31000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੌਤੀ ਨੂੰ ਲੈ ਕੇ 1007 ਦਫ਼ਤਰੀ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡਣ ਜਾਣਗੇ
ਕੇਂਦਰ ਸਰਕਾਰ ਤੋਂ ਤਨਖਾਹ ਦਾ ਪੂਰਾ ਪੈਸਾ ਮਿਲਣ ਦੇ ਬਾਵਜੂਦ ਸੂਬਾ ਸਰਕਾਰ ਨੇ 1007 ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕਟੌਤੀ ਕੀਤੀ
ਸੂਬਾ ਸਰਕਾਰ 1007 ਮੁਲਾਜ਼ਮਾਂ ਦੀਆਂ ਤਨਖਾਹਾਂ ਕੱਟ ਕੇ ਖ਼ਜ਼ਾਨਾ ਭਰਨਾ ਚਾਹੁੰਦੀ ਹੈ: ਆਗੂ
ਚੰਡੀਗੜ੍ਹ/ਦਿੜਬਾ, 13 ਅਪ੍ਰੈਲ 2026: 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ 'ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਗਾਉਣ ਅਤੇ ਬਾਰ ਬਾਰ ਮੀਟਿੰਗਾਂ ਵਿੱਚ ਭਰੋਸਾ ਦੇ ਕੇ ਤਨਖਾਹਾਂ ਦਾ ਮਸਲਾ ਹੱਲ ਨਾ ਕਰਨ ਤੋਂ ਰੋਸ ਵਿੱਚ ਆਏ ਸਿੱਖਿਆ ਵਿਭਾਗ ਦੇ 1007 ਦਫਤਰੀ ਕਰਮਚਾਰੀਆਂ ਵੱਲੋਂ 18 ਅਪ੍ਰੈਲ ਨੂੰ ਦਿੜਬਾ ਵਿਖੇ ਰੈਲੀ ਕਰਕੇ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਵਜ਼ਾਰਤ ਵੱਲੋਂ 8 ਸਤੰਬਰ ਨੂੰ ਹੋਈ ਕੈਬਿਨਟ ਮੀਟਿੰਗ ਦੌਰਾਨ 1007 ਕਰਮਚਾਰੀਆਂ ਦੀ ਤਨਖਾਹ 'ਤੇ ਕਟੌਤੀ ਕਰਨ ਦਾ ਮਤਾ ਪਾਸ ਕੀਤਾ ਸੀ ਜਿਸ ਦਾ ਨੋਟੀਫਿਕੇਸ਼ਨ 23.09.2025 ਨੂੰ ਕੀਤਾ ਗਿਆ ਪਰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆਂ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਵਾਰ ਵਾਰ ਭਰੋਸਾ ਦਿੱਤਾ ਗਿਆ ਕਿ ਤਨਖਾਹ ਦੀ ਕਟੌਤੀ ਨਹੀਂ ਹੋਵੇਗੀ ਪ੍ਰੰਤੂ ਸਿੱਖਿਆ ਵਿਭਾਗ ਵੱਲੋਂ 24 ਫਰਵਰੀ 2026 ਨੂੰ ਤਨਖਾਹ ਕਟੌਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ ਜਿਸ ਉਪਰੰਤ ਮੁਲਾਜ਼ਮਾਂ ਵੱਲੋਂ ਮੋਹਾਲੀ ਵਿਖੇ ਵੱਡਾ ਇਕੱਠ ਕਰਨ ਉਪਰੰਤ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਿਸ ਦੌਰਾਨ ਕਰਮਚਾਰੀਆਂ 'ਤੇ ਚੰਡੀਗੜ੍ਹ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਪਰ ਮੁਲਾਜ਼ਮ ਮੁੱਖ ਮੰਤਰੀ ਜਾਂ ਵਿੱਤ ਮੰਤਰੀ ਨੂੰ ਮਿਲਣ 'ਤੇ ਅੜੇ ਰਹੇ ਤੇ ਮੋਹਾਲੀ/ਚੰਡੀਗੜ੍ਹ ਪ੍ਰਸਾਸ਼ਨ ਵੱਲੋਂ 27 ਫਰਵਰੀ ਦੀ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ।
