ਸਿਹਤ ਵਿਭਾਗ ਦੇ ਅਧਿਕਾਰੀ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਵਿਆਪਕ ਨਮੂਨੇ ਅਤੇ ਸੰਪਰਕ ਟਰੇਸਿੰਗ ਨੂੰ ਯਕੀਨੀ ਬਣਾ ਰਹੇ ਹਨ
ਐਸ ਏ ਐਸ ਨਗਰ, 21 ਜੂਨ 2020: "ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੀ ਵਿਸ਼ਾਲਤਾ ਤੋਂ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਮਹਾਂਮਾਰੀ ਨਾਲ ਲੜਨ ਲਈ ਪ੍ਰਭਾਵਸ਼ਾਲੀ ਕਦਮਾਂ ਨੂੰ ਯਕੀਨੀ ਬਣਾ ਰਹੇ ਹਨ।" ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੀਤਾ।
ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀ ਹਾਲਾਤ ਦਾ ਡਟਵਾਂ ਮੁਕਾਬਲਾ ਕਰ ਰਹੇ ਹਨ ਅਤੇ ਜਦੋਂ ਤੋਂ ਮਾਰਚ ਵਿੱਚ ਤਾਲਾਬੰਦੀ ਲਾਗੂ ਕੀਤੀ ਗਈ ਹੈ, ਸਿਹਤ ਵਿਭਾਗ ਦੇ ਡਾਕਟਰ ਅਤੇ ਪੈਰਾ ਮੈਡਿਕਸ ਲੋਕਾਂ ਦੀਆਂ ਮੈਡੀਕਲ ਜ਼ਰੂਰਤਾਂ ਪੂਰੀਆਂ ਕਰਨ ਲਈ ਫੀਲਡ ਵਿੱਚ ਕੰਮ ਕਰ ਰਹੇ ਹਨ ਅਤੇ ਹੁਣ ਤੱਕ, ਕੁੱਲ 11200 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਵਿਚੋਂ 10596 ਨਮੂਨੇ ਨੈਗਟਿਵ ਪਾਏ ਗਏ ਹਨ ਜੋ ਕਿ 94 ਫੀਸਦੀ ਤੱਕ ਹੈ।
ਹੁਣ ਤੱਕ, ਜ਼ਿਲ੍ਹੇ ਵਿੱਚ ਕੁੱਲ 218 ਪਾਜੇਟਿਵ ਮਾਮਲਿਆਂ ਵਿਚੋਂ 139 ਠੀਕ ਹੋ ਗਏ ਹਨ ਜਦਕਿ ਐਕਟਿਵ ਮਾਮਲੇ 76 ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।
ਜ਼ਿਲ੍ਹਾ ਅਧਿਕਾਰੀਆਂ ਦਾ ਧਿਆਨ ਵਧੇਰੇ ਜੋਖਮ ਵਾਲੇ ਖੇਤਰਾਂ ਵਿਚ ਸੰਪਰਕ ਟਰੇਸਿੰਗ ਤੋਂ ਇਲਾਵਾ ਵਿਆਪਕ ਨਮੂਨੇ ਲੈਣ 'ਤੇ ਹੈ। ਇਸ ਤੋਂ ਇਲਾਵਾ, ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਣ ਲਈ ਤਿਆਰ ਕੀਤੀ ਗਈ ਰਣਨੀਤੀ ਦੇ ਇਕ ਹਿੱਸੇ ਵਜੋਂ, ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਵਿਖੇ ਦੂਜੇ ਰਾਜਾਂ ਤੋਂ ਵਾਪਸ ਆਉਣ ਵਾਲੇ ਲੋਕਾਂ ਲਈ ਅਤੇ ਜ਼ਿਲ੍ਹੇ ਨਾਲ ਸਬੰਧਤ ਲੋਕਾਂ ਦੀ ਵਿਆਪਕ ਸੈਂਪਲਿੰਗ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ, ਜ਼ਿਲੇ ਵਿਚ ਵਿਸ਼ੇਸ਼ ਤੌਰ 'ਤੇ ਦਿਹਾਤੀ ਖੇਤਰਾਂ ਵਿੱਚ ਸਿਹਤ ਵਿਭਾਗ ਦੇ ਪ੍ਰੋਟੋਕੋਲਾਂ ਜਿਵੇਂ ਬਾਹਰ ਜਾਣ ਵੇਲੇ ਮਾਸਕ ਪਹਿਨਣਾ, ਸਹੀ ਸਮਾਜਿਕ ਦੂਰੀ ਬਣਾਈ ਰੱਖਣਾ, ਜਿੰਨੇ ਵਾਰ ਸੰਭਵ ਹੋ ਸਕੇ ਸਾਬਣ ਨਾਲ ਲਗਾਤਾਰ 20 ਸਕਿੰਟਾਂ ਲਈ ਹੱਥ ਧੋਣ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਯਮਿਤ ਅੰਤਰਾਲਾਂ ‘ਤੇ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ।