ਭਾਜਪਾ ਆਗੂਆਂ ਵੱਲੋਂ ਭਗਵੰਤ ਮਾਨ ਦੇ ਅਸਤੀਫੇ ਅਤੇ ਹਰਿਆਣਾ ਪੁਲਿਸ ਤੋਂ ਨਿਰਪੱਖ ਜਾਂਚ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ, 25 ਜੂਨ 2026: ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਵਿਵਾਦਿਤ ਵੀਡੀਓ ਨੂੰ ਲੈ ਕੇ ਗੁਰੁਗ੍ਰਾਮ ਵਿੱਚ ਦਰਜ ਹੋਈ ਐਫ.ਆਈ.ਆਰ. ਦੀ ਰੋਸ਼ਨੀ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਅਸਤੀਫੇ ਅਤੇ ਹਰਿਆਣਾ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ। ਭਾਜਪਾ ਆਗੂਆਂ ਨੇ ਭਾਜਪਾ ਦਫਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਦਰਜ ਕੇਸ
ਨੇ ਪੰਜਾਬ ਸਰਕਾਰ ਅਤੇ ਉਸਦੇ ਨੁਮਾਇੰਦਿਆਂ ਵੱਲੋਂ ਫੋਰੈਂਸਿਕ ਰਿਪੋਰਟ ਦੇ ਆਧਾਰ ’ਤੇ ਕੀਤੇ ਗਏ ਦਾਵਿਆਂ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਝੂਠਾ ਸਾਬਤ ਕਰਨ ਲਈ ਕਥਿਤ ਤੌਰ ’ਤੇ ਪੈਸੇ ਦੇ ਜ਼ੋਰ ਨਾਲ ਪੁਲਿਸ ਦੇ ਕੁਝ ਅਧਿਕਾਰੀਆਂ ਰਾਹੀਂ ਜਾਅਲੀ ਅਤੇ ਮਨਘੜਤ ਰਿਪੋਰਟਾਂ ਤਿਆਰ ਕਰਵਾਉਣਾ ਇੱਕ ਬੱਜਰ ਗੁਨਾਹ ਹੈ।
ਉਹਨਾਂ ਕਿਹਾ ਕਿ ਇਸ ਘਟਨਾਕ੍ਰਮ ਨੇ ਸਮੂਹ ਸਿੱਖ ਸੰਗਤ ਦੇ ਮਨਾਂ ’ਤੇ ਡੂੰਘਾ ਅਸਰ ਛੱਡਿਆ ਹੈ ਅਤੇ ਪੰਥਕ ਰੋਸ ਨੂੰ ਹੋਰ ਵਧਾ ਦਿੱਤਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸਦੀਵੀ ਤਖ਼ਤ ਹੈ। ਇੱਥੋਂ ਜਾਰੀ ਕੀਤੇ ਹੁਕਮਨਾਮੇ ਅਤੇ ਸਿੰਘ ਸਾਹਿਬਾਨਾਂ ਦੇ ਆਦੇਸ਼ ਸਮੂਹ ਸਿੱਖ ਕੌਮ ਲਈ ਸਤਿਕਾਰਯੋਗ ਅਤੇ ਸਰਵਉੱਚ ਹਨ। ਕੋਈ ਵੀ ਵਿਅਕਤੀ, ਭਾਵੇਂ ਉਹ ਕਿਸੇ ਵੀ ਰਾਜਨੀਤਿਕ ਅਹੁਦੇ ’ਤੇ ਕਿਉਂ ਨਾ ਬੈਠਾ ਹੋਵੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਤੋਂ ਉੱਪਰ ਨਹੀਂ ਹੋ ਸਕਦਾ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੰਘ ਸਾਹਿਬਾਨਾਂ ਦੇ ਹੁਕਮਾਂ ਦੀ ਅਣਦੇਖੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਟਕਰਾਅ ਦਾ ਰਾਹ ਅਪਣਾਉਣਾ ਸਿਰਫ਼ ਰਾਜਨੀਤਿਕ ਅਹੰਕਾਰ ਹੀ ਨਹੀਂ, ਸਗੋਂ ਪੰਥਕ ਮਰਿਆਦਾ ਅਤੇ ਸਿੱਖ ਭਾਵਨਾਵਾਂ ਪ੍ਰਤੀ ਗੰਭੀਰ ਅਣਗਹਿਲੀ ਵੀ ਹੈ।
ਉਹਨਾਂ ਕਿਹਾ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਨ੍ਹਾਂ ਨੇ ਵੀ ਹੰਕਾਰ ਵੱਸ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦਿੱਤੀ ਜਾਂ ਮੱਥਾ ਲਾਇਆ, ਉਹ ਨਾ ਪੰਥ ਵਿੱਚ ਸਤਿਕਾਰ ਹਾਸਲ ਕਰ ਸਕੇ ਅਤੇ ਨਾ ਹੀ ਇਤਿਹਾਸ ਵਿੱਚ ਸਨਮਾਨ। ਭਾਜਪਾ ਨੇਤਾਵਾਂ ਨੇ ਕਿਹਾ ਕਿ ਸਮੂਹ ਸਿੱਖ ਸੰਗਤ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਨੁਸਾਰ ਚੱਲੇ, ਪੰਥਕ ਅਨੁਸ਼ਾਸਨ ਨੂੰ ਕਾਇਮ ਰੱਖੇ ਅਤੇ ਗੁਰੂ ਘਰ ਦੀ ਮਰਿਆਦਾ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਨੂੰ ਮੂੰਹ ਨਾ ਲਾਵੇ।ਭਾਜਪਾ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਚਾਹੀਦਾ ਹੈ ਕਿ ਉਹ ਸਿੱਖ ਇਤਿਹਾਸ ਤੋਂ ਸਬਕ ਲੈਣ, ਆਪਣੀਆਂ ਗਲਤੀਆਂ ਦਾ ਅਹਿਸਾਸ ਕਰਨ, ਤੁਰੰਤ ਅਸਤੀਫਾ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅੱਗੇ ਸਿਰ ਨਿਵਾਉਣ। ਸਿੱਖ ਕੌਮ ਵਿੱਚ ਮਾਣ-ਸਤਿਕਾਰ ਸੱਤਾ ਨਾਲ ਨਹੀਂ, ਸਗੋਂ ਗੁਰੂ ਘਰ ਦੀ ਮਰਿਆਦਾ ਦੀ ਪਾਲਣਾ ਨਾਲ ਮਿਲਦਾ ਹੈ। ਇਸ ਮੌਕੇ ਪ੍ਰਦੇਸ਼ ਕਮੇਟੀ ਮੈਂਬਰ ਸ਼ਾਮ ਲਾਲ ਬਾਂਸਲ, ਰਾਜੇਸ਼ ਨੋਨੀ ਅਤੇ ਜਿਲਾ ਉਪ ਪ੍ਰਧਾਨ ਵਰਿੰਦਰ ਸ਼ਰਮਾ ਵੀ ਮੌਜੂਦ ਸਨ।
- Download Babushahi App
-
-