ਚੰਡੀਗੜ੍ਹ ਵਿੱਚ ਮੁੜ ਬੰਬ ਦੀ ਦਹਿਸ਼ਤ: ਕਈ ਸਕੂਲਾਂ, ਮੇਅਰ ਦਫ਼ਤਰ ਅਤੇ ਸਕੱਤਰੇਤ ਨੂੰ ਮਿਲੀ ਉਡਾਉਣ ਦੀ ਧਮਕੀ
ਰਵੀ ਜੱਖੂ
ਚੰਡੀਗੜ੍ਹ: 6 ਅਪ੍ਰੈਲ, 2026
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਬੰਬ ਦੀਆਂ ਧਮਕੀਆਂ ਨੇ ਹੜਕੰਪ ਮਚਾ ਦਿੱਤਾ ਹੈ। ਸ਼ਹਿਰ ਦੇ ਕਈ ਨਾਮੀ ਸਕੂਲਾਂ ਦੇ ਨਾਲ-ਨਾਲ ਇਸ ਵਾਰ ਮੇਅਰ ਦਫ਼ਤਰ ਅਤੇ ਪੰਜਾਬ-ਹਰਿਆਣਾ ਸਕੱਤਰੇਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ। ਇਸ ਖ਼ਬਰ ਦੇ ਫੈਲਦਿਆਂ ਹੀ ਪੂਰੇ ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ ਵਿੱਚ ਭਾਜੜ ਪੈ ਗਈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਸਬੰਧਤ ਇਮਾਰਤਾਂ ਨੂੰ ਖਾਲੀ ਕਰਵਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਵਾਰ ਭੇਜੀ ਗਈ ਧਮਕੀ ਭਰੀ ਈਮੇਲ ਦੀ ਸ਼ਬਦਾਵਲੀ ਬਿਲਕੁਲ ਉਸੇ ਤਰ੍ਹਾਂ ਦੀ ਹੈ ਜਿਵੇਂ ਪਿਛਲੇ ਸਮੇਂ ਦੌਰਾਨ ਆਈਆਂ ਧਮਕੀਆਂ ਵਿੱਚ ਵਰਤੀ ਗਈ ਸੀ। ਪੁਲਿਸ ਸੂਤਰਾਂ ਅਨੁਸਾਰ ਇਹ ਕਿਸੇ ਦੀ ਸ਼ਰਾਰਤ ਹੋ ਸਕਦੀ ਹੈ ਜਾਂ ਫਿਰ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਕਈ ਥਾਵਾਂ 'ਤੇ ਛੁੱਟੀ ਕਰਕੇ ਬੱਚਿਆਂ ਨੂੰ ਸੁਰੱਖਿਅਤ ਘਰਾਂ ਨੂੰ ਭੇਜ ਦਿੱਤਾ ਗਿਆ।
ਫਿਲਹਾਲ ਪੁਲਿਸ ਦੀ ਸਾਈਬਰ ਸੈੱਲ ਟੀਮ ਇਸ ਈਮੇਲ ਦੇ ਆਈ.ਪੀ. ਐਡਰੈੱਸ ਨੂੰ ਟਰੇਸ ਕਰਨ ਵਿੱਚ ਜੁਟੀ ਹੋਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਗਈ ਹੈ। ਭਾਵੇਂ ਅਜੇ ਤੱਕ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਪਰ ਪ੍ਰਸ਼ਾਸਨ ਨੇ ਪੂਰੇ ਸ਼ਹਿਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸਰਕਾਰੀ ਇਮਾਰਤਾਂ ਸਮੇਤ ਜਨਤਕ ਥਾਵਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਸ਼ੱਕੀ ਚੀਜ਼ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ।
Click to Follow Babushahi Facebook page →