ਵਿਸ਼ਵ ਵਾਤਾਵਰਨ ਦਿਵਸ ਮੌਕੇ ਸਿਵਲ ਸਰਜਨ ਨੇ ਪੌਦਾ ਲਾਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼
ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ, ਹਰ ਵਿਅਕਤੀ ਪਾਵੇ ਆਪਣਾ ਯੋਗਦਾਨ : ਡਾ. ਤਪਿੰਦਰਜੋਤ
ਅਸ਼ੋਕ ਵਰਮਾ
ਬਠਿੰਡਾ, 5 ਜੂਨ 2026 :ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਬਲੱਡ ਬੈਂਕ ਵਿਖੇ ਪੌਦਾ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ । ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਪੌਦੇ ਲਗਾ ਕੇ ਵਾਤਾਵਰਨ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।
ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਸ਼ੁੱਧ ਹਵਾ, ਆਕਸੀਜਨ ਅਤੇ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਦੇ ਹਨ। ਮੌਜੂਦਾ ਸਮੇਂ ਵਿੱਚ ਵੱਧ ਰਹੇ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਿਹਤਮੰਦ ਵਾਤਾਵਰਨ ਹੀ ਚੰਗੀ ਸਿਹਤ ਦਾ ਆਧਾਰ ਹੈ। ਰੁੱਖ ਲਗਾਉਣ ਨਾਲ ਨਾ ਸਿਰਫ਼ ਵਾਤਾਵਰਨ ਦੀ ਸੁਰੱਖਿਆ ਹੁੰਦੀ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇੱਕ ਸੁਰੱਖਿਅਤ ਅਤੇ ਹਰਿਆ-ਭਰਿਆ ਭਵਿੱਖ ਯਕੀਨੀ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਅਤੇ ਹੋਰ ਖ਼ਾਸ ਮੌਕਿਆਂ ‘ਤੇ ਪੌਦੇ ਲਗਾ ਕੇ ਵਾਤਾਵਰਨ ਸੁਰੱਖਿਆ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਰਾਮਾ ਮੰਡੀ ਡਾ ਸਤਪਾਲ ਸਿੰਘ, ਜਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਕੇਵਲ ਸਿੰਘ ਅਤੇ ਰੋਹਿਤ ਜਿੰਦਲ ਅਤੇ ਬੀ.ਈ.ਈ ਮਾਲਵਿੰਦਰ ਸਿੰਘ ਤਿਉਣਾ ਹਾਜਰ ਸਨ ।
- Download Babushahi App
-
-