ਪਰਾਲੀ ਸਾੜਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ
ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ
ਪਰਾਲੀ ਸਾੜਨ ਵਾਲਿਆਂ ਵਿਰੁੱਧ 21 ਐਫ ਆਈ ਆਰ ਦਰਜ,48 ਚਲਾਨ
82 ਲੋਕਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀ ਦਰਜ ਕੀਤੀ ਗਈ
ਪੰਚਾਂ ਸਰਪੰਚਾਂ ਨਾਲ ਮੀਟਿੰਗ ਮੌਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਫਰੀਦਕੋਟ 5 ਨਵੰਬਰ, 2019: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ ਨੇ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਪਰਾਲੀ ਸਾੜਨ ਵਿਰੁੱਧ ਸਖਤ ਹਦਾਇਤਾਂ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਚਾਂ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਹਨਾਂ ਆਪਣੀ ਇਸ ਅਪੀਲ ਨੂੰ ਦੁਹਰਾਇਆ ਕਿ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਉਹਨਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਐਫ ਆਈ ਆਰ ਦਰਜ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਚਲਾਨ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰਨਾ ਨਹੀਂ ਹੈ ਸਗੋਂ ਪਰਾਲੀ ਨੂੰ ਅੱਗ ਲਾਉਣ ਨਾਲ ਫੈਲਣ ਵਾਲਾ ਪ੍ਰਦੂਸ਼ਣ ਮਨੁੱਖਤਾ, ਜੀਵ ਜੰਤੂਆਂ ਅਤੇ ਸਮੁੱਚੇ ਵਾਤਾਵਰਨ ਲਈ ਘਾਤਕ ਹੈ। ਇਸ ਨੂੰ ਰੋਕਣ ਲਈ ਸਮੂਹ ਪੰਚਾਇਤਾਂ ਸਮੇਤ ਵੱਖ ਵੱਖ ਸਰਕਾਰੀ ਵਿਭਾਗਾਂ ਅਤੇ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸ ਨੂੰ ਜ਼ਮੀਨ ਵਿਚ ਹੀ ਖਪਾਉਣ । ਉਹਨਾਂ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਹਰੇਕ ਪਿੰਡ ਵਿਚ ਨੋਡਲ ਅਫਸਰ ਲਗਾਇਆ ਗਿਆ ਹੈ।ਇਸ ਤੋਂ ਇਲਾਵਾ ਸਮੂਹ ਡਵੀਜ਼ਨਲ ਮੈਜਿਸਟਰੇਟ ਨੂੰ ਵੀ ਸਬ ਡਵੀਜਨ ਦਾ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਮਾਲ ਵਿਭਾਗ ਦੇ ਸਮੂਹ ਅਧਿਕਾਰੀ, ਜ਼ਿਲ੍ਹੇ ਦੇ ਸਮੂਹ ਐਸ ਐਚ ਓ, ਸਰਪੰਚਾਂ ਨਾਲ ਤਾਲਮੇਲ ਕਰਕੇ ਪਰਾਲੀ ਨੂੰ ਅੱਗ ਲਾਉਣ ਦੇ ਵਰਤਾਰੇ ਨੂੰ ਰੋਕਣ ਲਈ ਜੁੰਮੇਵਾਰ ਹੋਣਗੇ। ਜਿਸ ਕੋਲ ਇਲਾਕੇ ਨਾਲ ਸਬੰਧਤ ਖੇਤੀ ਮਸ਼ੀਨਰੀ ਦੀ ਸੂਚੀ ਅਤੇ ਸੰਪਰਕ ਨੰਬਰ ਹਨ। ਉਹਨਾਂ ਕਿਹਾ ਕਿ ਇਕ ਪਾਸੇ ਅਸੀਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਹੋਇਆ ਸਾਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਹੁਣ ਤੱਕ ਜ਼ਿਲ੍ਹੇ ਵਿਚ 21 ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 48 ਕਿਸਾਨਾਂ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ 82 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਲਾਲ ਇੰਦਰਾਜ ਦਰਜ ਕੀਤੇ ਗਏ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਨੇ ਵੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਪਰਮਜੀਤ ਕੌਰ ਏ ਡੀ ਸੀ(ਡੀ) ਐਸ ਡੀ ਐਮ ਕੋਟਕਪੂਰਾ ਮਨਦੀਪ ਕੌਰ,ਐਸ ਪੀ ਐਚ ਸ ਭੁਪਿੰਦਰ ਸਿੰਘ, ਡੀ ਡੀ ਪੀ ਓ ਬਲਜੀਤ ਕੌਰ, ਜਿਲ੍ਹੇ ਦੇ ਸਮੂਹ ਬੀ ਡੀ ਪੀ ਓ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਸਮੂਹ ਡੀ ਐਸ ਪੀ ਸਮੂਹ ਐਸ ਐਚ ਓ, ਡਾ ਅਮਨਦੀਪ ਕੇਸ਼ਵ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।