← ਪਿਛੇ ਪਰਤੋ
ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸੁਖਜਿੰਦਰ ਰੰਧਾਵਾ ਨੇ ਲਿਆ ਕਾਰੀਡੋਰ ਨਿਰਮਾਣ ਦਾ ਜਾਇਜ਼ਾ ਲੋਕੇਸ਼ ਰਿਸ਼ੀ ਗੁਰਦਾਸਪੁਰ, 01 ਜੂਨ 2019- ਲੋਕ ਨਿਰਮਾਣ ਵਿਭਾਗ ਪੰਜਾਬ ਦੇ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਦੇ ਨਾਲ ਹੀ ਨਿਰਮਾਣ ਕਾਰਜ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਵੀ ਕੀਤੀ ਗਈ। ਇਸ ਮੌਕੇ ਸਿੰਗਲਾ ਨੇ ਕਿਹਾ ਕਿ ਇਸ ਕਾਰੀਡੋਰ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀਆਂ ਸਾਰੀਆਂ ਲਿੰਕ ਸੜਕਾਂ ਨੂੰ ਅੱਪਗ੍ਰੇਡ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਅੰਮ੍ਰਿਤਸਰ, ਪਠਾਨਕੋਟ ਅਤੇ ਬਟਾਲਾ ਤੋਂ ਡੇਰਾ ਬਾਬਾ ਨਾਨਕ ਨੂੰ ਜਾਂਦੀਆਂ ਸੜਕਾਂ ਅੱਪਗ੍ਰੇਡ ਕਰਨ ਦੇ ਪਰਪੋਜ਼ਲ ਨੂੰ ਵੀ ਮੌਕੇ 'ਤੇ ਮਨਜ਼ੂਰੀ ਦੇ ਦਿੱਤੀ ਗਈ ਹੈ। ਪੱਤਰਕਾਰਾਂ ਨਾਲ ਮੁਖ਼ਾਤਬ ਹੁੰਦਿਆਂ ਮੰਤਰੀ ਸਿੰਗਲਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰੀਡੋਰ ਨਿਰਮਾਣ ਸਬੰਧੀ ਮੁਹੱਈਆ ਕਰਵਾਏ ਜਾ ਰਹੇ ਸਾਰੇ ਫ਼ੰਡ ਬਿਨਾ ਕਿਸੇ ਰੁਕਾਵਟ ਵਿਕਾਸ ਕਾਰਜਾਂ 'ਤੇ ਲਾਏ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਆਪਣੇ ਵੱਲੋਂ ਡੇਰਾ ਬਾਬਾ ਨਾਨਕ ਦੀਆਂ ਸਾਰੀਆਂ ਲਿੰਕ ਸੜਕਾਂ ਅੱਪਗ੍ਰੇਡ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਅੰਮ੍ਰਿਤਸਰ, ਪਠਾਨਕੋਟ ਅਤੇ ਬਟਾਲਾ ਤੋਂ ਡੇਰਾ ਬਾਬਾ ਨਾਨਕ ਨੂੰ ਜਾਂਦੀਆਂ ਸੜਕਾਂ ਅੱਪਗ੍ਰੇਡ ਕਰ ਦਿੱਤੀਆਂ ਜਾਣਗੀਆਂ। ਉੱਥੇ ਦੂਜੇ ਪਾਸੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਅਤੇ ਸਹਿਕਾਰਤਾ 'ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਦੱਸਿਆ ਸਹਿਕਾਰਤਾ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਆਪਣੀ ਡੇਰਾ ਬਾਬਾ ਨਾਨਕ ਫੇਰੀ ਦੌਰਾਨ ਕਾਰੀਡੋਰ ਨਿਰਮਾਣ ਸਬੰਧੀ ਲੋੜੀਂਦੀਆਂ ਸਾਰੀਆਂ ਸੂਬਾ ਪੱਧਰੀ ਮੰਗਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਸਬੰਧੀ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਕੋਲ ਲੋੜੀਂਦੇ ਫ਼ੰਡ ਪਹੁੰਚਾ ਦਿੱਤੇ ਗਏ ਹਨ।
Total Responses : 267