ਚੰਡੀਗੜ੍ਹ, 26 ਅਪ੍ਰੈਲ 2019 - ਸ਼ੁੱਕਰਵਾਰ ਦੇ ਦਿਨ ਪੰਜਾਬ ਕੀ, ਭਾਰਤ ਦੇ ਵੱਡੇ ਨੇਤਾਵਾਂ ਨੇ ਲੋਕ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਭਰੇ। ਜਿਨ੍ਹਾਂ 'ਚੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਸੁਖਬੀਰ ਸਿੰਘ ਬਾਦਲ, ਭਗਵੰਤ ਮਾਨ ਅਤੇ ਹੋਰ ਕਈ ਨਾਮੀ ਲੀਡਰਾਂ ਨੇ ਆਪੋ ਆਪਣੇ ਹਲਕੇ ਲਈ ਨਾਮਜ਼ਦਗੀਆਂ ਦਾਖਲ ਕਰਾਈਆਂ। ਕਿਸ ਲੀਡਰ ਨੇ ਕਿੱਥੋਂ ਭਰੇ ਕਾਗਜ਼ ? ਜਾਣਨ ਲਈ ਹੇਠ ਪੜ੍ਹੋ :-
ਪ੍ਰਧਾਨ ਮੰਤਰੀ ਨਰੇਂਦਰ ਮੋਦੀ (ਭਾਜਪਾ)
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਲਈ ਉੱਤਰ ਪ੍ਰਦੇਸ਼ ਦੇ ਹਲਕੇ ਵਾਰਾਨਸੀ ਤੋਂ ਭਾਜਪਾ ਦੇ ਉਮੀਦਵਾਰ ਦੇ ਰੂਪ 'ਚ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਮੌਕੇ ਐੱਨ. ਡੀ. ਏ. ਦੇ ਕਈ ਸੀਨੀਅਰ ਨੇਤਾ ਇੱਥੇ ਮੌਜੂਦ ਸਨ।
ਭਗਵੰਤ ਮਾਨ (ਆਪ)
- ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਘਨਸ਼ਾਮ ਥੋਰੀ ਕੋਲ ਆਪਣਾ ਨਾਮਜ਼ਦਗੀ ਕਾਗ਼ਜ਼ ਦਾਖਲ ਕਰਾਇਆ ਗਿਆ। ਇਸ ਮੌਕੇ ਮਾਨ ਦੇ ਨਾਲ ਉਨ੍ਹਾਂ ਦੀ ਮਾਤਾ ਮਾਤਾ ਹਰਪਾਲ ਕੌਰ, ਪੰਜਾਬ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਵਿਧਾਇਕ ਅਮਨ ਅਰੋੜਾ, ਵਿਧਾਇਕ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਆਦਿ ਵੀ ਮੌਜੂਦ ਸਨ।
ਸੁਖਬੀਰ ਸਿੰਘ ਬਾਦਲ (ਅਕਾਲੀਦਲ)
- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਉਨ੍ਹਾਂ ਨਾਲ ਕੇਂਦਰੀ ਮੰਤਰੀ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ, ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ, ਕਮਲ ਸ਼ਰਮਾ ਮੈਂਬਰ ਕੌਮੀ ਕਾਰਜਕਾਰਨੀ ਭਾਜਪਾ ਹੀ ਫਾਰਮ ਦਾਖ਼ਲ ਕਰਵਾਉਣ ਗਏ।
ਮਹਾਰਾਣੀ ਪ੍ਰਨੀਤ ਕੌਰ (ਕਾਂਗਰਸ)
- ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਡਿਪਟੀ ਕਮਿਸ਼ਨਰ ਪਟਿਆਲਾ ਕਮ ਚੋਣ ਅਫ਼ਸਰ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਾਇਆ।
ਹਰਦੀਪ ਪੁਰੀ (ਭਾਜਪਾ)
- ਹਰਦੀਪ ਸਿੰਘ ਪੁਰੀ ਵਲੋਂ ਅੱਜ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਂਝੇ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਉਨ੍ਹਾਂ ਨੇ ਇਹ ਕਾਗ਼ਜ਼ ਅੰਮ੍ਰਿਤਸਰ ਦੇ ਐੱਸ. ਡੀ. ਐੱਮ. 1 ਵਿਕਾਸ ਹੀਰਾ ਦੇ ਦਫ਼ਤਰ 'ਚ ਡੀ. ਸੀ. ਸ਼ਿਵਦੁਲਾਰ ਸਿੰਘ ਨੂੰ ਪੇਸ਼ ਕੀਤੇ। ਇਸ ਮੌਕੇ ਉਨ੍ਹਾਂ ਦੀ ਪਤਨੀ ਲਕਸ਼ਮੀ ਪੁਰੀ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ, ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਅਤੇ ਅਕਾਲੀ ਦਲ ਵਲੋਂ ਬਿਕਰਮ ਸਿੰਘ ਮਜੀਠੀਆ ਆਦਿ ਹਾਜ਼ਰ ਸਨ।
ਬਲਵਿੰਦਰ ਸਿੰਘ (ਬਸਪਾ)
- ਲੋਕ ਸਭਾ ਹਲਕਾ ਜਲੰਧਰ ਤੋਂ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਉਮੀਦਵਾਰ ਬਲਵਿੰਦਰ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਬਸਪਾ ਦੇ ਸੂਬਾ ਪ੍ਰਧਾਨ ਰਸ਼ਪਾਲ ਰਾਜੂ ਵੀ ਮੌਜੂਦ ਸਨ।
ਸਿਮਰਜੀਤ ਸਿੰਘ ਬੈਂਸ ( ਪੰਜਾਬ ਜਮਹੂਰੀ ਗਠਜੋੜ)
- ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਰਿਟਰਨਿੰਗ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਏ ਗਏ।
ਪ੍ਰੋ. ਤੇਜਪਾਲ ਸਿੰਘ ਗਿੱਲ (ਆਪ)
- ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਗਿੱਲ ਨੇ ਅੱਜ ਰਿਟਰਨਿੰਗ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਕੋਲ ਆਪਣੇ ਨਾਮਜ਼ਦਗੀ ਦਾਖ਼ਲ ਕਰਵਾਏ।
ਚਰਨਜੀਤ ਸਿੰਘ ਅਟਵਾਲ (ਅਕਾਲੀਦਲ)
- ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬਲਦੇਵ ਸਿੰਘ ਖਹਿਰਾ ਆਦਿ ਮੌਜੂਦ ਸਨ।
ਬੀਬੀ ਜਗੀਰ ਕੌਰ (ਅਕਾਲੀਦਲ)
- ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਨਾਮਜ਼ਦਗੀ ਪੱਤਰ ਭਰੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਾਬਕਾ ਖ਼ੁਰਾਕ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਮੌਜੂਦ ਸਨ।