਨੀ ਕੁਬਾਹੇੜੀ) ਦੇ ਕਤਲ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਅਤੇ ਹਰਿਆਣਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਇਸ ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਹਰਿਆਣਾ ਦੇ ਕੈਥਲ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਜਦੋਂ ਪੁਲਿਸ ਟੀਮਾਂ ਨੇ ਮੁਲਜ਼ਮਾਂ ਨੂੰ ਘੇਰਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ, ਜਿਸ ਦੌਰਾਨ ਦੋਵੇਂ ਮੁਲਜ਼ਮਾਂ ਦਾ ਐਨਕਾਊਂਟਰ ਹੋਇਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਲੱਕੀ ਪਟਿਆਲ ਗੈਂਗ ਨਾਲ ਸਬੰਧ
ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਖ਼ਤਰਨਾਕ ਗੈਂਗਸਟਰ ਲੱਕੀ ਪਟਿਆਲ ਦੇ ਕਰੀਬੀ ਗੁਰਗੇ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕਤਲ ਤੋਂ ਤੁਰੰਤ ਬਾਅਦ ਲੱਕੀ ਪਟਿਆਲ ਨੇ ਸੋਸ਼ਲ ਮੀਡੀਆ 'ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ 'ਚੀਨੀ' 'ਤੇ ਵਿਰੋਧੀ ਗੈਂਗ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਲਗਾਏ ਸਨ।
ਪੁਲਿਸ ਵੱਲੋਂ ਹੁਣ ਇਨ੍ਹਾਂ ਸ਼ੂਟਰਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਵਾਰਦਾਤ ਵਿੱਚ ਉਨ੍ਹਾਂ ਦੇ ਹੋਰ ਕਿਹੜੇ ਸਾਥੀ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਹਥਿਆਰ ਕਿੱਥੋਂ ਮੁਹੱਈਆ ਕਰਵਾਏ ਗਏ ਸਨ। ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਸ਼ਹਿਰ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Click to Follow Babushahi Facebook page →