ਇਨਕਲਾਬੀ ਕੇਂਦਰ ਪੰਜਾਬ ਵੱਲੋਂ ਮਿਉਂਸਪਲ ਕਾਮਿਆਂ ਦੇ ਸੰਘਰਸ਼ ਦੀ ਹਮਾਇਤ
ਅਸ਼ੋਕ ਵਰਮਾ
ਬਠਿੰਡਾ, 12 ਮਈ 2026 :ਇਨਕਲਾਬੀ ਕੇਂਦਰ ਪੰਜਾਬ ਵੱਲੋਂ ਮਿਉਂਸਪਲ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕਰਦਿਆਂ, ਹਰ ਕਿਸਮ ਦਾ ਸਰਗਰਮ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਯਾਦ ਰਹੇ ਕਿ 10 ਦਿਨਾਂ ਤੋਂ ਮਿਉਂਸਪਲ ਕਾਮੇ ਹੜ੍ਹਤਾਲ ਤੇ ਚੱਲ ਰਹੇ ਹਨ। ਇਸ ਹੜਤਾਲ ਕਾਰਨ ਕੂੜਾ ਇਕੱਠਾ ਕਰਨਾ, ਸਟਰੀਟ ਲਾਈਟਾਂ ਦੀ ਮੁਰੰਮਤ, ਪਾਣੀ ਸਪਲਾਈ ਅਤੇ ਸਫ਼ਾਈ ਨਾਲ ਸਬੰਧਤ ਸੇਵਾਵਾਂ ਸਮੇਤ ਹੋਰ ਰੁਟੀਨ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਮਿਉਂਸਪਲ ਸਫ਼ਾਈ ਕਾਮੇ ਗੰਦ ਢੋਣ ਜਿਹਾ ਕੰਮ, ਆਪਣੀ ਜ਼ਿੰਦਗੀ ਨੂੰ ਜੋਖ਼ਮ ਵਿੱਚ ਪਾਕੇ ਸਭ ਤੋਂ ਖ਼ਤਰਨਾਕ ਹਾਲਤਾਂ ਵਿੱਚ ਕੰਮ ਕਰਦੇ ਹਨ।
ਉਹਨਾਂ ਕਿਹਾ ਕਿ ਸੀਵਰੇਜ ਦੀ ਸਫ਼ਾਈ ਦਾ ਕੰਮ ਇਨ੍ਹਾਂ ਕਾਮਿਆਂ ਲਈ ਮੌਤ ਨੂੰ ਸੱਦਾ ਦੇਣ ਸਮਾਨ ਹੀ ਹੁੰਦਾ ਹੈ। ਲੰਬਾ ਸਮਾਂ ਇਹ ਸਫ਼ਾਈ ਕਾਮੇ ਹੱਥੀਂ ਮੈਲਾ ਢੋਣ ਦੀ ਪ੍ਰਥਾ ਦਾ ਸ਼ਿਕਾਰ ਰਹੇ। 2013 ਦੀਆਂ ਸੁਪਰੀਮ ਕੋਰਟ ਦੀਆਂ ਸਪੱਸ਼ਟ ਹਦਾਇਤਾਂ ਦੇ ਬਾਵਜੂਦ ਹਾਲੇ ਵੀ ਮੁਲਕ ਦੇ ਵੱਖ ਵੱਖ ਹਿੱਸਿਆਂ ਵਿੱਚ ਲੱਖਾਂ ਸਫ਼ਾਈ ਕਾਮੇ ਹੱਥੀਂ ਮੈਲਾ ਢੋਣ ਲਈ ਮਜ਼ਬੂਰ ਹਨ। ਸੁਪਰੀਮ ਕੋਰਟ ਦੀਆਂ ਇਨ੍ਹਾਂ ਸਫ਼ਾਈ ਕਾਮਿਆਂ ਪ੍ਰਤੀ ਸਪੱਸ਼ਟ ਹਦਾਇਤਾਂ ਹਨ ਕਿ ਇਨ੍ਹਾਂ ਨੂੰ ਠੇਕੇਦਾਰੀ ਪ੍ਰਥਾ ਅਧੀਨ ਨਹੀਂ ਰੱਖਿਆ ਜਾ ਸਕਦਾ। ਪਰ 15 ਲੱਖ ਦੀ ਗਿਣਤੀ ਵਿੱਚ ਸਫ਼ਾਈ ਕਾਮੇ ਨਿਗੂਣੀਆਂ ਤਨਖ਼ਾਹਾਂ ਤੇ ਠੇਕੇਦਾਰੀ ਪ੍ਰਥਾ ਅਧੀਨ ਕੰਮ ਕਰਨ ਲਈ ਮਜ਼ਬੂਰ ਹਨ। ਲੋਕ ਸਭਾ ਵਿੱਚ ਪੇਸ਼ ਅੰਕੜਿਆਂ ਮੁਤਾਬਕ ਪਿਛਲੇ 9 ਸਾਲਾਂ ਵਿੱਚ 622 ਸਫ਼ਾਈ ਕਾਮਿਆਂ ਦੀ ਮੌਤ ਹੋ ਗਈ ਹੈ।
