ਫ਼ਾਜ਼ਿਲਕਾ : ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
/ਬਾਬੂਸ਼ਾਹੀ ਬਿਊਰੋ
ਫ਼ਾਜ਼ਿਲਕਾ 30 ਅਪ੍ਰੈਲ 2026
ਜਿਲਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 30 ਜੂਨ 2026 ਤੱਕ ਲਾਗੂ ਰਹਿਣਗੇ।
ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਜ਼ਿਲ੍ਹੇ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੀ ਹਾਂ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਈ ਜਾਵੇ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।
ਗਊਵੰਸ਼ ਦੀ ਢੋਆ ਢੁਆਈ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ।
ਚਾਇਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਨੇ ਦੱਸਿਆ ਕਿ ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ ਹੁੰਦੀ ਹੈ ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਇਕਲ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ ।
ਸਬ ਜੇਲ੍ਹ ਫਾਜਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਘੋਸ਼ਿਤ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਉਨ੍ਹਾਂ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਅਸਾਲੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋ ਕਰਕੇ ਜੇਲ੍ਹਾਂ ਵਿੱਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ।
ਬਾਰਡਰ ਨੇੜਲੇ ਪਿੰਡਾਂ ਅਤੇ ਬੀ.ਓ.ਪੀਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ- ਜਾਣ *ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ.ਓ.ਪੀਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ-ਜਾਣ *ਤੇ ਪਾਬੰਦੀ ਲਗਾਈ ਹੈ। ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਡਰੋਨ ਗਤੀਵਿਧੀ ਵਧਣ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।ਇਸ ਲਈ ਸਰਹਦੀ ਖੇਤਰ ਦੀ ਸੁਰੱਖਿਆ ਦੇ ਮੱਦੇਨਜਰ ਆਮ ਲੋਕਾਂ ਲਈ ਸਰਹਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ *ਤੇ ਪਾਬੰਦੀ ਰਹੇਗੀ।
ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲਾ ਮੈਜ਼ਿਸਟੇ੍ਰਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜੋ ਕਿ ਬਹੁਤ ਤੇਜਧਾਰ ਵਾਲੀ ਹੁੰਦੀ ਹੈ ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫੀਸਦੀ ਪਸ਼ੂ ਅਤੇ ਗਊਆਂ ਇਸ ਕੋਬਰਾ/ਕੰਡਿਆਲੀ ਤਾਰ ਤੋਂ ਜਖਮੀ ਹੈ। ਇਸ ਲਈ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।
ਇਹ ਸਾਰੇ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ।
Click to Follow Babushahi Facebook page →