ਸ਼ੁਤਰਾਣਾ, 29 ਦਸੰਬਰ, 2016 : ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਆਪਣੇ ਵੋਟ ਦਾ ਅਧਿਕਾਰ ਸੂਝ ਬੂਝ ਨਾਲ ਕਰਨ ਦੀ ਅਪੀਲ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿੱਚ ਮੁੱਖ ਮੁਕਾਬਲਾ ਵਿਕਾਸਵਾਦੀਆਂ ਅਤੇ ਵਿਨਾਸ਼ਕਾਰੀਆਂ ਵਿੱਚਕਾਰ ਹੋਵੇਗਾ ਅਤੇ ਲੋਕਾਂ ਨੂੰ ਸੂਬੇ ਦੇ ਹੱਕਾਂ ਹਿੱਤਾਂ ਦੀ ਰਾਖੀ ਲਈ ਚਟਾਨ ਵਾਂਗ ਖੜ੍ਹਨ ਵਾਲੇ ਅਕਾਲੀ-ਭਾਜਪਾ ਗਠਜੋੜ ਅਤੇ ਸੂਬੇ ਨੂੰ ਤਬਾਹ ਕਰਨ ਦੀ ਤਾਕ ਵਿੱਚ ਲੱਗੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਇੱਕ ਦੀ ਚੋਣ ਕਰਨੀ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਸੂਬੇ ਦੇ ਸਮਾਝਦਾਰ ਲੋਕ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਮੱਦੇਨਜ਼ਰ ਇਨ੍ਹਾਂ ਫੁੱਟਪਾਊ ਅਤੇ ਢਾਹੂ ਰੁਚੀਆਂ ਵਾਲੀਆਂ ਧਿਰਾਂ ਨੂੰ ਮੂੰਹ ਨਹੀਂ ਲਾਉਣਗੇ ਅਤੇ ਆਪਣੇ ਪੂਰੀ ਤਰ੍ਹਾਂ ਅਜ਼ਮਾਏ ਹੋਏ ਅਕਾਲੀ-ਭਾਜਪਾ ਗਠਜੋੜ ਨੂੰ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਲਿਆਉਣਗੇ।
ਅੱਜ ਸ਼ਤਰਾਣਾ ਵਿਧਾਨ ਸਭਾ ਹਲਕੇ ਵਿੱਚ ਵੱਖ ਵੱਖ ਥਾਈਂ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਕਾਂਗਰਸ ਨੇ ਧਾਰਮਿਕ, ਆਰਥਿਕ ਅਤੇ ਸਮਾਜਿਕ ਤੌਰ 'ਤੇ ਸੂਬੇ ਦਾ ਨਾ ਪੂਰਿਆ ਜਾ ਸਕਣ ਵਾਲਾ ਨੁਕਸਾਨ ਕੀਤਾ ਹੈ ਅਤੇ ਇਸ ਨੇ ਆਪਣੇ 60 ਸਾਲ ਦੇ ਰਾਜ ਦੌਰਾਨ ਲੋਕਾਂ ਨੂੰ ਧਰਮ, ਜਾਤੀ ਅਤੇ ਖੇਤਰ ਦੇ ਨਾਂ 'ਤੇ ਵੰਡ ਕੇ ਆਪਣਾ ਉੱਲੂ ਸਿੱਧਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਰਾਜ ਵਿੱਚ ਅਮੀਰ ਹੋਰ ਅਮੀਰ ਅਤੇ ਗਰੀਬ ਹੋਰ ਗਰੀਬ ਹੋਏ ਹਨ ਜਿਸ ਕੇ ਕਾਰਨ ਹੀ ਦੇਸ਼ ਦੇ ਕਿਸਾਨ ਖੁਦਕਸ਼ੀਆਂ ਦੇ ਰਾਹ ਤੁਰ ਪਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਰਿਮੰਦਰ ਸਾਹਿਬ 'ਤੇ ਹਮਲਾ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਆਹਤ ਕੀਤਾ ਹੈ ਅਤੇ 1984 ਵਿੱਚ ਸਿੱਖਾਂ ਦਾ ਕਤਲੇਆਮ ਕਰਕੇ ਸਮੁੱਚੀ ਮਾਨਵਤਾ ਨੂੰ ਸ਼ਰਮਸਾਰ ਕੀਤਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਦਰਿਆਈ ਪਾਣੀ ਖੋਹਣ ਲਈ ਸਾਜਿਸ਼ਾਂ ਰਚੀਆਂ ਅਤੇ ਪ੍ਰਧਾਨ ਮੰਤਰੀ ਇੰਦਰਾਗਾਂਧੀ ਨੇ ਪੰਜਾਬ ਦਾ ਪਾਣੀ ਖੋਹਣ ਲਈ ਸੱਤਲੁਜ ਯਮਨਾ ਲਿੰਕ ਨਹਿਰ ਦਾ ਟੱਕ ਲਾਇਆ ਜਦਕਿ ਦੂਜੇ ਪਾਸੇ ਅਕਾਲੀ ਦਲ ਨੇ ਉਸੇ ਦਿਨ ਹੀ ਪਾਣੀਆਂ ਨੂੰ ਬਚਾਉਣ ਲਈ ਮੋਰਚਾ ਲਾ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਨੇ ਸੱਤਲੁਜ ਯਮਨਾ ਲਿੰਕ ਨਹਿਰ ਦਾ ਭੋਗ ਪਾ ਕੇ ਇਸ ਲਈ ਪ੍ਰਾਪਤ ਕੀਤੀ ਜ਼ਮੀਨ ਅਸਲੀ ਮਾਲਕਾਂ ਦੇ ਨਾਂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਕਾਂਗਰਸ ਵਾਲਾ ਪੈਂਤੜਾ ਹੁਣ ਆਮ ਆਦਮੀ ਪਾਰਟੀ ਨੇ ਵੀ ਅਖਤਿਆਰ ਕਰ ਲਿਆ ਹੈ ਅਤੇ ਉਸ ਦੇ ਆਗੂਆਂ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਢਾਹ ਲਾਉਣ ਤੋਂ ਇਲਾਵਾ ਸੂਬੇ ਦੇ ਪਾਣੀਆਂ ਨੂੰ ਵੀ ਲੁਟਾਉਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਅਕਾਲੀ ਦਲ ਨੇ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਅਰਾਜਕਤਾ ਪੈਦਾ ਕਰਨੀ ਚਾਹੁੰਦੀ ਹੈ ਜਿਸ ਕਰਕੇ ਇਸ ਨੂੰ ਭਾਂਜ ਦੇਣਾ ਜ਼ਰੂਰੀ ਹੈ।
ਲੋਕਾਂ ਨੂੰ ਸਿਆਸੀ ਫੈਸਲਾ ਲੈਂਦੇ ਹੋਏ ਆਪਣੇ ਹਿੱਤਾਂ ਨੂੰ ਧਿਆਨ ਵਿੱਚ ਰੱਖਣ ਦੀ ਅਪੀਲ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਮੌਜੂਦਾ ਕਾਰਜ ਕਾਲ ਦੌਰਾਨ ਹੁਣ ਤੱਕ ਕਿਸਾਨਾਂ ਦੇ ਟਿਊਬਵੈਲਾਂ ਲਈ ਤਕਰੀਬਨ 50,000 ਕਰੋੜ ਦੇ ਬਿੱਲਾਂ ਦਾ ਭੁਗਤਾਨ ਸਰਕਾਰੀ ਖਜ਼ਾਨੇ ਵਿੱਚੋਂ ਕੀਤਾ ਹੈ ਅਤੇ ਜੇ ਸਰਕਾਰ ਬਿੱਲ ਨਾ ਮੁਆਫ਼ ਕਰਦੀ ਤਾਂ ਪੰਜਾਹ ਹਜ਼ਾਰ ਕਰੋੜ ਦਾ ਇਹ ਬੋਝ ਵੀ ਕਿਸਾਨਾਂ 'ਤੇ ਹੀ ਪੈ ਜਾਣਾ ਸੀ ਜੋ ਕਿ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਪਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ ਲਈ ਬਿਨਾ ਵਿਆਜ ਤੋਂ 50,000 ਰੁਪਏ ਦੀ ਕਰਜ਼ੇ ਦੀ ਵਿਵਸਥਾ ਕਰਨ ਤੋਂ ਇਲਾਵਾ ਕਿਸਾਨਾਂ, ਨੀਲੇ ਕਾਰਡ ਧਾਰਕਾਂ, ਵਪਾਰੀਆਂ ਅਤੇ ਉਸਾਰੀ ਕਿਰਤੀਆਂ ਦੇ ਵਾਸਤੇ 50, 000 ਰੁਪਏ ਤੱਕ ਦੇ ਇਲਾਜ ਦਾ ਮੁਫ਼ਤ ਪ੍ਰਬੰਧ ਵੀ ਕੀਤਾ ਹੈ। ਪਰਿਵਾਰ ਦੇ ਮੁਖੀ ਦੀ ਹਾਦਸੇ ਵਿੱਚ ਮੌਤ ਹੋ ਜਾਣ ਜਾਂ ਪੂਰੀ ਤਰ੍ਹਾਂ ਨਿਕਾਰਾ ਹੋ ਜਾਣ ਲਈ ਵੀ ਪੰਜ ਲੱਖ ਦੇ ਬੀਮੇ ਦੀ ਵਿਵਸਥਾ ਕੀਤੀ ਹੈ। ਸਮਾਜਿਕ ਸੁਰੱਖਿਆ ਦੇ ਹੇਠ ਦਿੱਤੀਆਂ ਜਾਂਦੀਆਂ ਪੈਨਸ਼ਨਾਂ ਦੀ ਰਾਸ਼ੀ 250 ਰੁਪਏ ਪ੍ਰਤੀ ਮਹੀਨੀ ਤੋਂ ਵਧਾ ਕੇ 500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਿਹਤ ਸਹੂਲਤਾਂ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਹੀ ਇੱਕੋ ਇੱਕ ਸੂਬਾ ਹੈ ਜਿੱਥੇ ਕੈਂਸਰ ਦੇ ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਹੁਣ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਹੈਪੇਟਾਈਟਿਸ-ਸੀ ਦੇ ਮਰੀਜਾਂ ਦਾ ਵੀ ਮੁਫਤ ਇਲਾਜ ਸ਼ੁਰੂ ਕਰ ਦਿੱਤਾ ਹੈ।
