ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਮਿੱਟੀ ਪਰਖ ਅਤੇ ਫਾਸਫੋਰਸ ਖਾਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਭੂੰਦੜ ਭੈਣੀ ਵਿਖੇ ਕੈਂਪ
ਮਿੱਟੀ ਪਰਖ ਦੇ ਆਧਾਰ 'ਤੇ ਹੀ ਖਾਦਾਂ ਪਾਉਣ ਲਈ ਪ੍ਰੇਰਿਆ
ਦਲਜੀਤ ਕੌਰ
ਮੂਨਕ/ਖਨੌਰੀ, 11 ਅਪ੍ਰੈਲ, 2026: ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਦੇਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਮਿੱਟੀ ਪਰਖ ਕਰਵਾਕੇ ਖਾਦਾਂ ਪਾਉਣ ਅਤੇ ਫਾਸਫੋਰਸ ਖਾਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਭੂੰਦੜ ਭੈਣੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਹੀ ਖਾਦਾਂ ਪਾਉਣ ਲਈ ਪ੍ਰੇਰਦੇ ਹੋਏ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਜਿੱਥੇ ਖੇਤੀ ਖਰਚੇ ਘਟਣਗੇ ਉੱਥੇ ਝਾੜ ਵਿੱਚ ਵੀ ਵਾਧਾ ਹੋਵੇਗਾ।
ਉਨ੍ਹਾਂ ਨੇ ਮੌਕੇ 'ਤੇ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਮੌਕੇ 'ਤੇ ਹੀ ਮਿੱਟੀ ਦਾ ਨਮੂਨਾ ਲੈ ਕੇ ਦਿਖਾਇਆ। ਕਿਸਾਨਾਂ ਨੂੰ ਯੂਰੀਆ ਖਾਦ ਦੀ ਸੰਜਮ ਨਾਲ ਵਰਤੋਂ ਅਤੇ ਕਈ ਥੈਲੇ ਇੱਕੋ ਸਮੇਂ ਤੇ ਵਰਤਣ ਤੋਂ ਗੁਰੇਜ ਕਰਨ ਲਈ ਕਿਹਾ।
ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਵੀਰ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਪੂਰੀ ਮਾਤਰਾ ਹੀ ਪਾਉਣ। ਜੈਵਿਕ ਖਾਦਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਦੀ ਵਰਤੋਂ ਜਿੱਥੇ ਝਾੜ ਵਧਾਉਣ ਵਿੱਚ ਸਹਾਈ ਹੁੰਦੀ ਹੈ ਉੱਥੇ ਜ਼ਮੀਨ ਦੀ ਜੈਵਿਕ ਸਿਹਤ ਨੂੰ ਵੀ ਸੁਧਾਰਦਾ ਹੈ।
ਡਾ. ਅਸ਼ੋਕ ਨੇ ਪੀ.ਏ.ਯੂ. ਵੱਲੋਂ ਸਿਫਾਰਸ਼ ਕਿਸਮਾਂ ਜਿਵੇਂ ਕਿ ਪੀ ਆਰ 131, ਪੀ ਆਰ 132, ਪੀ ਆਰ 126 ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਉਹਨਾਂ ਨੇ ਨਵੀਂ ਕਿਸਮ ਪੀ ਆਰ 133 ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਕਿਸਮ ਲੁਆਈ ਤੋਂ ਬਾਅਦ ਲਗਭਗ 111 ਦਿਨਾਂ ਵਿੱਚ ਪੱਕ ਜਾਂਦੀ ਹੈ।
ਬਾਸਮਤੀ ਵਿੱਚ ਪੂਸਾ ਬਾਸਮਤੀ 1509 ਅਤੇ ਪੰਜਾਬ ਬਾਸਮਤੀ 7 ਵਿੱਚ ਖਾਦਾਂ ਦੀ ਲੋੜ ਅਤੇ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਸੋਧ ਬਾਰੇ ਵਿਸਥਾਰਪੂਰਵਕ ਚਰਚਾ ਹੋਈ।
ਪਿੰਡ ਦੇ ਅਗਾਂਹਵਧੂ ਕਿਸਾਨ ਅਤੇ ਮੁੱਖ ਮੰਤਰੀ ਐਵਾਰਡ ਨਾਲ ਸਨਮਾਨਿਤ ਸ. ਜਸਵੰਤ ਸਿੰਘ, ਸ. ਤਰਸੇਮ ਸਿੰਘ, ਸ. ਗੁਰਜਿੰਦਰ ਸਿੰਘ ਅਤੇ ਹੋਰ ਕਿਸਾਨ ਵੀਰਾਂ ਨੇ ਕੈਂਪ ਨੂੰ ਆਯੋਜਿਤ ਕਰਨ ਵਿੱਚ ਪੂਰਾ ਯੋਗਦਾਨ ਪਾਇਆ।
ਅੰਤ ਵਿੱਚ ਕਿਸਾਨ ਵੀਰਾਂ ਲਈ ਪੀ.ਏ.ਯੂ. ਲੁਧਿਆਣਾ ਵਲੋਂ ਤਿਆਰ ਗਰਮੀ ਰੁੱਤ ਦੀਆਂ ਸਬਜੀਆਂ ਦੀ ਬੀਜਾਂ ਦੀ ਕਿੱਟ, ਧਾਤਾਂ ਦਾ ਚੂਰਾ, ਪਸ਼ੂ ਚਾਟ ਦੀ ਵਿੱਕਰੀ ਵੀ ਕੀਤੀ ਗਈ।
ਕਿਸਾਨਾਂ ਦੁਆਰਾ ਉਠਾਏ ਗਏ ਬਹੁਤ ਸਾਰੇ ਸਵਾਲਾਂ ਦੇ ਜਵਾਬ ਬਾਖੂਬੀ ਤਰਤੀਬਬੱਧ ਤਰੀਕੇ ਨਾਲ ਦਿੱਤੇ ਗਏ। ਫਾਰਮ ਸਲਾਹਕਾਰ ਸੰਗਰੂਰ ਦੀ ਟੀਮ ਨੇ ਸ. ਜਸਵੰਤ ਸਿੰਘ ਅਤੇ ਨਾਲ ਲਗਦੇ ਪਿੰਡ ਭੂਲਣ ਦੇ ਬਾਲ ਕ੍ਰਿਸ਼ਨ ਦੇ ਖੇਤਾਂ ਦਾ ਦੌਰਾ ਵੀ ਕੀਤਾ।
Click to Follow Babushahi Facebook page →