ਚੰਡੀਗੜ੍ਹ, 27 ਜਨਵਰੀ, 2017 : ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਜੜੋਂ ਪੁੱਟ ਕੇ ਉਖਾੜ ਸੁੱਟਣ ਲਈ ਪ੍ਰਵਾਸੀ ਭਾਰਤੀਆਂ ਵੱਲੋਂ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਕੈਨੇਡਾ ਅਤੇ ਅਮਰੀਕਾ ਤੋਂ ਆਏ ਪ੍ਰਵਾਸੀਆਂ ਦੇ ਸਮੂਹਾਂ ਨੇ ਉੜਮੁੜ, ਆਦਮਪੁਰ, ਆਨੰਦਪੁਰ ਸਾਹਿਬ ਅਤੇ ਕਰਤਾਪੁਰ ਹਲਕਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਪ੍ਰਚਾਰ ਕੀਤਾ।
ਇਸ ਦੌਰਾਨ ਸਥਾਨਕ ਆਗੂ ਅਤੇ ਪਾਰਟੀ ਉਮੀਦਵਾਰ ਉਨਾਂ ਨਾਲ ਮੌਜੂਦ ਸਨ। ਐਨਆਰਆਈ ਭਾਈਚਾਰੇ ਨਾਲ ਮਿਲ ਕੇ ਇਨਾਂ ਵੱਲੋਂ ਦੁਆਬਾ ਖੇਤਰ ਦੇ ਮਿਆਣੀ, ਦਬੁਰਜੀ, ਬੈਂਸਾ, ਜਲਾਲਪੁਰ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੁਕ ਕੀਤਾ। ਦੂਜਿਆਂ ਸਮੂਹਾਂ ਵੱਲੋਂ ਕਰਤਾਰਪੁਰ, ਸ਼੍ਰੀ ਆਨੰਦਪੁਰ ਸਾਹਿਬ ਅਤੇ ਆਦਮਪੁਰ ਵਿਧਾਨਸਭਾ ਹਲਕਿਆਂ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਹਰਪਾਲ ਧਾਲੀਵਾਲ, ਲਖਵਿੰਦਰ ਸਿੰਘ ਦੌੜਾ ਅਤੇ ਜਗਜੀਤ ਸਿੰਘ ਨੇ ਕਿਹਾ ਕਿ ਉਨਾਂ ਨੇ ਆਪਣੀਆਂ ਦੁਕਾਨਾਂ ਅਤੇ ਦਫਤਰ ਕੁੱਝ ਦਿਨਾਂ ਲਈ ਬੰਦ ਕਰ ਦਿੱਤੇ ਹਨ ਅਤੇ ਆਪਣੀ ਮਾਂ ਭੂਮੀ ਦਾ ਕਰਜਾ ਅਦਾ ਕਰਨ ਆਏ ਹਨ। ਉਨਾਂ ਕਿਹਾ ਕਿ ਚੋਣ ਪ੍ਰਚਾਰ ਦਾ ਉਨਾਂ ਦਾ ਮੰਤਵ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਕਰਜੇ ਅਤੇ ਅਕਾਲੀ-ਕਾਂਗਰਸੀਆਂ ਦੇ ਚੁੰਗਲ ਵਿੱਚੋਂ ਮੁਕਤ ਕਰਾਉਣਾ ਚਾਹੁੰਦੀ ਹੈ।
ਇਸ ਮੌਕੇ ਰਾਜਿੰਦਰ ਥਿੰਦ ਨੇ ਕਿਹਾ ਕਿ ਨਸ਼ਾ ਅਤੇ ਬੇਰੋਜਗਾਰੀ ਵੱਡੇ ਮੁੱਦੇ ਹਨ, ਜਿਨਾਂ ਨੂੰ ਹੱਲ ਕਰਨਾ ਅੱਜ ਸਮੇਂ ਦੀ ਲੋੜ ਹੈ ਅਤੇ ਸਿਰਫ ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਇਨਾਂ ਸਮੱਸਿਆਵਾਂ ਨੂੰ ਹੱਲ ਕਰ ਸਕਦੀ ਹੈ। ਉਨਾਂ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂਆਂ ਨੇ ਪੰਜਾਬ ਦੇ ਸਾਰੇ ਕਾਰੋਬਾਰਾਂ ਅਤੇ ਕੁਦਰਤੀ ਸੋਮਿਆਂ ਉਤੇ ਕਬਜਾ ਕਰ ਲਿਆ ਹੈ ਅਤੇ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਦੇ ਮਨਾਂ ਵਿੱਚ ਪੰਜਾਬ ਦੇ ਭਵਿੱਖ ਨੂੰ ਲੈ ਕੇ ਕਾਫੀ ਚਿੰਤਾ ਹੈ।
ਇਸ ਦੌਰਾਨ ਬ੍ਰਹਮਜੋਤ ਸਿੰਘ ਅਤੇ ਸਾਹਿਬਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ, ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਕਾਰੋਬਾਰੀ ਹੋਰਨਾਂ ਸੂਬਿਆਂ ਵਿੱਚ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਗੱਲ ਨੂੰ ਝੁਠਲਾਇਆ ਨਹੀਂ ਜਾ ਸਕਦਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਇਨਾਂ ਭ੍ਰਿਸ਼ਟਾਚਾਰੀ ਲੀਡਰਾਂ ਦੇ ਚੁੰਗਲ ਵਿੱਚੋਂ ਜਲਦ ਤੋਂ ਜਲਦ ਨਿਕਲਣਾ ਚਾਹੁੰਦੇ ਹਨ।