ਰਾਏਕੋਟ/ਜਗਰਾਓ/ਗਿੱਲ 12 ਅਪ੍ਰੈਲ 2019: ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਉੱਤੇ ਤਿੱਖੇ ਹਮਲੇ ਜਾਰੀ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਆਉਂਦੇ ਹੀ ਪੰਜਾਬ ਵਿਚ ਕਾਂਗਰਸ ਸਰਕਾਰ ਚੌਫਾਲ ਡਿੱਗ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਹੋਣ ਜਾ ਰਿਹਾ ਹੈ। ਲੋਕ ਸਭਾ ਚੋਣਾਂ ਵਿਚ ਮਿਲੀ ਸ਼ਰਮਨਾਕ ਹਾਰ ਮਗਰੋਂ ਕਾਂਗਰਸ ਲਈ ਸਰਕਾਰ 'ਚ ਬਣੇ ਰਹਿਣਾ ਨੈਤਿਕ ਅਤੇ ਸਿਆਸੀ ਤੌਰ ਤੇ ਮੁਸ਼ਕਿਲ ਹੋ ਜਾਵੇਗਾ। ਉਹਨਾਂ ਕਿਹਾ ਕਿ ਚੋਣ ਨਤੀਜਿਆਂ ਮਗਰੋਂ ਪੰਜਾਬ ਅੰਦਰ ਸਰਕਾਰ ਦੀ ਤਬਦੀਲੀ ਹੋਣੀ ਲਾਜ਼ਮੀ ਹੈ।
ਸਰਦਾਰ ਬਾਦਲ ਨੇ ਇਹ ਟਿੱਪਣੀਆਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਉਮੀਦਵਾਰ ਸਰਦਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਲੁਧਿਆਣਾ ਵਿਚ ਵੱਖ ਵੱਖ ਰੈਲੀਆਂ ਨੂੰ ਸੰਬੋਧਨ ਕਰਦਿਆਂ ਕੀਤੀਆਂ। ਉਹਨਾਂ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ ਸਾਰੇ ਫਰੰਟਾਂ ਉੱਤੇ ਬੁਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ। ਇਸ ਨੇ ਵਿਧਾਨ ਸਭਾ ਚੋਣਾਂ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਝੂਠੀ ਸਹੁੰ ਖਾ ਕੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਹਰ ਸਮੱਸਿਆ ਬਾਰੇ ਲਾਪਰਵਾਹੀ ਵਾਲੀ ਪਹੁੰਚ ਕਰਕੇ ਸਮਾਜ ਦਾ ਹਰ ਵਰਗ ਦੁੱਖ ਭੋਗ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਮਾਨਸਿਕਤਾ ਇੱਕ ਚੁਣੇ ਹੋਏ ਨੁੰਮਾਇਦੇ ਵਾਲੀ ਨਹੀਂ ਸਗੋਂ ਇੱਕ ਮਹਾਰਾਜੇ ਵਾਲੀ ਹੈ। ਉਹ ਅਜੇ ਵੀ ਮਾਨਸਿਕ ਤੌਰ ਤੇ 1947 ਤੋਂ ਪਹਿਲੇ ਵਾਲੇ ਯੁੱਗ ਵਿਚ ਰਹਿ ਰਿਹਾ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਸਾਰੀਆਂ ਲੋਕ ਪੱਖੀ ਸਕੀਮਾਂ ਚਾਹੇ ਉਹ ਸ਼ਗਨ ਸਕੀਮ ਹੋਵੇ,ਦਲਿਤਾਂ ਲਈ ਵਜ਼ੀਫੇ , ਪਛੜੇ ਵਰਗਾਂ ਲਈ 200 ਯੂਨਿਟ ਮੁਫਤ ਬਿਜਲੀ, ਸਕੂਲੀ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਜਾਂ ਵਿਦਿਆਰਥਣਾਂ ਨੂੰ ਮੁਫਤ ਸਾਇਕਲ ਦੇਣਾ ਹੋਵੇ, ਮੌਜੂਦਾ ਸਰਕਾਰ ਵੱਲੋਂ ਸਾਰੀਆਂ ਬੰਦ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਇਸ ਸਰਕਾਰ ਨੇ ਕਿਸਾਨਾਂ ਨੂੰ ਮੁਕੰਮਲ ਕਰਜ਼ਾ ਮੁਆਫੀ ਦਾ ਵਾਅਦਾ ਕਰਕੇ, ਨੌਜਵਾਨਾਂ ਨੂੰ ਘਰ ਘਰ ਨੌਕਰੀ, ਬੇਰੁਜ਼ਗਾਰੀ ਭੱਤਾ ਅਤੇ ਸਮਾਰਟ ਫੋਨਦ ੇ ਵਾਅਦੇ ਕਰਕੇ, ਦਲਿਤਾਂ ਨੂੰ ਸ਼ਗਨ ਸਕੀਮ ਦੀ ਰਾਸ਼ੀ 15 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰਨ ਅਤੇ 200 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਕਰਕੇ ਠੱਗਿਆ ਹੈ। ਸੂਬੇ ਅੰਦਰ ਕਿਸਾਨ ਖੁਦਕੁਸ਼ੀਆਂ ਵਧਦੀਆਂ ਜਾ ਰਹੀਆਂ ਹਨ। ਕੜਾਕੇ ਦੀ ਸਰਦੀ ਵਿਚ ਗਰੀਬ ਦਲਿਤ ਵਿਦਿਆਰਥੀਆਂ ਨੂੰ ਵਰਦੀਆਂ ਨਹੀਂ ਦਿੱਤੀਆਂ ਗਈਆਂ। ਠੇਕੇ ਉੱਤੇ ਭਰਤੀ ਕੀਤੇ 40 ਹਜ਼ਾਰ ਰੁਪਏ ਮਹੀਨਾ ਤਨਖਾਹ ਲੈ ਰਹੇ ਅਧਿਆਪਕਾਂ ਨੂੰ 15 ਹਜ਼ਾਰ ਰੁਪਏ ਲੈਣ ਜਾਂ ਘਰੇ ਬੈਠਣ ਲਈ ਕਹਿ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰਕ ਰਹੇ ਅਧਿਆਪਕਾਂ ਉੱਤੇ ਬੇਰਹਿਮੀ ਨਾਲ ਲਾਠੀਚਾਰਜ ਕਰਵਾਇਆ ਗਿਆ।
ਉਹਨਾਂ ਕਿਹਾ ਕਿ ਗਰੀਬ ਹੋਣਹਾਰ ਬੱਚਿਆਂ ਲਈ ਖੋਲ੍ਹੇ ਮੈਰੀਟੋਰੀਅਸ ਸਕੂਲ ਬੰਦ ਕਰ ਦਿੱਤੇ ਗਏ ਹਨ ਜਦਕਿ ਅੱਧੇ ਤੋਂ ਬਹੁਤੇ ਕਾਂਗਰਸੀਆਂ ਮੰਤਰੀਆਂ ਦੇ ਬੱਚੇ ਵਿਦੇਸ਼ਾਂ ਵਿਚ ਪੜ੍ਹਦੇ ਹਨ। ਦੂਜੇ ਪਾਸੇ ਸੂਬੇ ਅੰਦਰ ਗਰੀਬ ਬੱਚਿਆਂ ਨੂੰ ਵਧੀਆ ਸਿੱਖਿਆ ਹਾਸਿਲ ਕਰਨ ਦਾ ਵੀ ਮੌਕਾ ਨਹੀਂ ਮਿਲ ਰਿਹਾ ਹੈ, ਕਿਉਂਕਿ 700 ਦੇ ਕਰੀਬ ਸਰਕਾਰੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਕਿਸਾਨ ਕਰਜ਼ਿਆਂ ਕਰਕੇ ਖੁਦਕੁਸ਼ੀਆਂ ਕਰ ਰਹੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ 'ਖਾਲੀ ਖਜ਼ਾਨੇ' ਦਾ ਬਹਾਨਾ ਬਕਵਾਸ ਹੈ। ਇਸ ਇਸਦੀ ਮਾੜੀ ਕਾਰਗੁਜ਼ਾਰੀ ਨੂੰ ਲੁਕੋਣ ਦਾ ਢੰਗ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਸਿਰਫ ਟੈਕਸ ਹੀ ਨਹੀਂ ਵਧਾਏ,ਸਗੋਂ ਸੂਬੇ ਅੰਦਰ ਸਾਰੇ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਕਦੇ ਖਾਲੀ ਖਜ਼ਾਨੇ ਦਾ ਬਹਾਨਾ ਨਹੀਂ ਸੀ ਬਣਾਇਆ ਅਤੇ ਹਮੇਸ਼ਾਂ ਕਿਸਾਨਾਂ, ਦਲਿਤਾਂ ਦੀ ਮੱਦਦ ਲਈ ਬਹੁੜਦੇ ਸੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿੰਦੇ ਸੀ।
ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਕੋਈ ਵੀ ਵੱਡਾ ਪ੍ਰਾਜੈਕਟ ਸੂਬੇ ਅੰਦਰ ਨਹੀਂ ਆਇਆ ਹੈ। ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹਨ। ਸਰਕਾਰੀ ਵਿਭਾਗਾਂ ਵਿਚ ਖਾਲੀ ਅਸਾਮੀਆਂ ਨਹੀਂ ਭਰੀਆਂ ਜਾ ਰਹੀਆਂ ਹਨ, ਕਿਉਂਕਿ ਕਾਂਗਰਸ ਸਰਕਾਰ ਵੱਲੋਂ ਘਰ ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਦੇ ਬਾਵਜੂਦ ਭਰਤੀ ਉੱਤੇ ਪਾਬੰਦੀ ਲਾਈ ਹੋਈ ਹੈ।