ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 290 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਹੋਵੇਗਾ ਰਵਾਨਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਵੀਜ਼ੇ ਵਾਲੇ ਪਾਸਪੋਰਟ ਵੰਡੇ ਗਏ
ਕੁਲਵਿੰਦਰ ਸਿੰਘ/ ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ ਸਾਹਿਬ, 20 ਜੂਨ 2026
ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ, ਜੋ ਕਿ 29 ਜੂਨ ਨੂੰ ਮਨਾਈ ਜਾ ਰਹੀ ਹੈ, ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਜੱਥਾ ਪਾਕਿਸਤਾਨ ਜਾ ਰਿਹਾ ਹੈ। ਇਸ ਯਾਤਰਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਦਫ਼ਤਰ ਵਿਖੇ ਅੱਜ ਸ਼ਰਧਾਲੂਆਂ ਨੂੰ ਵੀਜ਼ੇ ਲੱਗੇ ਪਾਸਪੋਰਟ ਵੰਡੇ ਗਏ। ਇਸ ਵਾਰ ਕੁੱਲ 312 ਪਾਸਪੋਰਟ ਅਪਲਾਈ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 12 ਪਾਸਪੋਰਟ ਰੱਦ ਹੋ ਗਏ ਅਤੇ 290 ਸੰਗਤਾਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜੱਥਾ ਕੱਲ੍ਹ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਇਹ ਸੰਗਤਾਂ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਹਾਜ਼ਰੀ ਭਰਨਗੀਆਂ। 10 ਦਿਨਾਂ ਦੀ ਇਸ ਯਾਤਰਾ ਦੌਰਾਨ ਸੰਗਤਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ, ਪੰਜਾ ਸਾਹਿਬ, ਮਾਤਾ ਕੌਲਾਂ ਜੀ ਅਤੇ ਮੀਰ ਮੰਨੂ ਦੀ ਜੇਲ੍ਹ ਸਮੇਤ ਹੋਰ ਕਈ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨਗੀਆਂ। ਸ਼ਰਧਾਲੂਆਂ ਨੇ ਐੱਸ.ਜੀ.ਪੀ.ਸੀ. ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਖ਼ਾਲਸਾ ਰਾਜ ਦੇ ਪ੍ਰਤੀਕ ਸ਼ੇਰੇ-ਪੰਜਾਬ ਦੀ ਬਰਸੀ ਮਨਾਉਣ ਅਤੇ ਗੁਰੂ ਘਰਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
- Download Babushahi App
-
-