ਅਗਾਮੀ 7 ਜੂਨ ਨੂੰ ਲੱਗਣਗੇ ਪ੍ਰੀ- ਐਸ.ਆਈ.ਆਰ ਅਧਾਰਤ ਵਿਸ਼ੇਸ਼ ਕੈਂਪ : DC
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ
ਅਸ਼ੋਕ ਵਰਮਾ
ਬਠਿੰਡਾ, 2 ਜੂਨ 2026 :ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ (ਦਿਨ ਐਤਵਾਰ) ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਠਿੰਡਾ ਦੇ ਪੋਲਿੰਗ ਬੂਥਾਂ ਵਿੱਚ ਪ੍ਰੀ- ਐਸ.ਆਈ.ਆਰ 'ਤੇ ਅਧਾਰਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਨੂੰ ਬਿਲਕੁਲ ਸਹੀ ਅਤੇ ਅਪਡੇਟ ਕਰਨ ਲਈ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਸਾਰੇ ਬੂਥ ਲੈਵਲ ਅਫਸਰ, 7 ਜੂਨ ਦਿਨ ਐਤਵਾਰ ਨੂੰ ਆਪੋ-ਆਪਣੇ ਬੂਥਾਂ ‘ਤੇ ਮੌਜੂਦ ਰਹਿਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼, ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਕੰਮਾਂ ਨੂੰ ਹੋਰ ਪਾਰਦਰਸ਼ੀ, ਤਰੁੱਟੀ-ਰਹਿਤ ਅਤੇ ਸੁਖਾਲਾ ਬਣਾਉਣਾ ਹੈ। ਜਿਹੜੇ ਵੋਟਰਾਂ ਦੀ ਵੋਟ ਸਾਲ 2003 ਦੀ ਵੋਟਰ ਸੂਚੀ ਨਾਲ ਅਜੇ ਤੱਕ ਮੈਪ ਨਹੀਂ ਹੋਈ, ਉਹ ਵੋਟਰ ਇਸ ਵਿਸ਼ੇਸ਼ ਕੈਂਪ ਵਿੱਚ ਆਪਣੀ ਵੋਟ ਮੈਪ ਕਰਵਾ ਲੈਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪਹਿਲਾਂ ਜਾਰੀ ਵਿਸ਼ੇਸ਼ ਗਹਿਰੀ ਸੁਧਾਈ ਦੇ ਸ਼ਡਿਊਲ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ, ਜਿਸ ਤਹਿਤ ਹੁਣ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ ਦੀ ਥਾਂ ‘ਤੇ 3 ਅਗਸਤ 2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਇਹਨਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸ਼ਡਿਊਲ ਉਸੇ ਤਰ੍ਹਾਂ ਜਾਰੀ ਰਹੇਗਾ ਜਿਸ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫਸਰ ਘਰ-ਘਰ ਜਾ ਕੇ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਦੀ ਵੰਡ ਕਰਨਗੇ ਅਤੇ ਸਬੰਧਤ ਵੋਟਰ ਪਾਸੋਂ ਲੋੜੀਂਦੀ ਜਾਣਕਾਰੀ ਭਰਵਾ ਕੇ ਹਸਤਾਖਰਸ਼ੁਦਾ ਫਾਰਮ ਇਕੱਤਰ ਕਰਨਗੇ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।
- Download Babushahi App
-
-