ਪਠਾਨਕੋਟ, 24 ਸਤੰਬਰ, 2017 : 11 ਅਕਤੂਬਰ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਪਿੜ ਬੰਨ੍ਹਦਿਆਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੇ ਅੱਜ ਹਲਕੇ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਕੇਂਦਰ ਅਤੇ ਪੰਜਾਬ ਵਿੱਚ ਉਸ ਦੀਆਂ ਨਾਕਾਮੀਆਂ ਲਈ ਆੜੇ ਹੱਥੀਂ ਲਿਆ।
ਸੁਜਾਨਪੁਰ ਤੇ ਭੋਆ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਬਾਹਰੀ ਉਮੀਦਵਾਰ ਠਹਿਰਾਉਣ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਸ ਨੂੰ ਬੇਤੁੱਕਾ ਦੱਸਿਆ ਅਤੇ ਕਿਸਾਨਾਂ ਦੀ ਭਲਾਈ, ਵਿਕਾਸ ਅਤੇ ਗੈਰ-ਕਾਨੂੰਨੀ ਖਣਨ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਆਪਣਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਜਿਨ੍ਹਾਂ ਦੀ ਮੌਤ ਹੋ ਜਾਣ ਕਾਰਨ ਇਹ ਜ਼ਿਮਨੀ ਚੋਣ ਹੋ ਰਹੀ ਹੈ, ਵੀ ਉਸੇ ਤਰ੍ਹਾਂ ਬਾਹਰੀ ਸਨ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅਰੁਣ ਜੇਤਲੀ ਨੂੰ ਹਰਾਇਆ ਸੀ।
ਸ੍ਰੀ ਜਾਖੜ ਨੇ ਵਰਕਰਾਂ ਸਾਹਮਣੇ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਪ੍ਰਤੱਖ ਨਾਕਾਮੀਆਂ ਅਤੇ ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋਡ ਦੇ ਇਕ ਦਹਾਕੇ ਦੇ ਕੁਸ਼ਾਸਨ ਦਾ ਚਿੱਠਾ ਫਰੋਲਿਆ। ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਕਿਸੇ ਤਰ੍ਹਾਂ ਦੇ ਖਤਰੇ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਆਖਿਆ ਕਿ ਇਸ ਪਾਰਟੀ ਨੇ ਪਹਿਲਾਂ ਹੀ ਹਾਰ ਮੰਨ ਲਈ ਹੈ।
ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਸਖਤ ਆਲੋਚਨਾ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਨੋਟਬੰਦੀ ਅਤੇ ਜੀ.ਐਸ.ਟੀ. ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਜਦਕਿ ਡੀਜ਼ਲ, ਪੈਟਰੋਲ ਅਤੇ ਐਲ.ਪੀ.ਜੀ. ਸਮੇਤ ਜ਼ਰੂਰੀ ਵਸਤਾਂ ਦੇ ਭਾਅ ਅਸਮਾਨੀ ਚੜ੍ਹ ਰਹੇ ਹਨ ਜੋ ਕਿ ਲੋਕਾਂ ਲਈ ਅਸਹਿਣਯੋਗ ਵਰਤਾਰਾ ਹੈ।
