NRI ਭਾਰਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ; ਮੰਤਰੀ ਡਾ. ਰਵਜੋਤ ਸਿੰਘ ਨੇ ਖ਼ੁਦ ਸੁਣੀਆਂ ਪ੍ਰਵਾਸੀਆਂ ਦੀਆਂ ਸਮੱਸਿਆਵਾਂ
ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਵਚਨਬੱਧ
ਮੋਹਾਲੀ ਵਿਖੇ ਵਿਸ਼ੇਸ਼ ਮਿਲਣੀ ਦੌਰਾਨ ਐਨਆਰਆਈ ਮੰਤਰੀ ਖ਼ੁਦ ਹੋਏ ਪ੍ਰਵਾਸੀਆਂ ਦੇ ਸਨਮੁੱਖ
ਮੌਕੇ 'ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
ਪ੍ਰਭ ਸਿੱਧੂ
ਮੋਹਾਲੀ, 24 ਜੂਨ 2026- ਪ੍ਰਵਾਸੀ ਪੰਜਾਬੀਆਂ (NRI) ਨੂੰ ਆਪਣੀ ਮਾਤ-ਭੂਮੀ 'ਤੇ ਆ ਰਹੀਆਂ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਅਤੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਇਸੇ ਲੜੀ ਤਹਿਤ ਮੋਹਾਲੀ ਵਿਖੇ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪੰਜਾਬ ਦੇ ਐਨ.ਆਰ.ਆਈ. (NRI) ਮਾਮਲਿਆਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਖ਼ੁਦ ਪ੍ਰਵਾਸੀ ਭਾਰਤੀਆਂ ਦੇ ਸਨਮੁੱਖ ਹੋਏ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ।
ਇਸ ਮੌਕੇ ਪ੍ਰਵਾਸੀ ਪੰਜਾਬੀਆਂ ਨਾਲ ਗੱਲਬਾਤ ਕਰਦਿਆਂ ਐਨਆਰਆਈ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀ ਸਾਡਾ ਮਾਣ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੀਆਂ ਜ਼ਮੀਨਾਂ-ਜਾਇਦਾਦਾਂ, ਪ੍ਰਸ਼ਾਸਨਿਕ ਕੰਮਾਂ ਜਾਂ ਕਿਸੇ ਹੋਰ ਮਾਮਲੇ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੋਹਾਲੀ ਵਿਖੇ ਹੋਈ ਇਸ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਪ੍ਰਵਾਸੀ ਭਾਰਤੀਆਂ ਨੇ ਆਪਣੀਆਂ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਸੁਝਾਅ ਮੰਤਰੀ ਦੇ ਸਾਹਮਣੇ ਰੱਖੇ।
ਡਾ. ਰਵਜੋਤ ਸਿੰਘ ਨੇ ਮੌਕੇ 'ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਸਮਾਂਬੱਧ ਅਤੇ ਕਾਨੂੰਨ ਮੁਤਾਬਕ ਤੁਰੰਤ ਨਿਪਟਾਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ, ਤਾਂ ਜੋ ਪ੍ਰਵਾਸੀ ਵੀਰਾਂ ਨੂੰ ਬਿਨਾਂ ਵਜ੍ਹਾ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਪ੍ਰਵਾਸੀ ਭਾਰਤੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਿੱਧੇ ਰਾਬਤੇ ਨਾਲ ਉਨ੍ਹਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।
- Download Babushahi App
-
-