ਜ਼ਿਲ੍ਹਾ ਮੈਜਿਸਟਰੇਟ ਕੰਵਲਪ੍ਰੀਤ ਬਰਾੜ ਤੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ, ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਦਾ ਜਾਇਜਾ ਲੈਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ, 24 ਅਗਸਤ, 2017 : ਜ਼ਿਲ੍ਹਾ ਮੈਜਿਸਟਰੇਟ ਕੰਵਲਪ੍ਰੀਤ ਬਰਾੜ ਤੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿੱਚ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਅਮਨ ਤੇ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦੇਣ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀਆਂ ਅਮਨ ਤੇ ਸ਼ਾਂਤੀ ਨੂੰ ਭੰਗ ਲਈ ਫੈਲਾਈਆਂ ਜਾਂਦੀਆਂ ਅਫਵਾਹਾਂ 'ਤੇ ਬਿਲਕੁਲ ਯਕੀਨ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਸਮਾਜ ਵਿਰੋਧੀ ਗਤੀਵਿਧੀ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਜਾਂ ਕਿਸੇ ਵੀ ਐਮਰਜੰਸੀ ਦੀ ਹਾਲਤ ਵਿੱਚ ਜ਼ਿਲ੍ਹਾ ਪੁਲਿਸ ਦੇ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 100 ਤੇ 112 ਜਾਂ ਟੈਲੀਫੋਨ ਨੰਬਰ 01763-223100, 01763-509692 ਜਾਂ ਮੋਬਾਇਲ ਨੰ: 85588-18163 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਜੇਕਰ ਕੋਈ ਵਿਅਕਤੀ ਸੋਸ਼ਲ ਮੀਡੀਆ 'ਤੇ ਭੜਕਾਊ ਵੀ.ਡੀ.ਓ. ਜਾਂ ਕੋਈ ਹੋਰ ਪੋਸਟ ਪਾਉਂਦਾ ਹੈ ਤਾਂ ਉਸ ਨੂੰ ਅੱਗੇ ਕਿਸੇ ਹੋਰ ਗਰੁੱਪ ਵਿੱਚ ਨਾ ਭੇਜਿਆ ਜਾਵੇ ਸਗੋਂ ਉਹ ਵੀ.ਡੀ.ਓ. ਤੁਰੰਤ ਪੁਲਿਸ ਵਿਭਾਗ ਦੇ ਵਟਸਐਪ ਨੰਬਰ 85588-18100 'ਤੇ ਅਪਲੋਡ ਕੀਤੀ ਜਾਵੇ ਤਾਂ ਜੋ ਵੀ.ਡੀ.ਓ. ਪਾਉਣ ਵਾਲੇ ਸ਼ਰਾਰਤੀ ਤੱਤਾਂ ਦਾ ਆਈ.ਪੀ. ਐਡਰੈਸ ਪਤਾ ਕਰਕੇ ਉਨ੍ਹਾਂ ਵਿਰੁੱਧ ਤੁਰੰਤ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹਾ ਨਿਵਾਸੀਆਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਪੂਰੀ ਮੁਸਤੈਦੀ ਤੋਂ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਰਕਾਰੀ ਜਾਂ ਨਿੱਜੀ ਸੰਪਤੀ ਨੂੰ ਨੁਕਸਾਨ ਪਹੁੰਚਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਅਮਨ ਤੇ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ 30 ਅਗਸਤ ਤੱਕ ਸਰਕਾਰੀ ਸੰਪਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਮੂਹ ਦਫ਼ਤਰਾਂ ਵਿੱਚ 24 ਘੰਟੇ ਚੌਂਕੀਦਾਰ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ ਤੇ ਨਾ ਹੀ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣਾ ਹੈਡ ਕੁਆਰਟਰ ਛੱਡ ਕੇ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਆਪਣੇ ਮੋਬਾਇਲ ਫੋਨ 24 ਘੰਟੇ ਖੁਲ੍ਹੇ ਰੱਖਣ।
ਸ਼੍ਰੀਮਤੀ ਬਰਾੜ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਬਿਜਲੀ ਦੇ ਗਰਿੱਡਾਂ, ਬੈਂਕਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਹੋਰ ਜਨਤਕ ਸਥਾਨਾਂ 'ਤੇ ਵਿਸ਼ੇਸ਼ ਚੌਕਸੀ ਵਰਤੀ ਜਾਵੇ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਸਰਕਾਰੀ ਸੰਪਤੀ ਨੂੰ ਨੁਕਸਾਨ ਨਾ ਪਹੁੰਚਾ ਸਕੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਮੀਨਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅਮਨ ਤੇ ਸ਼ਾਂਤੀ ਦਾ ਮਾਹੌਲ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਅਮਨ ਤੇ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਨਦੀਪ ਬਾਂਸਲ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅੰਕੁਰ ਮਹਿੰਦਰੂ, ਜ਼ਿਲ੍ਹਾ ਮਾਲ ਅਫਸਰ ਸ੍ਰੀ ਕਿਰਨਜੀਤ ਸਿੰਘ ਟਿਵਾਣਾ, ਸਿਵਲ ਸਰਜਨ ਡਾ. ਹਰਮਿੰਦਰ ਕੌਰ ਸੋਢੀ, ਸਹਾਇਕ ਕਮਿਸ਼ਨਰ ਕਰ ਤੇ ਆਬਕਾਰੀ ਸ੍ਰੀ ਵਿਜੇ ਗਰਗ, ਡੀ.ਡੀ.ਪੀ.ਓ. ਸ੍ਰੀ ਅਮਰੀਕ ਸਿੰਘ, ਜ਼ਿਲ੍ਹਾ ਨਗਰ ਯੋਜਨਾਕਾਰ ਸ੍ਰੀਮਤੀ ਕਮਲਪ੍ਰੀਤ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਪਰਮਜੀਤ ਕੌਰ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।