ਕੇਂਦਰ ਦੀ ਮੋਦੀ ਸਰਕਾਰ 'ਤੇ ਵਰ੍ਹਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਕਾਂਗਰਸ ਵੱਲੋਂ ਮੁਲਕ ਦੇ ਨਿਰਮਾਣ ਲਈ ਕੀਤੇ ਕੰਮਾਂ ਦੇ ਉਲਟ ਭਾਜਪਾ ਸਰਕਾਰ ਨੇ ਦੇਸ਼ ਵਾਸੀਆਂ ਨੂੰ ਪਿੱਛੇ ਵੱਲ ਨੂੰ ਧੱਕ ਦਿੱਤਾ ਹੈ।
ਸ਼ਾਨਦਾਰ ਜਿੱਤ ਹਾਸਲ ਕਰਨ ਲਈ ਪੂਰੀ ਤਰ੍ਹਾਂ ਆਸਵੰਦ ਸ੍ਰੀ ਜਾਖੜ ਨੇ ਆਖਿਆ ਕਿ ਲੋਕ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਨਾਂ 'ਤੇ ਵੋਟਾਂ ਪਾਉਣਗੇ ਜਿਸ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਇਤਿਹਾਸਕ ਕਦਮ ਚੁੱਕਣ ਤੋਂ ਇਲਾਵਾ ਕਈ ਭਲਾਈ ਸਕੀਮਾਂ ਸ਼ੁਰੂ ਕਰਕੇ ਪੰਜਾਬ ਦੇ ਲੋਕਾਂ ਨੂੰ ਮੁੜ ਤਰੱਕੀ ਦੇ ਰਾਹ ਵੱਲ ਤੋਰਿਆ ਹੈ। ਸ੍ਰੀ ਜਾਖੜ ਨੇ ਆਖਿਆ ਕਿ ਉਹ ਇਹ ਚੋਣ ਪੰਜਾਬ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਵਿਕਾਸ ਦੀ ਬਦੌਲਤ ਜਿੱਤਣਗੇ।
ਸ੍ਰੀ ਜਾਖੜ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਨੇ ਆਪਣੀ ਪਾਰਟੀ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਨੂੰ ਇਕ ਦੁੱਕੀ ਵੀ ਨਹੀਂ ਦਿੱਤੀ ਜਦਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਖੇਤੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰਜ਼ਾ ਮੁਆਫੀ ਤੋਂ ਇਲਾਵਾ ਕਈ ਹੋਰ ਕਿਸਾਨ ਪੱਖੀ ਕਦਮ ਚੁੱਕੇ ਹਨ। ਉਨ੍ਹਾਂ ਨੇ ਅਬੋਹਰ ਵਿੱਚ ਤਜਵੀਜ਼ਤ ਬਾਗਬਾਨੀ ਯੂਨੀਵਰਸਿਟੀ ਦਾ ਜ਼ਿਕਰ ਕਰਦਿਆਂ ਆਖਿਆ ਕਿ ਇਸ ਦਾ ਇਕ ਕੇਂਦਰ ਗੁਰਦਾਸਪੁਰ ਸੰਸਦੀ ਹਲਕੇ ਵਿੱਚ ਸਥਾਪਤ ਹੋਵੇਗਾ।
ਇਸ ਸਰਹੱਦੀ ਹਲਕੇ ਦੇ ਮਸਲਿਆਂ ਨੂੰ ਲੋਕ ਸਭਾ ਵਿੱਚ ਚੁੱਕਣ ਦਾ ਵਾਅਦਾ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਉਹ ਕਿਸਾਨਾਂ, ਨੌਜਵਾਨਾਂ ਅਤੇ ਸਾਬਕਾ ਸੈਨਿਕਾਂ ਸਮੇਤ ਸਮਾਜ ਦੇ ਹਰੇਕ ਵਰਗ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਗੇ। ਉਨ੍ਹਾਂ ਨੇ ਵਰਕਰਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਮੁਕਤੇਸ਼ਵਰ ਧਾਮ ਮੰਦਰ ਨੇੜੇ ਡੈਮ ਦੀ ਉਸਾਰੀ ਦਾ ਮਸਲਾ ਲੋਕਾਂ ਦੀ ਸੰਤੁਸ਼ਟੀ ਮੁਤਾਬਕ ਹੱਲ ਕਰਨ ਲਈ ਇਸ ਨੂੰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਕੋਲ ਉਠਾਉਣਗੇ।