ਉਹਨਾਂ ਕਿਹਾ ਕਿ ਇਨ੍ਹਾਂ ਵਿੱਚੋਂ 58 ਪ੍ਰੀਵਾਰ ਅਜਿਹੇ ਹਨ, ਜਿਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ। ਇਨ੍ਹਾਂ ਮਿਉਂਸਪਲ ਕਾਮਿਆਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਨਾਲ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਚਰਮਰਾ ਗਈ ਹੈ। ਥਾਂ ਥਾਂ ਕੂੜੇ ਦੇ ਢੇਰ ਲੱਗ ਗਏ ਹਨ ਅਤੇ ਗੰਭੀਰ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ। ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਮੁਖਤਿਆਰ ਪੂਹਲਾ, ਜਗਜੀਤ ਲਹਿਰਾ ਮੁਹੱਬਤ ਅਤੇ ਜਸਵੰਤ ਜੀਰਖ ਨੇ ਕਿਹਾ ਕਿ ਮਿਉਂਸਪਲ ਕਾਮਿਆਂ ਦਾ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਅਤੇ ਨਵੀਂ ਪੈਨਸ਼ਨ ਸਕੀਮ ਰੱਦ ਕਰਵਾਉਣ ਦਾ ਸੰਘਰਸ਼ 1990-91 ਤੋਂ ਲਾਗੂ ਕੀਤੀ ਨਿੱਜੀਕਰਨ, ਉਦਾਰੀਕਰਨ ਤੇ ਵਿਸ਼ਵੀਕਰਨ ਦੀ ਨੀਤੀ ਨਾਲ ਜੁੜਿਆ ਹੋਇਆ ਹੈ
ਉਹਨਾਂ ਕਿਹਾ ਕਿ ਹੋਰਨਾਂ ਸਰਕਾਰੀ ਅਦਾਰਿਆਂ ਵਾਂਗ ਮਿਉਂਸਪਲ ਕਾਰਪੋਰੇਸ਼ਨਾਂ/ਮਿਉਂਸਪਲ ਕੌਂਸਲਾਂ ਦਾ ਵੀ ਨਿੱਜੀ ਕਰਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਮਿਉਂਸਪਲ ਕਾਮਿਆਂ ਦੇ ਹੱਕੀ ਸੰਘਰਸ਼ ਪ੍ਰਤੀ ਬੇਸ਼ਰਮੀ ਬਰੀ ਚੁੱਪ ਧਾਰੀ ਹੋਈ ਹੈ। ਇਨਕਲਾਬੀ ਕੇਂਦਰ ਪੰਜਾਬ ਮਿਉਂਸਪਲ ਕਾਮਿਆਂ ਦੇ ਸੰਘਰਸ਼ ਦੀ ਜ਼ੋਰਦਾਰ ਹਮਾਇਤ ਦਾ ਐਲਾਨ ਕਰਦਾ ਹੋਇਆ ਮੰਗ ਕਰਦਾ ਹੈ ਕਿ ਇਨ੍ਹਾਂ ਕਾਮਿਆਂ ਦੇ ਹੱਕੀ ਅਤੇ ਜਾਇਜ ਮੰਗਾਂ ਪ੍ਰਵਾਨ ਕੀਤੀਆਂ ਜਾਣ। ਇਨਕਲਾਬੀ ਕੇਂਦਰ ਪੰਜਾਬ ਇਨਕਲਾਬੀ ਜਮਹੂਰੀ ਸ਼ਕਤੀਆਂ ਨੂੰ ਇਨ੍ਹਾਂ ਮਿਉਂਸਪਲ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕਰਨ ਦੀ ਅਪੀਲ ਕਰਦਾ ਹੈ।
- Download Babushahi App
-
-