ਚੰਡੀਗੜ੍ਹ ਭਾਜਪਾ ਪ੍ਰਧਾਨ ਦੇ ਬਿਆਨ 'ਤੇ AAP ਤੇ ਕਾਂਗਰਸ ਦਾ ਵੱਡਾ ਰੋਸ ਵਿਖਾਵਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 19 ਜੂਨ 2026- ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਪੰਜਾਬੀਆਂ ਵਿਰੁੱਧ ਦਿੱਤੀ ਗਈ ਕਥਿਤ ਵਿਵਾਦਤ ਟਿੱਪਣੀ ਦਾ ਮਾਮਲਾ ਹੁਣ ਪੂਰੇ ਪੰਜਾਬ ਵਿੱਚ ਭੱਖ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਜਾ ਰਹੇ ਘਿਰਾਓ ਦੇ ਐਲਾਨ ਤੋਂ ਬਾਅਦ, ਹੁਣ ਕਾਂਗਰਸ ਪਾਰਟੀ ਨੇ ਵੀ ਇਸ ਬਿਆਨ ਨੂੰ ਪੰਜਾਬ ਅਤੇ ਪੰਜਾਬੀਅਤ ਦਾ ਵੱਡਾ ਅਪਮਾਨ ਦੱਸਦਿਆਂ ਭਾਜਪਾ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ 'ਤੇ ਵੱਡੇ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ।
AAP ਅੱਜ (ਸ਼ੁੱਕਰਵਾਰ) ਭਾਜਪਾ ਦਫ਼ਤਰ ਦਾ ਘਿਰਾਓ ਕਰੇਗੀ। ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ ਸੈਕਟਰ 34 ਸਥਿਤ ਗੁਰਦੁਆਰਾ ਸਾਹਿਬ ਨੇੜੇ ਇਕੱਠੇ ਹੋਣ ਲਈ ਕਿਹਾ ਗਿਆ ਹੈ।
ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਭਾਜਪਾ ਪ੍ਰਧਾਨ ਦੀਆਂ ਟਿੱਪਣੀਆਂ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪੰਜਾਬੀਆਂ ਦੇ ਮਾਣ-ਸਨਮਾਨ ਅਤੇ ਸਵੈ-ਮਾਣ ਦਾ ਅਪਮਾਨ ਕਰਨ ਵਾਲੀ ਕੋਈ ਵੀ ਟਿੱਪਣੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਵਿਵਾਦ ਤੋਂ ਬਾਅਦ, ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਬਿਆਨ 'ਤੇ ਅਫਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਸੰਦਰਭ ਤੋਂ ਬਾਹਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੀਡੀਓ ਲਗਭਗ 17 ਦਿਨ ਪਹਿਲਾਂ ਆਯੋਜਿਤ ਇੱਕ ਖੇਡ ਮੁਕਾਬਲੇ ਦਾ ਹੈ, ਜਿਸ ਵਿੱਚ ਉਨ੍ਹਾਂ ਨੇ ਆਤਮ-ਨਿਰੀਖਣ ਬਾਰੇ ਕੁਝ ਟਿੱਪਣੀਆਂ ਕੀਤੀਆਂ ਸਨ।
ਮਲਹੋਤਰਾ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਦੇ ਇੱਕ ਹਿੱਸੇ ਨੂੰ ਜਾਣਬੁੱਝ ਕੇ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤਾਂ ਜੋ ਇਹ ਪ੍ਰਭਾਵ ਦਿੱਤਾ ਜਾ ਸਕੇ ਕਿ ਉਨ੍ਹਾਂ ਨੇ ਪੰਜਾਬੀਆਂ ਜਾਂ ਪੇਂਡੂ ਸਮਾਜ ਵਿਰੁੱਧ ਟਿੱਪਣੀਆਂ ਕੀਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਵੀਡੀਓ ਨੂੰ ਰਾਜਨੀਤਿਕ ਲਾਭ ਲਈ ਅਧੂਰਾ ਪੇਸ਼ ਕੀਤਾ ਜਾ ਰਿਹਾ ਹੈ।
- Download Babushahi App
-
-