ਵਿੱਤ ਮੰਤਰੀ ਦਫਤਰ ਵੱਲੋਂ 27 ਫਰਵਰੀ ਦੀ ਮੀਟਿੰਗ 5 ਮਾਰਚ 'ਤੇ ਮੁਲਤਵੀ ਕੀਤੀ ਮੁੜ 6 ਮਾਰਚ, 27 ਮਾਰਚ ਤੇ 10 ਅਪ੍ਰੈਲ 'ਤੇ ਮੁਲਤਵੀ ਕਰ ਦਿੱਤੀ ਗਈ। ਹੁਣ 10 ਅਪ੍ਰੈਲ ਨੂੰ ਜਦੋਂ ਮੁਲਾਜ਼ਮ ਮੀਟਿੰਗ ਕਰਨ ਗਏ ਤਾਂ ਦਫਤਰ ਅਧਿਕਾਰੀਆਂ ਵੱਲੋਂ ਮੁੜ ਤੋਂ ਮੀਟਿੰਗ ਮੁਲਤਵੀ ਕਰਨ ਦਾ ਸੰਦੇਸ਼ ਦਿੱਤਾ ਜਿਸ ਕਰਕੇ ਕਰਮਚਾਰੀਆਂ ਵਿਚ ਰੋਸ ਤੇ ਨਿਰਾਸ਼ਾ ਦੀ ਲਹਿਰ ਹੈ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਜੋਆਇੰਟ ਐਕਸ਼ਨ ਕਮੇਟੀ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਗੁਰਮੀਤ ਸਿੰਘ ਭੂੰਦੜ, ਜਗਮੋਹਨ ਸਿੰਘ, ਜਗਸੀਰ ਸਿੰਘ, ਵਿਕਾਸ ਕੁਮਾਰ, ਅਮਨ ਥਾਪਰ, ਜੈਵਲ ਜੈਨ, ਚਮਕੋਰ ਸਿੰਘ, ਜਨਕ ਸਿੰਘ ਵਰੁਣ ਜੈਣ ਵਰਿੰਦਰ ਸਿੰਘ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਿਛਲੇ 7-8 ਮਹੀਨਿਆਂ ਤੋਂ ਮੁਲਾਜ਼ਮਾਂ ਨੂੰ ਲਾਰੇ ਲਗਾ ਰਹੇ ਹਨ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਪਰ ਹੁਣ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ 31000-31000 ਦਾ ਕੱਟ ਲਗਾ ਕੇ ਮੁਲਾਜ਼ਮਾਂ ਨੂੰ ਖੁਦਕੁਸ਼ੀਆਂ ਕਰਨ 'ਤੇ ਮਜ਼ਬੂਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕਰਮਚਾਰੀ ਪਿਛਲੇ 20-20 ਸਾਲਾਂ ਤੋਂ ਤਨਦੇਹੀ ਨਾਲ ਸਿੱਖਿਆ ਵਿਭਾਗ ਦਾ ਕੰਮ ਕਰ ਰਹੇ ਹਨ ਅਤੇ ਕਰਮਚਾਰੀਆਂ ਨੂੰ ਤਨਖਾਹ ਦੇਣ ਲਈ ਬਜ਼ਟ ਵੀ ਕੇਂਦਰ ਸਰਕਾਰ ਵੱਲੋਂ ਪੂਰਾ ਜ਼ਾਰੀ ਕੀਤਾ ਜਾ ਰਿਹਾ ਹੈ ਫਿਰ ਵੀ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕੱਟ ਲਾਉਣ 'ਤੇ ਤੁਲੀ ਹੋਈ ਹੈ। ਆਗੂਆਂ ਨੇ ਕਿਹਾ ਕੈਬਿਨਟ ਵਿਚ ਪਾਸ ਕੀਤੇ ਮਤੇ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆਂ ਦੀ ਤਨਖਾਹ ਕਟੌਤੀ ਨਾਲ ਸਰਕਾਰ ਦੇ ਖ਼ਜ਼ਾਨੇ ਵਿਚ ਤਕਰੀਬਨ 23 ਕਰੋੜ ਦੀ ਬੱਚਤ ਹੋਵੇਗੀ। ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਧਾਉਣ ਦੀ ਬਜ਼ਾਏ ਤਨਖਾਹਾਂ 'ਤੇ ਕੱਟ ਲਗਾ ਕੇ ਖ਼ਜ਼ਾਨਾ ਭਰਨ ਦੀਆਂ ਵਿਉਂਤਾਂ ਘੜ ਰਹੀ ਹੈ। ਆਗੂਆਂ ਨੇ ਕਿਹਾ ਕਿ ਤਨਖਾਹ ਕਟੌਤੀ ਨਾਲ ਕਰਮਚਾਰੀ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਨਹੀਂ ਕਰ ਸਕਣਗੇ ਇਸ ਲਈ ਉਨ੍ਹਾਂ ਫੈਸਲਾ ਕੀਤਾ ਹੈ ਕਿ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜਬਾ ਵਿਖੇ ਛੱਡ ਕੇ ਆਉਣਗੇ।
Click to Follow Babushahi Facebook page →