ਸੁਲਤਾਨਪੁਰ ਲੋਧੀ ਪੁਲਿਸ ਵੱਲੋਂ 3 ਮੁਕੱਦਮਿਆਂ ‘ਚ ਭਗੌੜਾ ਦੋਸ਼ੀ ਕਾਬੂ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 18 ਅਪ੍ਰੈਲ 2026 – ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਲੰਮੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਖ਼ਤਰਨਾਕ ਦੋਸ਼ੀ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ।
ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ ਥਾਣਾ ਮੁਖੀ ਹਰਿੰਦਰ ਸਿੰਘ ਦੀ ਅਗਵਾਈ ਹੇਠ 3 ਵੱਖ-ਵੱਖ ਮੁਕੱਦਮਿਆਂ ‘ਚ ਭਗੌੜੇ ਦੋਸ਼ੀ ਰਣਧੀਰ ਸਿੰਘ ਉਰਫ਼ ਰਾਣਾ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਤੋਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਮੁਤਾਬਕ ਇਹ ਦੋਸ਼ੀ ਕਰੀਬ 3 ਸਾਲ ਤੋਂ ਫਰਾਰ ਚੱਲ ਰਿਹਾ ਸੀ। 10 ਜੂਨ 2023 ਨੂੰ ਲਗੇ ਨਾਕੇ ਦੌਰਾਨ ਦੋਸ਼ੀ ਨੇ ਆਪਣੇ ਸਾਥੀ ਨਾਲ ਮਿਲ ਕੇ ਪੁਲਿਸ ਕਰਮਚਾਰੀ ਨਾਲ ਹੱਥਾਪਾਈ ਕੀਤੀ, ਨਾਕਾ ਤੋੜ ਕੇ ਭੱਜ ਗਿਆ ਅਤੇ ਸਰਕਾਰੀ ਗੱਡੀ ਨੂੰ ਟੱਕਰ ਮਾਰ ਕੇ ਨੁਕਸਾਨ ਪਹੁੰਚਾਇਆ ਸੀ। ਇਸ ਮਾਮਲੇ ਵਿੱਚ IPC ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਸੀ।
ਪੁਲਿਸ ਨੇ ਹੁਣ ਟ੍ਰੈਪ ਲਗਾ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਕਬਜ਼ੇ ‘ਚੋਂ ਸਕੌਰਪਿਓ ਗੱਡੀ (PB 09 AH 8365) ਵੀ ਬਰਾਮਦ ਕੀਤੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਉੱਤੇ ਪਹਿਲਾਂ ਵੀ NDPS ਐਕਟ ਤਹਿਤ 2 ਮੁਕੱਦਮੇ ਦਰਜ ਹਨ, ਜਿਨ੍ਹਾਂ ‘ਚ ਉਸ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਹੋਈ ਸੀ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਅਤੇ ਮਾੜੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Click to Follow Babushahi Facebook page →