ਕੁਲਵੰਤ ਸਿੰਘ ਬੱਬੂ
ਰਾਜਪੁਰਾ, 18 ਅਪ੍ਰੈਲ 2020 - ਰਾਜਪੁਰਾ 'ਚ 6 ਜਾਣਿਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਜਦੋਂ ਕਿ ਇਸ ਰਿਪੋਰਟ ਦੇ ਆਉਣ ਕਾਰਨ ਆਸ ਪਾਸ ਦੇ ਇਲਾਕੇ ਦੇ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਵੀ ਕਾਮਨ ਕਸ ਲਈ ਹੈ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਹਰ ਪ੍ਰਕਾਰ ਦੀ ਸਾਵਧਾਨੀ ਵਰਤੀ ਜਾ ਰਹੀ ਹੈ।
ਅੱਜ ਮਿਤੀ 18 ਅਪ੍ਰੈਲ ਨੂੰ ਕੋਵਿਡ-19 ਦੀ ਪਟਿਆਲਾ ਜ਼ਿਲ੍ਹੇ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਲਏ ਸੈਂਪਲਾਂ ਦੀ ਆਈ ਰਿਪੋਰਟ ’ਚ ਅੱਜ 15 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ’ਚ ਪਹਿਲਾਂ 11 ਕੋਰੋਨਾ ਵਾਇਰਸ ਪਾਜ਼ੀਟਿਵ ਮਰੀਜ਼ਾਂ ਦੇ ਕੇਸ ਸਨ ਤੇ ਹੁਣ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਪਾਜ਼ੀਟਿਵ ਦੀ ਗਿਣਤੀ 26 ਹੋ ਗਈ ਹੈ। ਪਿਛਲੇ ਦਿਨੀਂ ਕਿਤਾਬਾਂ ਵਾਲੇ ਬਾਜਾਰ 'ਚ ਕਿਤਾਬ ਵਿਕਰੇਤਾ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਦੇ 9 ਕਰੀਬੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ ਹੀ ਰਾਜਪੁਰਾ ਤੋਂ ਪਾਜ਼ੀਟਿਵ ਆਈ ਮਹਿਲਾ ਨਾਲ ਸਬੰਧਿਤ 6 ਵਿਅਕਤੀ ਕੋਰੋਨਾ ਪੀੜਤ ਪਾਏ ਗਏ ਹਨ।