ਬਟਾਲਾ ਦੇ ਸਿੰਬਲ ਚੌਂਕ 'ਚ ਚੱਲੀਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ ਤੇ ਕਈ ਜ਼ਖਮੀ
ਬਟਾਲਾ 5 ਜੂਨ 2026
ਬਟਾਲਾ ਦੇ ਸਿੰਬਲ ਚੌਂਕ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਗੱਡੀ ਕੱਢਣ ਵਰਗੇ ਇੱਕ ਬੇਹੱਦ ਮਾਮੂਲੀ ਜਿਹੇ ਵਿਵਾਦ ਨੇ ਖ਼ੌਫ਼ਨਾਕ ਖੂਨੀ ਰੂਪ ਧਾਰਨ ਕਰ ਲਿਆ। ਦੋ ਧਿਰਾਂ ਵਿਚਾਲੇ ਹੋਈ ਤਕਰਾਰ ਇੰਨੀ ਵਧ ਗਈ ਕਿ ਦੋਵਾਂ ਪਾਸਿਆਂ ਤੋਂ ਇੱਕ-ਦੂਜੇ 'ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਤਿੰਨ ਤੋਂ ਚਾਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਐਸ.ਐਸ.ਪੀ. ਬਟਾਲਾ ਡਾਕਟਰ ਮਹਿਤਾਬ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਪੁਰਾਣੀ ਰੰਜਿਸ਼ ਜਾਂ ਫਿਰੌਤੀ ਮੰਗਣ ਵਰਗਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਹ ਹਾਦਸਾ ਸਿਰਫ਼ ਗੱਡੀ ਕੱਢਣ ਦੀ ਗੱਲ ਨੂੰ ਲੈ ਕੇ ਹੋਈ ਆਪਸੀ ਬਹਿਸਬਾਜ਼ੀ ਅਤੇ ਗੁੱਸੇ ਦੇ ਕਾਰਨ ਵਾਪਰਿਆ ਹੈ।
ਗੋਲੀਬਾਰੀ ਵਿੱਚ ਦੋਵਾਂ ਹੀ ਧਿਰਾਂ ਦੇ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸ.ਐਸ.ਪੀ. ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
- Download Babushahi App
-
-