ਸਰਪੰਚਾਂ ਵਾਂਗ ਨੰਬਰਦਾਰਾਂ ਨੂੰ ਵੀ ਮਿਲੇ 10 ਹਜ਼ਾਰ ਰੁਪਏ ਮਹੀਨਾਵਾਰ ਮਾਣ-ਭੱਤਾ: ਪਰਮਿੰਦਰ ਸਿੰਘ ਗਾਲਿਬ
ਪੰਜਾਬ ਨੰਬਰਦਾਰ ਐਸੋਸੀਏਸ਼ਨ ਨੇ ਸਰਕਾਰ ਕੋਲ ਦੁਹਰਾਈ ਮੰਗ, ਕਿਹਾ ਨਿਗੂਣਾ ਮਾਣ-ਭੱਤਾ ਨੰਬਰਦਾਰਾਂ ਦੀਆਂ ਜ਼ਿੰਮੇਵਾਰੀਆਂ ਦੇ ਮੁਕਾਬਲੇ ਨਾਕਾਫ਼ੀ
ਜਗਰਾਉਂ(ਦੀਪਕਜੈਨ)
- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਪੰਚਾਂ ਲਈ 15 ਅਗਸਤ ਤੋਂ 10 ਹਜ਼ਾਰ ਰੁਪਏ ਮਹੀਨਾਵਾਰ ਮਾਣ-ਭੱਤਾ ਦੇਣ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੇ ਨੰਬਰਦਾਰਾਂ ਨੇ ਵੀ ਆਪਣੇ ਮਾਣ-ਭੱਤੇ ਵਿੱਚ ਵਾਧੇ ਦੀ ਮੰਗ ਇੱਕ ਵਾਰ ਫਿਰ ਜ਼ੋਰਦਾਰ ਢੰਗ ਨਾਲ ਉਠਾਈ ਹੈ।
ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਕਿ ਐਸੋਸੀਏਸ਼ਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਬੰਧਤ ਮੰਤਰੀਆਂ ਨੂੰ ਕਈ ਵਾਰ ਲਿਖਤੀ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਨੰਬਰਦਾਰਾਂ ਦੇ ਮਾਣ-ਭੱਤੇ ਵਿੱਚ ਵਾਜਬ ਵਾਧੇ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਠੋਸ ਅਤੇ ਵਿਵਹਾਰਕ ਫੈਸਲਾ ਨਹੀਂ ਲਿਆ ਗਿਆ।
ਪਰਮਿੰਦਰ ਸਿੰਘ ਗਾਲਿਬ ਨੇ ਕਿਹਾ ਕਿ ਮੌਜੂਦਾ ਸਮੇਂ ਨੰਬਰਦਾਰਾਂ ਨੂੰ ਦਿੱਤਾ ਜਾ ਰਿਹਾ ਮਾਣ-ਭੱਤਾ ਉਨ੍ਹਾਂ ਦੀਆਂ ਪ੍ਰਸ਼ਾਸਕੀ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੇ ਮੁਕਾਬਲੇ ਨਿਗੂਣਾ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਪਿੰਡ ਪੱਧਰ 'ਤੇ ਮਾਲ ਵਿਭਾਗ, ਪ੍ਰਸ਼ਾਸਨ ਅਤੇ ਸਰਕਾਰ ਨਾਲ ਜੁੜੇ ਕਈ ਮਹੱਤਵਪੂਰਨ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਲੋਕਾਂ ਤੇ ਪ੍ਰਸ਼ਾਸਨ ਵਿਚਕਾਰ ਇੱਕ ਅਹਿਮ ਕੜੀ ਵਜੋਂ ਸੇਵਾਵਾਂ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਮਾਣ-ਭੱਤਾ ਦੇਣ ਦਾ ਫੈਸਲਾ ਸਵਾਗਤਯੋਗ ਹੈ ਅਤੇ ਇਸ ਨਾਲ ਪੇਂਡੂ ਪ੍ਰਸ਼ਾਸਨ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨੰਬਰਦਾਰਾਂ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਵੀ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਲਈ ਵੀ 10 ਹਜ਼ਾਰ ਰੁਪਏ ਮਹੀਨਾਵਾਰ ਮਾਣ-ਭੱਤਾ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਨੰਬਰਦਾਰ ਸਰਕਾਰੀ ਹੁਕਮਾਂ ਦੀ ਪਾਲਣਾ ਕਰਵਾਉਣ, ਮਾਲੀ ਅਤੇ ਪ੍ਰਸ਼ਾਸਕੀ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਪਿੰਡਾਂ ਵਿੱਚ ਸਰਕਾਰੀ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਲਈ ਉਨ੍ਹਾਂ ਦੀਆਂ ਸੇਵਾਵਾਂ ਦੇ ਅਨੁਸਾਰ ਸਨਮਾਨਜਨਕ ਮਾਣ-ਭੱਤਾ ਦਿੱਤਾ ਜਾਣਾ ਸਮੇਂ ਦੀ ਲੋੜ ਹੈ।
ਪਰਮਿੰਦਰ ਸਿੰਘ ਗਾਲਿਬ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਿਵੇਂ ਸਰਪੰਚਾਂ ਲਈ ਮਾਣ-ਭੱਤੇ ਵਿੱਚ ਵਾਧਾ ਕੀਤਾ ਗਿਆ ਹੈ, ਉਸੇ ਤਰਜ਼ 'ਤੇ ਨੰਬਰਦਾਰਾਂ ਨੂੰ ਵੀ 10 ਹਜ਼ਾਰ ਰੁਪਏ ਮਹੀਨਾਵਾਰ ਮਾਣ-ਭੱਤਾ ਦੇਣ ਦਾ ਜਲਦ ਫੈਸਲਾ ਲਿਆ ਜਾਵੇ ਤਾਂ ਜੋ ਉਹ ਆਪਣੀਆਂ ਜ਼ਿੰਮੇਵਾਰੀਆਂ ਹੋਰ ਵਧੇਰੇ ਸਮਰਪਣ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ।
- Download Babushahi App
-
-