ਸਰਕਾਰ ਦੀਆਂ ਅਡਵਾਇਜ਼ਰੀਆਂ ਨੂੰ ਧਿਆਨ ਵਿੱਚ ਰੱਖਣ ਸਬੰਧੀ ਕੀਤੀ ਹਦਾਇਤ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 01 ਜੂਨ 2020: ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਪੱਤਰ ਤੇ ਅਮਲ ਕਰਦਿਆਂ ਜ਼ਿਲ੍ਹੇ ਵਿੱਚ ਜੇਕਰ ਕੋਈ ਵਿਅਕਤੀ ਮਾਸਕ ਨਹੀ ਪਹਿਨੇਗਾ ਤਾਂ ਉਸਨੂੰ 500/-ਰਪਏ,ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਨੂੰ 2000/- ਰੁਪਏ ਅਤੇ ਜਨਤਕ ਸਥਾਨ ਤੇ ਥੁੱਕਣ ਵਾਲੇ ਵਿਅਕਤੀ ਨੂੰ 500/- ਰੁਪਏ ਮੌਕੇ ਤੇ ਜ਼ੁਰਮਾਨਾ ਕੀਤਾ ਜਾ ਸਕਦਾ ਹੈ।ਡਾ.ਰਜਿੰਦਰ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਚਲਾਣ ਕੱਟਣ ਲਈ ਸਿਹਤ ਵਿਭਾਗ ਦੇ ਸਹਾਇਕ ਸਿਵਲ ਸਰਜਨ,ਸਮੂਹ ਸੀਨੀਅਰ ਮੈਡੀਕਲ ਅਫਸਰ ਇ:ਸਿਹਤ ਸੰਸਥਾਵਾਂ,ਜ਼ਿਲ੍ਹਾ ਸਿਹਤ ਅਫਸਰ,ਡਰੱਗ ਇੰਸਪੈਕਟਰ,ਫੂਡ ਇੰਸਪੈਕਟਰ,ਨੋਡਲ ਅਫਸਰ ਤੰਬਾਕੂ ਕੰਟਰੋਲ ਸੈੱਲ,ਮਾਸ ਮੀਡੀਆ ਅਫਸਰ,ਡਿਪਟੀ ਮਾਸ ਮੀਡੀਆ ਅਫਸਰ,ਬਲਾਕ ਐਕਸਟੈਂਸਨ ਐਜੂਕੇਟਰ ਅਤੇ ਮਲਟੀ ਪਰਪਜ਼ ਹੈਲਥ ਸੁਪਰਵਾਈਜ਼ਰ ਨੂੰ ਕਾਪੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਅਡਵਾਇਜ਼ਰੀਆਂ ਨੂੰ ਧਿਆਨ ਵਿੱਚ ਰੱਖਣ ਸਬੰਧੀ ਹਦਾਇਤ ਵੀ ਕੀਤੀ।ਉਨ੍ਹਾਂ ਘਰ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕੋਵਾ ਐਪ ਡਾਉਨਲੋਡ ਕਰਵਾਉਣ ਲਈ ਸਮੂਹ ਫੀਲਡ ਸਟਾਫ ਨੂੰ ਪੰਚਾਇਤਾਂ ਨਾਲ ਤਾਲਮੇਲ ਬਨਾਉਣ ਦੀ ਹਦਾਇਤ ਕੀਤੀ।