ਚੰਡੀਗੜ੍ਹ ਵਿਖੇ ਸੋਮਵਾਰ ਨੂੰ ਆਫਤ ਪ੍ਰਬੰਧਨ ਗਰੁੱਪ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ।
ਆਫਤ ਪ੍ਰਬੰਧਨ ਗਰੁੱਪ ਦੀ ਉੱਚ ਪੱਧਰੀ ਮੀਟਿੰਗ 'ਚ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਰਾਹਤ ਕਾਰਜਾਂ ਲਈ ਤੁਰੰਤ ਫੰਡ ਜਾਰੀ ਕਰਨ ਦਾ ਆਦੇਸ਼
ਚੰਡੀਗੜ੍ਹ, 26 ਅਗਸਤ 2019: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਸੋਮਵਾਰ ਨੂੰ ਇਥੇ ਸਕੱਤਰਾਂ ਦੇ ਆਫ਼ਤ ਪ੍ਰਬੰਧਨ ਗਰੁੱਪ ਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਜੰਗੀ ਪੱਧਰ 'ਤੇ ਚੱਲ ਰਹੇ ਹੜ੍ਹ ਰਾਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਲੋੜੀਂਦੇ ਫੰਡ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ।
ਅਧਿਕਾਰੀਆਂ ਨੂੰ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਾਣੀ ਨਾਲ ਸਬੰਧਿਤ ਬਿਮਾਰੀਆਂ ਤੋਂ ਬਚਾਅ ਲਈ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਖਾਣ-ਪੀਣ ਦਾ ਸਮਾਨ ਉਪਲਬਧ ਕਰਾਉਣ ਦਾ ਵੀ ਆਦੇਸ਼ ਦਿੱਤਾ।
ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਰੋਪੜ ਦੇ ਡਿਪਟੀ ਕਮਿਸ਼ਨਾਂ ਨੇ ਵੀਡੀਓ ਕਾਨਫਰੰਸ ਰਾਹੀਂ ਇਸ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਨੇ ਆਪਣੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰਾਂ ਨੇ ਆਪੋ ਆਪਣੇ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਸੰਖੇਪ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਸਲ ਨੁਕਸਾਨ ਦਾ ਪਤਾ ਪਾਣੀ ਘਟਣ ਬਾਅਦ ਹੀ ਲੱਗ ਸਕੇਗਾ। ਰਾਹਤ ਕਾਰਜਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰਾਂ ਨੇ ਇਸ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਫੰਡ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਸਥਿਤੀ ਕੰਟਰੋਲ ਵਿੱਚ ਹੈ।
ਸਰਕਾਰ ਤਰਫੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਆਫਤ ਪ੍ਰਬੰਧਨ ਗਰੁੱਪ ਅਤੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਿਸੇ ਵੀ ਬਿਮਾਰੀ ਨੂੰ ਪੈਦਾ ਹੋਣ ਤੋਂ ਰੋਕਣ ਲਈ ਅਗਾਊਂ ਕਦਮ ਚੁੱਕਣ ਦੀ ਹਦਾਇਤ ਕੀਤੀ।
ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਸ੍ਰੀ ਕੇ.ਬੀ.ਐਸ. ਸਿੱਧੂ, ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਵਿਸਵਾਜੀਤ ਖੰਨਾ, ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਸੰਜੇ ਕੁਮਾਰ, ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਕੱਤਰ ਪੀਡਬਲਿਊਡੀ ਸ੍ਰੀ ਹੁਸਨ ਲਾਲ, ਸਕੱਤਰ ਪਸ਼ੂ ਪਾਲਣ ਵਿਭਾਗ ਸ੍ਰੀ ਰਾਜ ਕਮਲ ਚੌਧਰੀ, ਵਿਸ਼ੇਸ਼ ਸਕੱਤਰ ਮਾਲ ਸ੍ਰੀ ਰਾਜੀਵ ਪਰਾਸ਼ਰ, ਚੇਅਰਮੈਨ-ਕਮ-ਡਾਇਰੈਕਟਰ ਪੀਐਸਪੀਸੀਐਲ ਸ੍ਰੀ ਬਲਦੇਵ ਸਿੰਘ ਸਰਾਂ ਅਤੇ ਏਡੀਜੀਪੀ (ਲਾਅ) ਸ੍ਰੀ ਈਸ਼ਵਰ ਸਿੰਘ ਹਾਜ਼ਰ ਸਨ।