← ਪਿਛੇ ਪਰਤੋ
ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਣ, ਐਫ.ਆਈ.ਆਰ, ਅਤੇ ਗ੍ਰਿਫਤਾਰੀਆਂ ਜਾਰੀ ਚੈਕਿੰਗ ਅਧਿਕਾਰੀਆਂ ਦੇ ਕੰਮ ਵਿਚ ਵਿਘਨ ਪਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ: ਡਿਪਟੀ ਕਮਿਸ਼ਨਰ ਮਾਨਸਾ, 05 ਨਵੰਬਰ 2019: ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਝੋਨੇ ਦੇ ਸੀਜ਼ਨ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨੂੰ ਜ਼ੀਰੋ ਬਰਨਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਤਹਿਤ ਸਮੂਹ ਐਸ.ਡੀ.ਐਮਜ਼. ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਜਿੰਨ੍ਹਾਂ ਦੇ ਅਧੀਨ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਤੇ ਵੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਇਸ ਗੱਲ ਨੂੰ ਯਕੀਨੀ ਬਣਾਉਣ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸਾਰੇ ਉਪ ਮੰਡਲ ਮੈਜਿਸਟਰੇਟਸ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜਿਸ ਵੀ ਖੇਤ ਵਿਚ ਅੱਗ ਲਗਾਈ ਜਾਂਦੀ ਹੈ ਉਸ ਦਾ ਚਲਾਣ ਕੀਤਾ ਜਾਵੇ ਅਤੇ ਨਾਲ ਹੀ ਖਸਰਾ ਗਿਰਦਾਵਰੀ ਵਿਚ ਲਾਲ ਸਿਆਹੀ ਨਾਲ ਰਿਕਾਰਡ ਵਿਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੀ ਜ਼ਮੀਨ ਤੇ ਲਾਲ ਐਂਟਰੀ ਦਰਜ ਕੀਤੀ ਜਾਵੇ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੰਮ ਲਈ ਪੁਲਿਸ ਅਤੇ ਸਿਵਲ ਦੀਆਂ 26 ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜਿਸ ਤਹਿਤ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੇ ਕਾਰਵਾਈ ਕਰਦਿਆਂ ਹੁਣ ਤੱਕ ਜ਼ਿਲ੍ਹੇ ਵਿਚੋਂ ਕੁੱਲ 5 ਲੱਖ 10 ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ ਅਤੇ 37 ਐਫ.ਆਈ.ਆਰ. ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ ਦੀ ੳਲੰਘਣਾਂ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਵਾਲੇ 14 ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅੱਗੇ ਵੀ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ।
Total Responses : 267