ਇਸੇ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦੀ ਸਰਕਾਰ ਮੁੜ ਸੱਤਾ ਵਿੱਚ ਆਉਣ ਦੀ ਸੂਰਤ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਤੀਜੀ ਵਾਰ ਸਰਕਾਰ ਬਣਨ ਤੋਂ ਬਾਅਦ ਹਰ ਜਿਲ੍ਹੇ ਅਤੇ ਹਲਕੇ ਦੀ ਵੱਖਰੀ ਮਾਸਟਰ ਪਲਾਨ ਬਣਾਈ ਜਾਵੇਗੀ ਤਾਂ ਜੋ ਵਿਕਾਸ ਨੂੰ ਵਿਗਿਆਨਿਕ ਲੀਹਾਂ 'ਤੇ ਅਮਲੀ ਰੂਪ ਦਿੱਤਾ ਜਾ ਸਕੇ ਅਤੇ ਪੀਣ ਵਾਲੇ ਵਾਣੀ, ਸੀਵਰੇਜ, ਸੜਕਾਂ, ਪੁਲਾਂ, ਸਟਰੀਟ ਲਾਈਟਾਂ ਆਦਿ ਸਣੇ ਬੁਨਿਆਦੀ ਢਾਂਚੇ ਦੇ ਸਮੁੱਚੇ ਵਿਕਾਸ ਨੂੰ ਮਾਨਵੀ ਹਿੱਤਾਂ ਦੇ ਅਨੁਕੂਲ ਬਣਾਇਆ ਜਾ ਸਕੇ।
ਸ. ਬਾਦਲ ਨੇ ਕਿਹਾ ਕਿਸੰਗਤ ਦਰਸ਼ਨ ਜਮਹੂਰੀਅਤ ਦੀ ਉਚਤਮ ਮਿਸਾਲ ਹੈ। ਇਸ ਵਿਚ ਜਮਹੂਰੀ ਢੰਗ ਨਾਲ ਲੋਕਾਂ ਦੀ ਲੋੜਾਂ ਮੁਤਾਬਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸੰਗਤ ਦਰਸ਼ਨ ਕਰਨ ਦੀ ਪ੍ਰਕਿਰਿਆ ਸਿਰਫ਼ ਪੰਜਾਬ ਵਿਚ ਹੀ ਹੈ ਅਤੇ ਇਹ ਵੀ ਸਿਰਫ਼ ਉਦੋਂ ਹੁੰਦੇ ਹਨ ਜਦੋਂ ਸੂਬੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੱਕ ਜਮਹੂਰੀ ਦੇਸ਼ 'ਚ ਲੋਕਾਂ ਦੀ ਵਿਕਾਸ ਕਾਰਜਾਂ ਵਿਚ ਸਮੂਲੀਅਤ ਨੂੰ ਯਕੀਨੀ ਬਨਾਉਣ ਵਾਸਤੇ ਇਸ ਤੋਂ ਵਧੀਆ ਹੋਰ ਕੋਈ ਤਰੀਕਾ ਨਹੀਂ ਹੋ ਸਕਦਾ।
ਇਸ ਤੋਂ ਪਹਿਲਾਂ ਸ. ਬਾਦਲ ਨੇ ਪਾਤੜਾਂ ਵਿਖੇ ਚਨਗਰਾ ਸੜਕ 'ਤੇ ਬਣੇ ਕਾਮਰੇਡ ਬਲਦੇਵ ਸਿੰਘ ਲੂੰਬਾ ਯਾਦਗਾਰੀ ਗੇਟ ਦਾ ਉਦਘਾਟਨ ਵੀ ਕੀਤਾ। ਕਾਮਰੇਡ ਬਲਦੇਵ ਸਿੰਘ ਲੂੰਬਾ 10 ਸਾਲ ਪੰਜਾਬ ਵਿਧਾਨ ਸਭਾ ਦੇ ਵਿਧਾਇਕ ਰਹੇ ਹਨ ਅਤੇ ਉਨ੍ਹਾਂ ਨੇ ਦੱਬੇ-ਕਚੁਲੇ ਵਰਗਾਂ ਲਈ ਅਣਥੱਕ ਕਾਰਜ ਕੀਤਾ। ਮੁੱਖ ਮੰਤਰੀ ਨੇ ਅੱਜ ਸ਼ਤਰਾਣਾ ਅਤੇ ਪਾਤੜਾਂ ਵਿਖੇ ਪੰਚਾਇਤਾਂ ਨੂੰ ਵਿਕਾਸ ਲਈ ਗ੍ਰਾਂਟ ਤਕਸੀਮ ਕੀਤੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ ਕਰੁਣਾ ਰਾਜੂ ਹੀ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰਖੜਾ ਅਤੇ ਵਿਧਾਇਕ ਸ੍ਰੀਮਤੀ ਵਨਿੰਦਰ ਕੌਰ ਲੂੰਬਾ ਵੀ ਹਾਜ਼ਰ ਸਨ।