ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਸਬੰਧੀ ਵੀ ਹੋਇਆ ਗੁਰਮਤਿ ਸਮਾਗਮ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 30 ਅਪ੍ਰੈਲ-
ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਗੁਰੂ ਦਰਬਾਰ ਵਿਚ ਨਿਮਰਤਾ ਭਾਵ ਨਾਲ ਨਿਭਾਈ ਸੇਵਾ ਹਰ ਸਿੱਖ ਲਈ ਪ੍ਰੇਰਨਾਮਈ ਹੈ। ਉਨਾਂ੍ਹ ਕਿਹਾ ਕਿ ਤੀਸਰੇ ਪਾਤਸ਼ਾਹ ਵੱਲੋਂ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕਰਦਿਆਂ ਪਹਿਲਾਂ ਪੰਗਤ ਫਿਰ ਸੰਗਤ ਦਾ ਉਪਦੇਸ਼ ਦੇ ਕੇ ਜਾਤ ਪਾਤ ਦੇ ਭੇਦਭਾਵ ਨੂੰ ਖ਼ਤਮ ਕੀਤਾ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਸਬੰਧੀ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸ. ਹਰੀ ਸਿੰਘ ਨਲੂਆ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਿੱਖ ਰਾਜ ਦੀ ਸਥਾਪਤੀ ’ਚ ਵਿਸ਼ੇਸ਼ ਯੋਗਦਾਨ ਸੀ। ਉਨ੍ਹਾਂ ਸ. ਹਰੀ ਸਿੰਘ ਨਲੂਆ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਪ੍ਰੇਰਨਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਬਲਦੇਵ ਸਿੰਘ, ਸ. ਸ਼ਿਵਰਾਜ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਜਸਬੀਰ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਸ. ਅਜੈ ਸਿੰਘ ਤੇ ਹੋਰ ਮੌਜੂਦ ਸਨ।
Click to Follow Babushahi Facebook page →