ਚੰਡੀਗੜ੍ਹ ਵਿੱਚ Encounter ਤੋਂ ਬਾਅਦ ਬੰਬੀਹਾ ਗੈਂਗ ਦੇ 3 ਗੈਂਗਸਟਰ ਗ੍ਰਿਫ਼ਤਾਰ
Ravi Jakhu /ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 19 ਮਈ, 2026
ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੂੰ ਉਸ ਸਮੇਂ ਇੱਕ ਵੱਡੀ ਕਾਮਯਾਬੀ ਮਿਲੀ ਜਦੋਂ ਸੈਕਟਰ 43 ਦੇ ਅੰਤਰਰਾਜੀ ਬੱਸ ਸਟੈਂਡ (ISBT) ਦੇ ਬਿਲਕੁਲ ਸਾਹਮਣੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਐਨਕਾਊਂਟਰ ਹੋਇਆ। ਇਸ ਮੁਠਭੇੜ ਤੋਂ ਬਾਅਦ ਪੁਲਿਸ ਨੇ ਤਿੰਨ ਖ਼ਤਰਨਾਕ ਗੈਂਗਸਟਰਾਂ ਨੂੰ ਮੌਕੇ 'ਤੇ ਹੀ ਦਬੋਚ ਲਿਆ, ਜੋ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ ਅਤੇ ਉਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਅਤੇ ਪੁੱਛਗਿੱਛ ਦੌਰਾਨ ਇਹ ਵੱਡਾ ਖੁਲਾਸਾ ਹੋਇਆ ਹੈ ਕਿ ਫੜੇ ਗਏ ਤਿੰਨੋਂ ਗੈਂਗਸਟਰ ਬਦਨਾਮ 'ਬੰਬੀਹਾ ਗਰੁੱਪ' ਨਾਲ ਸਬੰਧ ਰੱਖਦੇ ਹਨ। ਇਹ ਗੈਂਗਸਟਰ ਚੰਡੀਗੜ੍ਹ ਦੇ ਟ੍ਰਾਈਸਿਟੀ ਇਲਾਕੇ ਵਿੱਚ ਕਿਸੇ ਬਹੁਤ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਇੱਥੇ ਪਹੁੰਚੇ ਹੋਏ ਸਨ, ਜਿਸ ਨੂੰ ਆਪਰੇਸ਼ਨ ਸੈੱਲ ਨੇ ਸਮਾਂ ਰਹਿੰਦੇ ਨਾਕਾਮ ਕਰ ਦਿੱਤਾ।
ਗ੍ਰਿਫ਼ਤਾਰੀ ਦੌਰਾਨ ਗੈਂਗਸਟਰਾਂ ਨੇ ਪੁਲਿਸ ਪਾਰਟੀ 'ਤੇ ਸਿੱਧੀ ਫਾਇਰਿੰਗ ਵੀ ਕੀਤੀ। ਇਸ ਗੋਲੀਬਾਰੀ ਦੌਰਾਨ ਇੱਕ ਗੋਲੀ ਸਿੱਧੀ ਪੁਲਿਸ ਕਰਮੀ ਨੂੰ ਜਾ ਲੱਗੀ, ਪਰ ਖੁਸ਼ਕਿਸਮਤੀ ਰਹੀ ਕਿ ਪੁਲਿਸ ਮੁਲਾਜ਼ਮ ਨੇ ਬੁਲਟਪਰੂਫ ਜੈਕਟ ਪਾਈ ਹੋਈ ਸੀ, ਜਿਸ ਕਾਰਨ ਉਸ ਦੀ ਜਾਨ ਵਾਲ-ਵਾਲ ਬਚ ਗਈ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਮੁਸਤੈਦੀ ਦਿਖਾਉਂਦੇ ਹੋਏ ਤਿੰਨਾਂ ਨੂੰ ਹਥਿਆਰਾਂ ਸਣੇ ਕਾਬੂ ਕਰ ਲਿਆ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਇਨ੍ਹਾਂ ਦੇ ਨਿਸ਼ਾਨੇ 'ਤੇ ਕੌਣ ਸੀ ਅਤੇ ਇਨ੍ਹਾਂ ਨੂੰ ਹਥਿਆਰ ਕਿੱਥੋਂ ਸਪਲਾਈ ਹੋਏ ਸਨ।
- Download Babushahi App
-
-