ਸਰਕਾਰ ਚਲਾਉਣੀ ਕਾਮੇਡੀਅਨਾਂ ਦੇ ਵੱਸ ਦਾ ਰੋਗ ਨਹੀਂ
'ਆਪ' ਅਨੈਤਿਕ ਲੀਡਰਾਂ ਦਾ ਟੋਲਾ
ਵਿਧਾਇਕ ਵਲਟੋਹਾ 'ਤੇ ਕੈਪਟਨ ਦੇ ਬਿਆਨ ਦੀ ਨਿਖੇਧੀ
ਅਹਿਮਦਗੜ੍ਹ ਨੂੰ ਸਬ-ਡਵੀਜ਼ਨ ਦਾ ਦਰਜਾ ਦੇਣ ਦਾ ਐਲਾਨ
ਅਮਰਗੜ੍ਹ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ
ਅਹਿਮਦਗੜ੍ਹ (ਸੰਗਰੂਰ), 18 ਸਤੰਬਰ 2016: ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਫਿਰਕੂ ਲੀਹਾਂ 'ਤੇ ਵੰਡਣ ਦੀ ਕਰੜੀ ਅਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਕਾਂਗਰਸ ਪਾਰਟੀ ਨੇ ਸੂਬੇ 'ਚ ਆਪਣੀ ਸਿਆਸੀ ਹੋਂਦ ਲਈ ਸਦਾ ਹੀ 'ਪਾੜੋ ਤੇ ਰਾਜ ਕਰੋ' ਦੀ ਨੀਤੀ ਅਪਣਾਈ ਹੈ।
ਅੱਜ ਇੱਥੇ ਅਮਰਗੜ੍ਹ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਹਮੇਸ਼ਾ ਧਰਮ, ਖਿੱਤਿਆਂ ਅਤੇ ਫਿਰਕਿਆਂ ਦੇ ਆਧਾਰ 'ਤੇ ਲੋਕਾਂ ਵਿੱਚ ਵੰਡੀਆਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਜਿਹੀ ਕੋਝੀ ਸਿਆਸਤ ਦਾ ਸੂਬੇ ਨੂੰ ਬਹੁਤ ਵੱਡਾ ਖਮਿਆਜ਼ਾ ਭੁਗਤਣਾ ਪਿਆ ਹੈ ਜਿਸ ਕਰਕੇ ਪੰਜਾਬ ਨੂੰ ਅਤਿਵਾਦ ਦੇ ਕਾਲੇ ਦਿਨ ਵੇਖਣੇ ਪਏ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਹੈ ਜਿਸ ਨੇ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਇਆ, 1984 ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕਰਵਾਇਆ ਅਤੇ ਹਮੇਸ਼ਾ ਪੰਜਾਬ ਨਾਲ ਧੱਕੇਸ਼ਾਹੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਇਕ ਵਾਰ 'ਪਾੜੋ ਤੇ ਰਾਜ ਕਰੋ' ਦੀ ਪੁਰਾਣੀ ਨੀਤੀ ਨੂੰ ਉਭਾਰ ਕੇ ਲੋਕਾਂ ਵਿੱਚ ਵੰਡੀਆਂ ਪਾਉਣ ਦੀਆਂ ਚਾਲਾਂ ਚੱਲ ਰਹੀ ਹੈ ਪਰ ਸੂਬੇ ਦੇ ਸੂਝਵਾਨ ਲੋਕ ਕਾਂਗਰਸ ਦੀ ਫੁੱਟ ਪਾਊ ਸਿਆਸਤ ਨੂੰ ਸਿਰੇ ਤੋਂ ਨਕਾਰ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਸਮੇਂ-ਸਮੇਂ ਦੀਆਂ ਕਾਂਗਰਸ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਅੱਜ ਸੂਬੇ ਦੇ ਮਿਹਨਤਕਸ਼ ਕਿਸਾਨ ਕਰਜ਼ੇ ਦੇ ਬੋਝ ਥੱਲੇ ਦੱਬੇ ਗਏ। ਉਨ੍ਹਾਂ ਕਿਹਾ ਕਿ ਕਾਂਗਰਸੀ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਹੀ ਅੱਜ ਖੇਤੀ ਮੁਨਾਫਾਬਖਸ਼ ਧੰਦਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਕਿਸਾਨਾਂ ਨੂੰ ਟਿਊਬਵੈਲਾਂ ਲਈ ਸਾਲਾਨਾ 5000 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਰਾਹੀਂ 50,000 ਰੁਪਏ ਦਾ ਵਿਆਜ ਮੁਕਤ ਕਰਜ਼ਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਕਿ ਕਿਸਾਨ ਦੀ ਆਰਥਿਕਤਾ ਸੁਧਾਰੀ ਜਾ ਸਕੇ।
ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸੂਬੇ ਦੀ ਸਨਅਤ ਨੂੰ ਤਬਾਹ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸੀ ਸਰਕਾਰਾਂ ਨੇ ਪੰਜਾਬ ਦੇ ਗੁਆਂਢੀ ਸੂਬਿਆਂ ਨੂੰ ਰਿਆਇਤਾਂ ਦਿੱਤੀਆਂ ਜਿਸ ਨਾਲ ਸੂਬੇ ਦੀ ਸਨਅਤ ਇਨ੍ਹਾਂ ਸੂਬਿਆਂ ਵਿੱਚ ਹਿਜਰਤ ਕਰ ਗਈ। ਉਨ੍ਹਾਂ ਕਿਹਾ ਕਿ ਉਹ ਕਿਸੇ ਸੂਬੇ ਨੂੰ ਰਿਆਇਤ ਦੇਣ ਦੇ ਖਿਲਾਫ ਨਹੀਂ ਪਰ ਅਜਿਹੀਆਂ ਰਿਆਇਤਾਂ ਪੰਜਾਬ ਨੂੰ ਵੀ ਮਿਲਣੀਆਂ ਚਾਹੀਦੀਆਂ ਹਨ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਕਦੇ ਵੀ ਸੰਜੀਦਾ ਨਹੀਂ ਰਹੀ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ ਵਿੱਚ ਆਉਣ ਲਈ ਦਿਨ ਵੇਲੇ ਸੁਪਨੇ ਦੇਖਣ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਸਾਲ 2012 ਦੀਆਂ ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਸਨ ਅਤੇ ਇੱਥੋਂ ਤੱਕ ਲੱਡੂ ਵੰਡਣ ਦੇ ਬੰਦੋਬਸਤ ਵੀ ਕੀਤੇ ਜਾ ਚੁੱਕੇ ਸਨ ਪਰ ਪੰਜਾਬ ਦੇ ਲੋਕਾਂ ਨੇ ਕੈਪਟਨ ਦੀ ਸਿਆਸਤ ਨੂੰ ਸਿਰੇ ਤੋਂ ਨਾਕਾਰ ਕੇ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਫਤਵਾ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਤਜਰਬੇ ਤੋਂ ਕੁਝ ਨਹੀਂ ਸਿੱਖਿਆ ਅਤੇ ਮੁੜ ਉਹੀ ਸਿਆਸਤ ਕਰਨ ਲੱਗ ਪਏ ਹਨ। ਸ. ਬਾਦਲ ਨੇ ਕਿਹਾ ਕਿ ਇਸ ਵਾਰ ਵੀ ਕੈਪਟਨ ਦਾ ਹਸ਼ਰ ਸਾਲ 2012 ਵਾਲਾ ਹੀ ਹੋਵੇਗਾ ਅਤੇ ਉਸ ਦੀ ਦੂਜੀ ਵਾਰ ਮੁੱਖ ਮੰਤਰੀ ਬਣਨ ਦੀ ਲਾਲਸਾ ਕਦੀ ਪੂਰੀ ਨਹੀਂ ਹੋਵੇਗੀ।
ਮੁੱਖ ਮੰਤਰੀ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੂੰ ਕਾਮੇਡੀਅਨਾਂ ਦੀ ਪਾਰਟੀ ਦੱਸਦਿਆਂ ਆਖਿਆ ਕਿ ਇਹ ਕਾਮੇਡੀ ਰਾਹੀਂ ਲੋਕਾਂ ਦਾ ਮਨੋਰੰਜਨ ਤਾਂ ਕਰ ਸਕਦੇ ਹਨ ਪਰ ਚੰਗੇ ਸ਼ਾਸਕ ਕਦੇ ਵੀ ਸਿੱਧ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਉਹ ਹਰੇਕ ਕਲਾਕਾਰ ਦੀ ਕਲਾ ਦਾ ਸਨਮਾਨ ਕਰਦੇ ਹਨ ਪਰ ਸਿਆਸਤ ਤਜਰਬਾ ਤੇ ਲੋਕ ਸੇਵਾ ਦਾ ਜਜ਼ਬੇ ਦੀ ਮੰਗ ਕਰਦੀ ਹੈ ਜਿਸ ਕਰਕੇ ਗੈਰ-ਤਜਰਬੇਕਾਰ ਲੋਕ ਸੂਬੇ ਦਾ ਭੱਠਾ ਬਿਠਾ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨਾਲ ਪੰਜਾਬ ਨੂੰ ਬਹੁਤ ਵੱਡਾ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੇ ਪ੍ਰਾਜੈਕਟਾਂ ਨਾਲ ਪੰਜਾਬ ਦੀ ਤਰੱਕੀ ਦੀ ਰਫਤਾਰ ਹੋਰ ਤੇਜ਼ ਹੋਵੇਗੀ। ਸ. ਬਾਦਲ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਪੰਜਾਬ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼, ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਬਾਗਬਾਨੀ ਸੰਸਥਾ, ਸੜਕਾਂ ਲਈ ਅਹਿਮ ਪ੍ਰਾਜੈਕਟ ਪੰਜਾਬ ਨੂੰ ਦਿੱਤੇ।
ਇਸ ਮੌਕੇ ਮੁੱਖ ਮੰਤਰੀ ਨੇ ਅਹਿਮਦਗੜ੍ਹ ਨੂੰ ਸਬ-ਡਿਵੀਜ਼ਨ ਦਾ ਦਰਜਾ ਦੇਣ ਦਾ ਐਲਾਨ ਕੀਤਾ ਅਤੇ ਇਸ ਮੌਕੇ ਲੋਕਾਂ ਨੇ ਸ. ਬਾਦਲ ਦਾ ਧੰਨਵਾਦ ਕੀਤਾ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਮੁੱਚਾ ਮੁਲਕ ਟੈਲੀਵੀਜ਼ਨਾਂ ਰਾਹੀਂ ਆਮ ਆਦਮੀ ਪਾਰਟੀ ਦੇ ਨੇਤਾਵਾਂ, ਮੰਤਰੀਆਂ ਅਤੇ ਵਿਧਾਇਕਾਂ ਦੇ ਕਿਰਦਾਰ ਤੇ ਗਤੀਵਿਧੀਆਂ ਨੂੰ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਜਿਸ ਪਾਰਟੀ ਦੇ ਨੇਤਾ ਨੈਤਿਕ ਕਦਰਾਂ-ਕੀਮਤਾਂ ਦੀਆਂ ਟਾਹਰਾਂ ਮਾਰ ਰਹੇ ਸਨ, ਉਹ ਹੁਣ ਆਪ ਹੀ ਅਨੈਤਿਕ ਕੰਮਾਂ ਵਿੱਚ ਲਿਪਤ ਹਨ। ਸ. ਬਾਦਲ ਨੇ ਕਿਹਾ ਕਿ ਆਪ ਦੇ ਪੰਜਾਬ ਦੇ ਸਾਬਕਾ ਕਨਵੀਨਰ ਵੱਲੋਂ ਆਪਣੇ ਹੀ ਨੇਤਾਵਾਂ 'ਤੇ ਟਿਕਟਾਂ ਵੇਚ ਕੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲਾਏ ਗਏ ਜਿਸ ਨਾਲ ਇਹ ਸਿੱਧ ਹੁੰਦਾ ਹੈ ਕਿ ਇਸ ਪਾਰਟੀ ਦੀ ਕੋਈ ਵਿਚਾਰਧਾਰਾ ਜਾਂ ਪੰਜਾਬ ਦੇ ਲੋਕਾਂ ਪ੍ਰਤੀ ਸੰਜੀਦਗੀ ਨਹੀਂ ਸਗੋਂ ਸੱਤਾ ਦੀ ਲਾਲਸਾ ਦੀ ਭੁੱਖ ਹੈ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਵਿਰੋਧੀਆਂ ਖਿਲਾਫ ਵਰਤੀ ਜਾਂਦੀ ਭਾਸ਼ਾ ਨੂੰ ਪੰਜਾਬ ਵਾਸੀਆਂ ਨੇ ਮੂਲੋਂ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ 'ਤੇ ਕੈਪਟਨ ਵੱਲੋਂ ਕੀਤੀ ਬਿਆਨਬਾਜ਼ੀ ਮੰਦਭਾਗੀ ਤੇ ਨਿੰਦਣਯੋਗ ਹੈ।
ਇਸ ਮੌਕੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਵਿਧਾਇਕ ਸ. ਇਕਬਾਲ ਸਿੰਘ ਝੂੰਦਾ ਤੇ ਸੰਤ ਬਲਬੀਰ ਸਿੰਘ ਘੁੰਨਸ, ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਸ. ਰਵਿੰਦਰ ਸਿੰਘ ਚੀਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਅਰਸ਼ਦੀਪ ਸਿੰਘ ਥਿੰਦਾ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਪੀ.ਪੀ.ਐਸ. ਥਿੰਦ ਹਾਜ਼ਰ ਸਨ।