ਅਸ਼ੋਕ ਵਰਮਾ
ਕਿਸਾਨਾਂ ਮਜਦੂਰਾਂ ਵੱਲੋਂ ਲੋਕਾਂ ਨੂੰ ਮੌਤ ਦੇ ਮੂੰਹ ਧੱਕਣ ਦੇ ਦੋਸ਼
ਬਠਿੰਡਾ, 25 ਅਪਰੈਲ 2020 - ਕੋਰੋਨਾ ਵਾਇਰਸ ਦੇ ਸੰਕਟ ਕਾਰਨ ਕਣਕ ਦੀ ਖਰੀਦ ਤੇ ਲੋੜਵੰਦਾਂ ਨੂੰ ਪੂਰੀ ਮਾਤਰਾ ’ਚ ਰਾਸ਼ਨ ਪੁਚਾਉਣ ਦੇ ਪੁਖਤਾ ਪ੍ਰਬੰਧ ਨਾ ਕਰਨ, ਕਰੋਨਾ ਦੇ ਟੈਸਟ ਤੇ ਵੈਂਟੀਲੇਟਰਾਂ ਸਮੇਤ ਮੈਡੀਕਲ ਸਟਾਫ਼ ਨੂੰ ਲੋੜੀਂਦਾ ਸਮਾਨ ਮਹੁੱਈਆ ਨਾ ਕਰਾਉਣ, ਹੋਰਨਾ ਬਿਮਾਰੀਆਂ ਤੋਂ ਪੀੜਤਾਂ ਦੇ ਇਲਾਜ ਲਈ ਹਸਪਤਾਲਾਂ ਦੇ ਦਰਵਾਜ਼ੇ ਬੰਦ ਕਰਨ ਅਤੇ ਕਰਫਿਊ ਤੇ ਲਾਕਡਾਊਨ ਦੇ ਬਹਾਨੇ ਲੋਕਾਂ ’ਤੇ ਪੁਲਸ ਜਬਰ ਢਾਹੁਣ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ’ਤੇ ਗਿਣਮਿਥਕੇ ਲੋਕਾਂ ਨੂੰ ਮੌਤ ਦੇ ਮੂੰਹ ਧੱਕਣ ਦਾ ਦੋਸ਼ ਲਾਉਦਿਆਂ ਅੱਜ 16 ਜਨਤਕ ਜਥੇਬੰਦੀਆਂ ਵੱਲੋਂ ਪੰਜਾਬ ਦੇ 21 ਜ਼ਿਲ੍ਹਿਆਂ ’ਚ 588 ਪਿੰਡਾਂ, ਸ਼ਹਿਰਾਂ ਤੇ ਕਸਬਿਆਂ ’ਚ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਗਏ।
ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ, ਠੇਕਾ ਮੁਲਾਜ਼ਮਾਂ ਅਤੇ ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ ਇਹਨਾਂ 16 ਜਥੇਬੰਦੀਆਂ ਵੱਲੋਂ ਕੀਤੇ ਇਹਨਾਂ ਪ੍ਰਦਰਸ਼ਨਾਂ ਸਬੰਧੀ ਜਾਣਕਾਰੀ ਜੋਗਿੰਦਰ ਸਿੰਘ ਉਗਰਾਹਾਂ, ਰਾਜਵਿੰਦਰ ਸਿੰਘ, ਜਗਰੂਪ ਸਿੰਘ, ਲਛਮਣ ਸਿੰਘ ਸੇਵੇਵਾਲਾ ਤੇ ਕੰਵਲਪ੍ਰੀਤ ਸਿੰਘ ਪੰਨੂੰ ਵੱਲੋਂ ਜਾਰੀ ਕੀਤੇ ਇੱਕ ਲਿਖਤੀ ਬਿਆਨ ਰਾਹੀਂ ਦਿੱਤੀ ਗਈ। ਉਹਨਾਂ ਦੱਸਿਆ ਕਿ ਬਿਮਾਰੀ ਨੂੰ ਮੁੱਖ ਰੱਖਕੇ ਕੋਠਿਆਂ ’ਤੇ ਚੜਕੇ ਹੀ ਰੈਲੀਆਂ ਤੇ ਮੁਜ਼ਾਹਰੇ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਇਨਾਂ ਰੋਹ ਭਰਪੂਰ ਪ੍ਰਦਰਸ਼ਨਾਂ ਦਾ ਜ਼ਿਲਾ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ, ਮੋਗਾ, ਜਲੰਧਰ, ਤਰਨਤਾਰਨ, ਅੰਮਿ੍ਰਤਸਰ, ਗੁਰਦਾਸਪੁਰ, ਲੁਧਿਆਣਾ, ਫਿਰੋਜ਼ਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਮੁਹਾਲੀ, ਰੋਪੜ, ਫਤਿਹਗੜ ਸਾਹਿਬ ਤੇ ਪਠਾਲਕੋਟ ਦੇ ਪਿੰਡ, ਸ਼ਹਿਰ ਤੇ ਕਸਬੇ ਕੇਂਦਰ ਬਿੰਦੂ ਰਹੇ ਵੱਖ-ਵੱਖ ਥਾਂਵਾ ’ਤੇ ਜੁੜੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਐਲਾਨ ਕੀਤਾ ਕਿ ਉਹ ਸਭ ਸਾਵਧਾਨੀਆਂ ਵਰਤ ਕੇ ਹੀ ਪ੍ਰਦਰਸ਼ਨ ਕਰ ਰਹੇ ਹਨ ਪਰ ਜੇ ਸਰਕਾਰ ਨੇ ਮੰਗਾਂ ਦਾ ਕੋਈ ਹੱਲ ਨਾ ਕੀਤਾ ਤਾਂ ਉਹ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਣਗੇ। ਉਹਨਾਂ ਕਣਕ ਦੀ ਤੁਰੰਤ ਖਰੀਦ ਤੇ ਅਦਾਇਗੀ 48 ਘੰਟਿਆਂ ’ਚ ਕਰਨ, ਇੱਕ ਟਰਾਲੀ ਦੀ ਸ਼ਰਤ ਖਤਮ , ਦੁੱਧ ਉਤਪਾਦਕਾਂ ਦਾ ਦੁੱਧ ਖਰੀਦਣ ਦੀ ਗਰੰਟੀ , ਸਭਨਾਂ ਲਈ ਮੁਫ਼ਤ ਇਲਾਜ ਅਤੇ ਲੋੜਵੰਦਾਂ ਲਈ ਮੁਫ਼ਤ ਖਾਧ ਖੁਰਾਕ ਦੇਣਾ ਯਕੀਨੀ ਬਨਾਉਣ ਦੀ ਮੰਗ ਕੀਤੀ।
ਆਗੂਆਂ ਨੇ ਪੇਂਡੂ ਤੇ ਸਿਹਤ ਕੇਂਦਰਾਂ ਅਤੇ ਲੋਕ ਵੰਡ ਪ੍ਰਣਾਲੀ ਲਈ ਰਾਸ਼ਨ ਡਿੱਪੂਆਂ ਦੇ ਢਾਂਚੇ ਦਾ ਪਸਾਰਾ ਕਰਨ, ਸਿਹਤ ਸੇਵਾਵਾਂ ਦਾ ਕੌਮੀਕਰਨ ,ਪ੍ਰਾਈਵੇਟ ਹਸਪਤਾਲਾਂ ਤੇ ਲੈਬੋਰੇਟਰੀਆਂ ਆਦਿ ਨੂੰ ਸਰਕਾਰੀ ਹੱਥਾਂ ’ਚ ਲੈਣ, ਹੋਰਨਾਂ ਬਿਮਾਰੀਆਂ ਤੋਂ ਪੀੜਤ ਰੋਗੀਆਂ ਦੇ ਢੁੱਕਵੇਂ ਇਲਾਜ ਲਈ ਬੰਦ ਕੀਤੀ ਓ.ਪੀ.ਡੀ. ਚਾਲੂ ,ਸਿਹਤ ਮਹਿਕਮੇ ਸਮੇਤ ਹੋਰਨਾਂ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਕੇ ਪੂਰੀ ਤਨਖ਼ਾਹ , 50 ਲੱਖ ਦਾ ਬੀਮਾਂ ਅਤੇ ਮੁਲਾਜ਼ਮਾਂ ਦੀ ਰੋਕੀ ਤਨਖ਼ਾਹ ਜਾਰੀ ਕਰਨ ਲਈ ਵੀ ਆਖਿਆ।
ਉਨਾਂ ਸਿਹਤ ਮਹਿਕਮੇ ’ਚ ਡਾਕਟਰਾਂ, ਸਟਾਫ਼ ਨਰਸਾਂ ਤੇ ਹੋਰ ਕਰਮਚਾਰੀਆਂ ਦੀ ਵੱਡੇ ਪੱਧਰ ’ਤੇ ਪੱਕੀ ਭਰਤੀ ,ਵੱਡੇ ਉਦਯੋਗਪਤੀਆਂ ਅਤੇ ਵੱਡੇ ਭੌਂ ਮਾਲਕਾਂ ਦੀ ਉੱਪਰਲੀ 5-7 ਫੀਸਦੀ ਤੇ ਮੋਟਾ ‘‘ਮਹਾਂਮਾਰੀ ਟੈਕਸ’’ , ਅਮਰੀਕਾ ਨਾਲ ਹਥਿਆਰ ਖਰੀਦਣ ਦੇ ਸੌਦੇ ਰੱਦ ਕਰਨ, ਪੁਲਿਸ ਸਖਤੀ, ਪ੍ਰਸ਼ਾਸਕੀ ਢਿੱਲ ਮੱਠ ਤੇ ਅੜੀਅਲ ਵਤੀਰੇ ਤੋਂ ਇਲਾਵਾ ਸਿਆਸੀ ਬੇਰੁਖੀ ਨੂੰ ਵੀ ਨੱਥ ਪਾਉਣ , ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਦੇ ਪੱਕੇ ਤੇ ਕੱਚੇ ਮਜ਼ਦੂਰਾਂ, ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ ਦੀ ਗਰੰਟੀ ਅਤੇ ਛਾਂਟੀ ਨਾ ਕਰਨ, ਮਨਰੇਗਾ ਮਜ਼ਦੂਰਾਂ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਅਤੇੇ ਸਾਵਧਾਨੀਆਂ ਵਰਤਕੇ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਅਤੇ ਸਭਨਾਂ ਕਿਰਤੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਵੀ ਕੀਤੀ।
ਆਗੂਆਂ ਨੇ ਕਿਹਾ ਕਿ ਮੁਸਲਮਾਨਾਂ ਤੇ ਗੁੱਜਰ ਭਾਈਚਾਰੇ ਖਿਲਾਫ਼ ਕਰੋਨਾ ਫੈਲਾਉਣ ਦੇ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਫਿਰਕਾਪ੍ਰਸਤੀ ਫੈਲਾਉਣ ’ਤੇ ਸਖਤੀ ਨਾਲ ਰੋਕ ਲਾਉਣ, ਕਰੋਨਾ ਦੀ ਆੜ ਹੇਠ ਗਿ੍ਰਫਤਾਰ ਕੀਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਅਤੇ ਸੀ.ਏ.ਏ. ਤੇ ਐਨ.ਆਰ.ਸੀ. ਵਿਰੋਧੀ ਸੰਘਰਸ਼ ’ਚ ਸ਼ਾਮਲ ਲੋਕਾਂ ਨੂੰ ਰਿਹਾਅ ਅਤੇ ਅੱਗੇ ਤੋਂ ਗਿ੍ਰਫਤਾਰੀਆਂ ਤੇ ਰੋਕ ਲਾਉਣ ਲਈ ਵੀ ਕਿਹਾ।
ਇਹਨਾਂ ਪ੍ਰਦਰਸ਼ਨਾਂ ਦੀ ਅਗਵਾਈ ਸੁਖਦੇਵ ਸਿੰਘ ਕੋਕਰੀ ਕਲਾਂ, ਲਖਵਿੰਦਰ ਸਿੰਘ, ਬਲਿਹਾਰ ਸਿੰਘ, ਵਰਿੰਦਰ ਸਿੰਘ ਮੋਮੀ, ਅਸ਼ਵਨੀ ਕੁਮਾਰ ਘੁੱਦਾ, ਹਰਿੰਦਰ ਕੌਰ ਬਿੰਦੂ, ਛਿੰਦਰਪਾਲ ਸਿੰਘ, ਹੁਸ਼ਿਆਰ ਸਿੰਘ, ਜੋਰਾ ਸਿੰਘ ਨਸਰਾਲੀ, ਗੁਰਵਿੰਦਰ ਸਿੰਘ ਪੰਨੂੰ, ਗੁਰਪ੍ਰੀਤ ਸਿੰਘ, ਰੇਸ਼ਮ ਸਿੰਘ, ਝੰਡਾ ਸਿੰਘ ਜੇਠੂਕੇ, ਪ੍ਰਮੋਦ ਕੁਮਾਰ ਤੇ ਗੁਰਬਾਜ਼ ਸਿੰਘ ਸਿੱਧਵਾਂ ਵੱਲੋਂ ਕੀਤੀ ਗਈ।