ਗੈਰ-ਕਾਨੂੰਨੀ ਖਣਨ ਦੇ ਸਬੰਧ ਵਿੱਚ ਸ੍ਰੀ ਜਾਖੜ ਨੇ ਆਖਿਆ ਕਿ ਅਕਾਲੀ ਸਰਕਾਰ ਦੌਰਾਨ ਜਥੇਦਾਰਾਂ ਵੱਲੋਂ ਰੇਤਾ-ਬੱਜਰੀ ਦੇ 450 ਕਰੋੜ ਰੁਪਏ ਆਪਣੀਆਂ ਜੇਬਾਂ ਵਿੱਚ ਪਾ ਲਏ ਜਾਂਦੇ ਸਨ ਜੋ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਬਾਅਦ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਹੋਣ ਲੱਗੇ ਹਨ। ਅਕਾਲੀਆਂ ਦੀ ਸਰਕਾਰ ਦੌਰਾਨ 31000 ਕਰੋੜ ਰੁਪਏ ਦੇ ਅਨਾਜ ਘੋਟਾਲੇ ਦਾ ਜ਼ਿਕਰ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਉਹ ਇਸ ਘੋਟਾਲੇ ਨੂੰ ਲੋਕ ਸਭਾ ਵਿੱਚ ਜੋਰ-ਸ਼ੋਰ ਨਾਲ ਉਠਾਉਣਗੇ ਤਾਂ ਕਿ ਇਕ-ਇਕ ਪੈਸਾ ਸਰਕਾਰੀ ਖਜ਼ਾਨੇ ਵਿੱਚ ਵਾਪਸ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ ਜੋ ਕਿਸਾਨਾਂ ਦੀ ਭਲਾਈ ਲਈ ਵਰਤਿਆ ਜਾਵੇਗਾ।
ਸ੍ਰੀ ਜਾਖੜ ਨੇ ਆਖਿਆ, ''ਸੁਖਬੀਰ ਗਰੀਬ ਦੀ ਖੰਡ ਅਤੇ ਪੈਨਸ਼ਨ ਖਾ ਗਿਆ।'' ਉਨ੍ਹਾਂ ਨਾਲ ਹੀ ਆਖਿਆ ਕਿ ਭਾਵੇਂ ਉਨ੍ਹਾਂ ਲਈ ਲੋਕ ਸਭਾ ਦੀ ਮਿਆਦ ਸਿਰਫ 18 ਮਹੀਨੇ ਹੀ ਹੋਵੇਗੀ ਪਰ ਉਹ ਹਲਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਿਰਤੋੜ ਯਤਨ ਕਰਨਗੇ।
ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਨੂੰ ਆੜੇ ਹੱਥੀ ਲੈਂਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਸ੍ਰੀ ਸਲਾਰੀਆ ਤਾਂ ਆਪਣੇ ਚਿੰਤਪੁਰਨੀ ਮੈਡੀਕਲ ਕਾਲਜ ਦਾ ਸਹੀ ਢੰਗ ਨਾਲ ਪ੍ਰਬੰਧ ਚਲਾਉਣ 'ਚ ਵੀ ਅਸਫਲ ਸਿੱਧ ਹੋਏ ਹਨ ਤਾਂ ਉਨ੍ਹਾਂ ਤੋਂ ਹਲਕੇ ਲਈ ਕੁਝ ਚੰਗਾ ਕਰਨ ਦੀ ਆਸ ਕਿੱਥੋਂ ਰੱਖੀ ਜਾ ਸਕਦੀ ਹੈ। ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾਂ ਵੱਲੋਂ ਆਪਣੀ ਪਾਰਟੀ ਦੇ ਸ਼ਾਸਨਕਾਲ ਦੌਰਾਨ ਮੁਲਕ ਦੇ ਵਿਕਾਸ ਬਾਰੇ ਕੀਤੇ ਝੂਠੇ ਦਾਅਵਿਆਂ ਦੀ ਵੀ ਕਰੜੀ ਆਲੋਚਨਾ ਕੀਤੀ।
ਇਨ੍ਹਾਂ ਮੀਟਿੰਗਾਂ ਨੂੰ ਕਾਂਗਰਸ ਦੇ ਕੌਮੀ ਸਕੱਤਰ ਹਰੀਸ਼ ਚੌਧਰੀ, ਪਾਰਟੀ ਦੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਅਨੀਲ ਵਿੱਜ, ਕਾਂਗਰਸੀ ਨੇਤਾ ਅਮਿਤ ਸਿੰਘ ਮੰਟੂ ਅਤੇ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਸੰਬੋਧਨ ਕਰਦਿਆਂ ਪਾਰਟੀ ਦੇ ਵਰਕਰਾਂ ਨੂੰ ਇਕਜੁਟ ਹੋ ਕੇ ਹਲਕੇ ਦੇ ਹਰੇਕ ਪਿੰਡ ਤੱਕ ਕਾਂਗਰਸ ਦੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ।