74 ਵੇਂ ਸੁਤੰਤਰਤਾ ਦਿਵਸ 'ਤੇ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਆਯੋਜਿਤ ਹੋਇਆ ਸਾਦਾ ਸਮਾਰੋਹ
ਮੁੱਖ ਮਹਿਮਾਨ ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਨੇ ਪ੍ਰੋਗਰਾਮ ਦੇ ਪਹਿਲਾ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਮੱਥਾ ਟੇਕਿਆ
ਫਿਰੋਜ਼ਪੁਰ, 15 ਅਗਸਤ 2020: 74 ਵੇਂ ਸੁਤੰਤਰਤਾ ਦਿਵਸ ਸਮਾਰੋਹ ਤੇ ਸ਼ਨੀਵਾਰ ਨੂੰ ਫਿਰੋਜ਼ਪੁਰ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ. ਸੁਮੇਰ ਸਿੰਘ ਗੁਰਜਰ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਤੋਂ ਸਲਾਮੀ ਲਈ ਅਤੇ ਉੱਥੇ ਮੌਜੂਦ ਲੋਕਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਦੇ ਨਾਲ ਫਿਰੋਜ਼ਪੁਰ ਗ੍ਰਾਮੀਣ ਹਲਕੇ ਤੋਂ ਵਿਧਾਇਕ ਸ੍ਰੀਮਤੀ ਸਤਿਕਾਰ ਕੌਰ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਗੁਰਪਾਲ ਸਿੰਘ ਚਾਹਲ, ਐਸਐਸਪੀ ਫਿਰੋਜ਼ਪੁਰ ਸ੍ਰੀ ਭੁਪਿੰਦਰ ਸਿੰਘ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਡਵੀਜ਼ਨਲ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ, ਵਿਧਾਇਕ ਸ੍ਰੀਮਤੀ ਸਤਿਕਾਰ ਕੌਰ, ਡਿਪਟੀ ਕਮਿਸ਼ਨਰ ਸ੍ਰੀ ਗੁਰਪਾਲ ਸਿੰਘ ਚਾਹਲ ਅਤੇ ਐਸਐਸਪੀ ਭੁਪਿੰਦਰ ਸਿੰਘ ਨੇ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ੍ਰੀ ਗੁਰਜਰ ਨੇ ਕਿਹਾ ਕਿ ਅੱਜ ਇਨ੍ਹਾਂ ਸ਼ਹੀਦਾਂ ਸਦਕਾ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਅਤੇ ਦੇਸ਼ ਕਦੀ ਵੀ ਸਾਡੇ ਸ਼ਹੀਦਾਂ ਦਾ ਕਰਜ਼ਾ ਨਹੀਂ ਮੋੜ ਸਕਦਾ। ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਆਯੋਜਨ ਸਥਾਨ 'ਤੇ ਹੈਂਡ ਸੈਨੀਟਾਈਜ਼ਰ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਸਟੇਡੀਅਮ ਵਿਚ ਆਉਣ ਵਾਲੇ ਸਾਰੇ ਲੋਕਾਂ ਦੇ ਹੱਥਾਂ ਨੂੰ ਸੈਨੇਟਾਈਜ਼ਰ ਨਾਲ ਸਾਫ਼ ਕਰਵਾਇਆ ਗਿਆ, ਨਾਲ ਨਾਲ ਸਮਾਜਕ ਦੂਰੀਆਂ ਨੂੰ ਧਿਆਨ ਵਿਚ ਰੱਖਦਿਆਂ ਕੁਰਸੀਆਂ ਲਗਾਈਆਂ ਗਈਆਂ।
ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿੱਚ ਸ੍ਰੀ ਗੁਰਜਰ ਨੇ ਲੋਕਾਂ ਤੋਂ ਕੋਰੋਨਾ ਵਾਇਰਸ 'ਤੇ ਜਿੱਤ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਅੱਜ ਪੂਰੀ ਦੁਨੀਆ ਜਿਸ ਪ੍ਰਸਥਿਤੀਆਂ ਨਾਲ ਗੁਜ਼ਰ ਰਹੀ ਹੈ, ਉਸ ਨੂੰ ਸਿਰਫ਼ ਲੋਕਾਂ ਦੇ ਸਹਿਯੋਗ ਨਾਲ ਹੀ ਬਦਲਿਆ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਹੱਥ ਧੋਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵਾਇਰਸ ਬਾਰੇ ਸੰਦੇਹ ਹੋਣ ਤੇ ਸਰਕਾਰੀ ਹਸਪਤਾਲ ਜਾ ਕੇ ਬੇਝਿਜਕ ਆਪਣਾ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਮਹਾਂਮਾਰੀ ਤੇ ਜਿੱਤ ਹਾਸਲ ਕਰਨ ਲਈ ਵਿਸਥਾਰਤ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਦੇ ਤਹਿਤ ਪਟਿਆਲਾ, ਫ਼ਰੀਦਕੋਟ ਅਤੇ ਅੰਮ੍ਰਿਤਸਰ ਮੈਡੀਕਲ ਕਾਲਜਾਂ ਵਿੱਚ ਪਲਾਜ਼ਮਾ ਬੈਂਕ ਸਥਾਪਤ ਕੀਤੇ ਗਏ ਹਨ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਨੂੰ ਆਪਣਾ ਪਲਾਜ਼ਮਾ ਦਾਨ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਗੁਰਜਰ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ 12 ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚੇ ਵੀ ਆਨਲਾਈਨ ਕਲਾਸਾਂ ਲਗਵਾ ਸਕਣ। ਨਵੰਬਰ ਮਹੀਨੇ ਤੱਕ 1.74 ਲੱਖ ਸਮਾਰਟ ਫੋਨ ਵੰਡੇ ਜਾਣਗੇ, ਜਿਸ 'ਤੇ 92 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।
ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟਾਸਕ ਫੋਰਸ ਬਣਾਈ ਗਈ ਸੀ। ਐਨਡੀਪੀਐਸ ਐਕਟ ਤਹਿਤ 38,216 ਕੇਸ ਦਰਜ ਕੀਤੇ ਗਏ ਹਨ ਅਤੇ 48,273 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕਦਮਾਂ ਕਾਰਨ ਪ੍ਰਤੀਬੰਧਿਤ ਦਵਾਈਆਂ ਅਤੇ ਹੋਰ ਨਸ਼ਿਆਂ ਦੀ ਸਪਲਾਈ ਵਿੱਚ 50 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬੱਡੀਜ਼ ਪ੍ਰਾਜੈਕਟ ਰਾਹੀਂ 37.20 ਲੱਖ ਸਕੂਲੀ ਬੱਚਿਆਂ ਨੂੰ ਜੋੜਿਆ ਗਿਆ ਹੈ ਅਤੇ ਡਰੱਗ ਐਬਿਯੂਜ਼ ਪ੍ਰੀਵੇਂਸ਼ਨ ਅਫ਼ਸਰ ਪ੍ਰੋਗਰਾਮ ਦੇ ਤਹਿਤ 6.13 ਲੱਖ ਵਲੰਟੀਅਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮਾਜਿਕ ਸੁਰੱਖਿਆ ਦੇ ਤਹਿਤ ਮਿਲਣ ਵਾਲੀ ਪੈਨਸ਼ਨ ਨੂੰ ਵਧਾ ਕੇ 750 ਰੁਪਏ ਕਰ ਦਿੱਤੀ ਹੈ ਅਤੇ ਰਾਜ ਦੇ 24 ਲੱਖ ਲੋਕ ਇਸ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਹੁਣ ਤਕਰੀਬਨ 58 ਹਜ਼ਾਰ ਉਮੀਦਵਾਰਾਂ ਨੂੰ ਕੈਪਟਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀ ਹਨ, ਜਦੋਂ ਕਿ 7 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦਿੱਤਾ ਜਾ ਚੁੱਕਾ ਹੈ ਅਤੇ ਕਰੀਬ 4 ਲੱਖ ਨੌਜਵਾਨਾਂ ਨੂੰ ਨਿੱਜੀ ਖੇਤਰ ਵਿੱਚ ਨੌਕਰੀਆਂ ਦਿੱਤੀਆਂ ਹਨ। ਫਿਰੋਜ਼ਪੁਰ ਜ਼ਿਲ੍ਹੇ ਵਿਚ ਹੀ 11 ਹਜ਼ਾਰ 714 ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏ ਗਏ ਹਨ ਅਤੇ 13 ਹਜ਼ਾਰ 43 ਲੋਕਾਂ ਨੂੰ ਸਵੈ-ਰੁਜ਼ਗਾਰ ਦੇ ਖੇਤਰ ਵਿਚ ਸਹਾਇਤਾ ਕੀਤੀ ਗਈ ਹੈ। 24 ਤੋਂ 30 ਸਤੰਬਰ ਤੱਕ ਲਗਾਏ ਗਏ ਰੋਜ਼ਗਾਰ ਮੇਲਿਆਂ ਵਿੱਚ ਫਿਰੋਜ਼ਪੁਰ ਵਿੱਚ 2 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ।
ਡਵੀਜ਼ਨਲ ਕਮਿਸ਼ਨਰ ਨੇ ਦੱਸਿਆ ਕਿ ਕਰਜ਼ਾ ਮੁਆਫ਼ੀ ਪ੍ਰੋਗਰਾਮ ਤਹਿਤ ਰਾਜ ਵਿੱਚ 5 ਲੱਖ ਤੋਂ ਵੱਧ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ, ਜਿਸ ਵਿਚੋਂ ਫਿਰੋਜ਼ਪੁਰ ਦੇ 26,759 ਕਿਸਾਨਾਂ ਦਾ 221,10,72,195 ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ। ਇਸ ਤੋਂ ਇਲਾਵਾ ਰਾਜ ਵਿਚ 2.85 ਲੱਖ ਖੇਤ ਮਜ਼ਦੂਰਾਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸੜਕੀ ਆਵਾਜਾਈ ਨੂੰ ਬਿਹਤਰ ਬਣਾਉਣ ਲਈ ਬਹੁਤ ਸਾਰੇ ਕੰਮ ਚੱਲ ਰਹੇ ਹਨ, ਜਿਸ ਤਹਿਤ ਫਿਰੋਜ਼ਪੁਰ ਵਿੱਚ 64 ਕਰੋੜ ਰੁਪਏ ਦੀ ਲਾਗਤ ਨਾਲ 350 ਕਿਲੋਮੀਟਰ ਲੰਬੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 13 ਕਰੋੜ ਰੁਪਏ ਨਾਲ ਸੀਵਰੇਜ ਅਤੇ ਪਾਣੀ ਦੀ ਸਪਲਾਈ ਦੀ ਪਹੁੰਚ ਬਣਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੌਸ਼ਟਿਕ ਭੋਜਨ ਅਤੇ ਪ੍ਰਾਰੰਭਿਕ ਸਿੱਖਿਆ ਮੁਹੱਈਆ ਕਰਵਾਉਣ ਲਈ 17.60 ਕਰੋੜ ਰੁਪਏ ਦੀ ਲਾਗਤ ਨਾਲ 200 ਆਂਗਣਵਾੜੀ ਸੈਂਟਰ ਬਣਾਏ ਜਾ ਰਹੇ ਹਨ।
ਫਿਰੋਜ਼ਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 6.70 ਕਰੋੜ ਰੁਪਏ ਦੀ ਲਾਗਤ ਨਾਲ 646 ਆਰਓ ਸਿਸਟਮ ਲਗਾਏ ਗਏ ਹਨ। ਫਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਮਿਡਲ ਅਤੇ ਹਾਈ ਸਕੂਲਾਂ ਵਿਚ 282 ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨਾਂ ਲਗਾਈਆਂ ਗਈਆਂ ਹਨ, ਜਿਸ 'ਤੇ 1.87 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਮਹਿਲਾਵਾਂ ਦੀ ਭਲਾਈ ਲਈ ਸਰਕਾਰ ਨੇ ਸ਼ਹਿਰੀ ਸੰਸਥਾ ਚੋਣਾਂ ਵਿਚ ਉਨ੍ਹਾਂ ਲਈ 50 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਹੈ। ਵਾਤਾਵਰਣ ਨੂੰ ਸੰਭਾਲਣ ਲਈ ਰਾਜ ਵਿਚ 77 ਲੱਖ ਬੂਟੇ ਲਗਾਏ ਗਏ ਹਨ ਜਿਸ ਨਾਲ ਜੰਗਲ ਦੇ ਖੇਤਰ ਵਿਚ 11,363 ਹੈਕਟੇਅਰ ਦਾ ਵਾਧਾ ਹੋਇਆ ਹੈ। ਫਿਰੋਜ਼ਪੁਰ ਦੇ ਪੀਜੀਆਈ ਸੈਟੇਲਾਈਟ ਦੇ ਲਈ ਰਾਜ ਸਰਕਾਰ ਵੱਲੋਂ ਸਾਰੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ। 27 ਏਕੜ ਜ਼ਮੀਨ ਵੀ ਪੀਜੀਆਈ ਮੈਨੇਜਮੈਂਟ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਹੈ, ਜਿਸ 'ਤੇ ਜਲਦੀ ਹੀ ਪੀਜੀਆਈ ਸੈਂਟਰ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਪਰਮਿੰਦਰਪਾਲ ਸਿੰਘ, ਏਡੀਸੀ ਰਾਜਦੀਪ ਕੌਰ, ਐਸਡੀਐਮ ਸ੍ਰੀ ਅਮਿਤ ਗੁਪਤਾ, ਡੀਐਸਪੀ ਕਰਨਸ਼ੇਰ ਸਿੰਘ, ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਸਮੇਤ ਕਈ ਅਧਿਕਾਰੀ ਵੀ ਹਾਜ਼ਰ ਸਨ।