ਰਾਜਨੀਤਿਕ ਤੌਰ 'ਤੇ ਮੈਨੂੰ ਬਦਨਾਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਸਾਬਕਾ ਵਿਧਾਇਕ ਸੰਦੋਆ
ਮਨਪ੍ਰੀਤ ਸਿੰਘ
ਰੂਪਨਗਰ, 18 ਜੂਨ 2026- ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਵਿਧਾਇਕ ਵੱਲੋਂ ਉਨ੍ਹਾਂ ਨੂੰ ਰਾਜਨੀਤਕ ਤੌਰ ਤੇ ਬਦਨਾਮ ਕਰਨ ਲਈ ਸੋਚੀ-ਸਮਝੀ ਸਾਜ਼ਿਸ਼ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਸੰਦੋਆ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਦੇ ਇੱਕ ਹੋਟਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਮਾਮਲੇ ਨਾਲ਼ ਉਨ੍ਹਾਂ ਦਾ ਨਾਮ ਬੇਬੁਨਿਆਦ ਤੌਰ ’ਤੇ ਜੋੜ ਕੇ ਉਸ ਸਮੇਂ ਕੁੱਝ ਪੱਤਰਕਾਰਾਂ ਵੱਲੋਂ ਮੀਡੀਆ ਵਿੱਚ ਖ਼ਬਰਾਂ ਲਗਾਈਆਂ ਗਈਆਂ, ਜਦਕਿ ਉਨ੍ਹਾਂ ਦਾ ਉਸ ਹੋਟਲ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਬੰਧ ਨਹੀਂ ਸੀ। ਨਾ ਹੀ ਉਕਤ ਹੋਟਲ ਨਾਲ਼ ਉਨ੍ਹਾਂ ਦਾ ਕੋਈ ਵੀ ਲੈਣਾ ਦੇਣਾ ਹੈ।
ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਸਿਆਸੀ ਦਬਾਅ ਹੇਠ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ। ਸੰਦੋਆ ਨੇ ਕਿਹਾ ਕਿ ਉਹ ਨਾ ਤਾਂ ਉਕਤ ਹੋਟਲ ਬਾਰੇ ਜਾਣਦੇ ਹਨ ਅਤੇ ਨਾ ਹੀ ਉਨ੍ਹਾਂ ਨੇ ਕਦੇ ਉਹ ਹੋਟਲ ਦੇਖਿਆ ਹੈ ਕਿ ਇਹ ਹੋਟਲ ਕਿੱਥੇ ਬਣਿਆ ਹੋਇਆ ਹੈ।
ਸਾਬਕਾ ਵਿਧਾਇਕ ਨੇ ਦੋਸ਼ ਲਗਾਇਆ ਕਿ ਰੂਪਨਗਰ ਦੇ ਮੌਜੂਦਾ ਵਿਧਾਇਕ ਵੱਲੋਂ ਪੁਲਿਸ ਪ੍ਰਸ਼ਾਸਨ ’ਤੇ ਦਬਾਅ ਪਾ ਕੇ ਉਨ੍ਹਾਂ ਦਾ ਨਾਮ ਇਸ ਮਾਮਲੇ ਨਾਲ਼ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਦੇ ਨਾਮ ’ਤੇ ਜਾਰੀ ਕੀਤਾ ਗਿਆ ਨੋਟਿਸ ਉਨ੍ਹਾਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਮੀਡੀਆ ਵਿੱਚ ਪਹੁੰਚ ਗਿਆ, ਜਿਸ ਨਾਲ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਹੁੰਦੇ ਹਨ।
ਸੰਦੋਆ ਨੇ ਕਿਹਾ ਕਿ ਉਹ ਲਗਾਤਾਰ ਵਿਧਾਇਕ ਵੱਲੋਂ ਕੀਤੀ ਜਾ ਰਹੀ ਕਥਿਤ ਬਲੈਕਮੇਲਿੰਗ ਅਤੇ ਗੁੰਡਾਗਰਦੀ ਖਿਲਾਫ਼ ਆਵਾਜ਼ ਉਠਾ ਰਹੇ ਹਨ, ਜਿਸ ਕਾਰਨ ਬਦਲਾਖੋਰੀ ਦੀ ਨੀਅਤ ਨਾਲ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੁਹਰਾਇਆ ਕਿ ਉਕਤ ਹੋਟਲ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਇਸ ਗੱਲ ਦੀ ਪੁਸ਼ਟੀ ਲਈ ਉਹ ਪੀਰ ਬਾਬਾ ਜ਼ਿੰਦਾ ਸ਼ਹੀਦ ਜੀ ਦੇ ਪਵਿੱਤਰ ਅਸਥਾਨ ’ਤੇ ਕਸਮ ਖਾਣ ਲਈ ਵੀ ਤਿਆਰ ਹਨ।
ਸੰਦੋਆ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਬਿਨਾਂ ਕਾਰਨ ਤੰਗ-ਪਰੇਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ ਉਹ ਕਾਨੂੰਨੀ ਕਾਰਵਾਈ ਵੀ ਕਰਨਗੇ। ਇਸ ਦੇ ਨਾਲ਼ ਹੀ ਉਨ੍ਹਾਂ ਕਿਹਾ ਕਿ ਕੁੱਝ ਪੱਤਰਕਾਰਾਂ ਵੱਲੋਂ ਵੀ ਇਸ ਸਬੰਧੀ ਉਨ੍ਹਾਂ ਦਾ ਪੱਖ ਜਾਣੇ ਬਿਨਾਂ ਉਨ੍ਹਾਂ ਖਿਲਾਫ਼ ਖਬਰ ਚਲਾਈ ਗਈ ਸੀ, ਜਿਸ ਸਬੰਧੀ ਵੀ ਉਹ ਬਣਦੀ ਕਾਰਵਾਈ ਕਰਵਾਉਣਗੇ ਅਤੇ ਮਾਣਹਾਨੀ ਦੇ ਨੋਟਿਸ ਵੀ ਭੇਜਣਗੇ।
- Download Babushahi App
-
-