ਸੁਲਤਾਨਪੁਰ ਲੋਧੀ ‘ਚ ਨਸ਼ੇ ਦਾ ਕਹਿਰ; ਪੰਜਵੇਂ ਪੁੱਤਰ ਦੀ ਮੌਤ ਤੋਂ ਬਾਅਦ ਅੱਜ ਘਰ ‘ਚ ਅੰਤਿਮ ਸੰਸਕਾਰ ਦੀ ਤਿਆਰੀ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 8 ਅਪ੍ਰੈਲ 2026: ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਵਿੱਚ ਨਸ਼ੇ ਨੇ ਇੱਕ ਪਰਿਵਾਰ ਦੇ ਸਾਰੇ ਚਿਰਾਗ ਬੁਝਾ ਦਿੱਤੇ ਹਨ। ਪਰਿਵਾਰ ਦੇ ਪੰਜਵੇਂ ਅਤੇ ਆਖਰੀ ਪੁੱਤਰ ਦੀ ਮੌਤ ਤੋਂ ਬਾਅਦ ਅੱਜ ਮ੍ਰਿਤਕ ਦੇ ਘਰ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਜਾਰੀ ਹਨ, ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਵਿਰਲਾਪ ਕੀਤਾ ਜਾ ਰਿਹਾ ਹੈ ਅਤੇ ਮਾਹੌਲ ਗ਼ਮਗੀਨ ਬਣਿਆ ਹੋਇਆ ਹੈ।
ਮ੍ਰਿਤਕ ਦੀ ਪਛਾਣ ਸੋਨੂ ਵਜੋਂ ਹੋਈ ਹੈ, ਜਦਕਿ ਉਸ ਦੀ ਮਾਤਾ ਮਨਜੀਤ ਕੌਰ ਹੈ। ਪਰਿਵਾਰਕ ਮੈਂਬਰਾਂ ਦੇ ਮੁਤਾਬਕ ਇਸ ਤੋਂ ਪਹਿਲਾਂ ਵੀ ਘਰ ਦੇ ਚਾਰ ਪੁੱਤਰ ਨਸ਼ੇ ਦੀ ਲਤ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ। ਹੁਣ ਪੰਜਵੇਂ ਪੁੱਤਰ ਦੀ ਮੌਤ ਨਾਲ ਇਹ ਪਰਿਵਾਰ ਪੂਰੀ ਤਰ੍ਹਾਂ ਉਜੜ ਗਿਆ ਹੈ। ਘਰ ਵਿੱਚ ਮਾਂ ਸਮੇਤ ਹੋਰ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਨਜੀਤ ਕੌਰ ਦੀ ਰੋਂਦੀ ਹੋਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਸੀ। ਪ੍ਰਸ਼ਾਸਨ ਵੱਲੋਂ ਨੌਜਵਾਨ ਸੋਨੂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ ਅੰਮ੍ਰਿਤਸਰ ਵਿਖੇ ਉਸਦੀ ਮੌਤ ਹੋ ਗਈ।
ਇਸ ਮਾਮਲੇ ‘ਚ ਪੁਲਿਸ ਦਾ ਕਹਿਣਾ ਹੈ ਕਿ ਮੌਤਾਂ ਦੇ ਵੱਖ-ਵੱਖ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਦੁਖੀ ਮਾਂ ਮਨਜੀਤ ਕੌਰ ਨੇ ਇਸ ਗੱਲ ਨੂੰ ਨਕਾਰਦਿਆਂ ਕਿਹਾ ਕਿ ਉਸਦੇ ਸਾਰੇ ਪੁੱਤਰਾਂ ਦੀ ਮੌਤ ਦਾ ਅਸਲ ਕਾਰਨ ਨਸ਼ਾ ਹੀ ਹੈ।
ਇਸ ਦੇ ਨਾਲ ਹੀ ਮਾਂ ਨੇ ਮੁੱਖ ਮੰਤਰੀ ਕੋਲ ਅਪੀਲ ਕੀਤੀ ਹੈ ਕਿ ਉਸ ਦੀ ਨੋਹ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਜ਼ਿੰਦਗੀ ਨੂੰ ਮੁੜ ਸੰਭਾਲ ਸਕੇ ਅਤੇ ਪਰਿਵਾਰ ਦਾ ਗੁਜ਼ਾਰਾ ਚੱਲ ਸਕੇ।
ਮਾਂ ਦੀ ਦਰਦ ਭਰੀ ਅਪੀਲ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਹੋਰ ਕਿਸੇ ਮਾਂ ਨੂੰ ਇਸ ਤਰ੍ਹਾਂ ਦਾ ਦੁੱਖ ਨਾ ਸਹਿਣਾ ਪਵੇ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਇੱਕ ਵਾਰ ਫਿਰ ਸਮਾਜ ਅਤੇ ਪ੍ਰਸ਼ਾਸਨ ਅੱਗੇ ਵੱਡਾ ਸਵਾਲ ਖੜ੍ਹਾ ਕਰਦੀ ਹੈ ਕਿ ਨਸ਼ੇ ਦੇ ਖ਼ਿਲਾਫ਼ ਜੰਗ ਕਿੰਨੀ ਗੰਭੀਰਤਾ ਨਾਲ ਲੜੀ ਜਾ ਰਹੀ ਹੈ।
Click to Follow Babushahi Facebook page →