ਸ਼੍ਰੋਮਣੀ ਕਮੇਟੀ ਦਫ਼ਤਰ 'ਚ ਨਵੀਂ ਪਿਰਤ: ਡਿਊਟੀ ਦੀ ਸ਼ੁਰੂਆਤ ਹੁਣ ਗੁਰਮੰਤਰ ਦੇ ਜਾਪ ਅਤੇ ਅਰਦਾਸ ਨਾਲ ਹੋਵੇਗੀ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 25 ਮਾਰਚ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੱਜ ਪਹਿਲਾਂ ਨਾਲੋਂ ਵਿਸ਼ੇਸ਼ ਮਾਹੌਲ ਵੇਖਣ ਨੂੰ ਮਿਲਿਆ, ਜਿੱਥੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਆਪਣੀ ਰੋਜ਼ਾਨਾ ਦੀ ਡਿਊਟੀ ਸ਼ੁਰੂ ਕਰਨ ਤੋਂ ਪਹਿਲਾਂ ਸਮੂਹਿਕ ਰੂਪ ਵਿੱਚ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ। ਜਾਪ ਉਪਰੰਤ ਅਕਾਲ ਪੁਰਖ ਦੇ ਚਰਨਾਂ ਵਿੱਚ ਸਭ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਣ ਦੀ ਅਰਦਾਸ ਵੀ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਸਮੂਹ ਮੁਲਾਜ਼ਮਾਂ ਵੱਲੋਂ ਪੂਰੀ ਸ਼ਰਧਾ ਨਾਲ ਪਾਲਣਾ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸੇਵਾਦਾਰ ਅਤੇ ਮੁਲਾਜ਼ਮ ਉਸੇ ਦਿਨ ਤੋਂ ਇਸ ਮਰਯਾਦਾ ਨੂੰ ਅਮਲ 'ਚ ਲਿਆ ਚੁੱਕੇ ਹਨ। ਧੰਗੇੜਾ ਨੇ ਸਿੱਖ ਸਿਧਾਂਤਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮੂਲ ਉਪਦੇਸ਼ ‘ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਸਾਡੇ ਜੀਵਨ ਦਾ ਆਧਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਇਸ ਪਿਰਤ ਨੂੰ ਪਾ ਰਹੇ ਹਨ, ਉੱਥੇ ਹੀ ਹਰ ਇੱਕ ਸਿੱਖ ਦਾ ਇਹ ਫਰਜ਼ ਬਣਦਾ ਹੈ ਕਿ ਉਹ ਆਪਣੀ ਕਿਰਤ-ਕਮਾਈ ਸ਼ੁਰੂ ਕਰਨ ਤੋਂ ਪਹਿਲਾਂ ਗੁਰਬਾਣੀ ਦਾ ਜਾਪ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ 'ਦਸਵੰਧ' ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਾਨੂੰ ਮਹੀਨੇ ਦੇ ਅਖੀਰ ਵਿੱਚ ਤਨਖਾਹ ਦੇ ਰੂਪ ਵਿੱਚ ਜੋ ਵੀ ਮਾਇਆ ਪ੍ਰਾਪਤ ਹੁੰਦੀ ਹੈ, ਉਸ ਵਿੱਚੋਂ ਗੁਰੂ ਦੀ ਗੋਲਕ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ ਤਾਂ ਜੋ ਉਹ ਨੇਕ ਕਾਰਜਾਂ ਲਈ ਵਰਤਿਆ ਜਾ ਸਕੇ।
Click to Follow Babushahi Facebook page →